ਲੌਂਗੋਵਾਲ/ਸੁਨਾਮ, 8 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸੁਨਾਮ ਵਿਧਾਨ ਸਭਾ ਹਲਕੇ ਦੇ 40 ਪਿੰਡਾਂ ਵਿੱਚ 59 ਵੱਖ-ਵੱਖ ਵਿਕਾਸ ਕਾਰਜਾਂ ਲਈ 02 ਕਰੋੜ 60 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਪੰਚਾਇਤਾਂ ਨੂੰ ਸੌਂਪੇ ਗਏ ਹਨ।
ਲੌਂਗੋਵਾਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਦਾ ਬਰਾਬਰ ਵਿਕਾਸ ਕਰਨਾ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਰੱਖੀਆਂ ਜਾ ਰਹੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਸ਼੍ਰੀ ਅਮਨ ਅਰੋੜਾ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਦੀ ਵਰਤੋਂ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਲੋਕ ਹਿੱਤ ਵਿੱਚ ਕੀਤੀ ਜਾਵੇ ਅਤੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।
ਰੋਜ਼ਗਾਰ ਦੇ ਮੁੱਦੇ ’ਤੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਯੋਗਤਾ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫ਼ਾਰਸ਼ ਦੇ, ਸਿਰਫ਼ ਉਨ੍ਹਾਂ ਦੀ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਸਰਕਾਰ ਦੀ ਨੀਤੀ ‘ਬਿਨਾਂ ਕੈਸ਼, ਬਿਨਾਂ ਫ਼ਰਮਾਇਸ਼’ ’ਤੇ ਆਧਾਰਿਤ ਹੈ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਯੋਗਤਾ ਦੇ ਬਲਬੂਤੇ ਅੱਗੇ ਵਧਣ ਦਾ ਮੌਕਾ ਦਿੱਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਵਿਰੋਧੀ ਪਾਰਟੀਆਂ ਦੀ ਕਾਰਗੁਜ਼ਾਰੀ ਅਤੇ ਉਨ੍ਹਾਂ ਦੀ ਰਾਜਨੀਤੀ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਲੋਕਾਂ ਨੇ ਹੁਣ ਵਿਕਾਸ, ਸਿੱਖਿਆ, ਸਿਹਤ, ਰੋਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦੇਣ ਵਾਲੀ ਸਿਆਸਤ ਨੂੰ ਅਪਣਾਇਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੁਨਾਮ ਹਲਕੇ ਦੇ ਲੋਕਾਂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਅਤੇ ਸਹਿਯੋਗ ਦਿੱਤਾ ਹੈ ਅਤੇ ਉਹ ਹਲਕੇ ਦੇ ਲੋਕਾਂ ਨੂੰ ਆਪਣੇ ਵੱਡੇ ਪਰਿਵਾਰ ਦਾ ਹਿੱਸਾ ਮੰਨਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ, ਉਨ੍ਹਾਂ ਦਾ ਹੱਲ ਕਰਵਾਉਣਾ ਅਤੇ ਹਲਕੇ ਦੇ ਵਿਕਾਸ ਨੂੰ ਗਤੀ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ।
ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਦਿਨ-ਰਾਤ ਯਤਨਸ਼ੀਲ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸੁਨਾਮ ਹਲਕੇ ਨੂੰ ਵਿਕਾਸ ਪੱਖੋਂ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।
ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਪਿੰਡਾਂ ਦੇ ਵਸਨੀਕ ਹਾਜ਼ਰ ਸਨ।