ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੌਰਾਨ ਸਰਪੰਚਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੌਰਾਨ ਸਰਪੰਚਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਤਰਨ ਤਾਰਨ, 3 ਸਤੰਬਰ :       ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਲਈ ਜ਼ਿਲ੍ਹਾ ਪੱਧਰੀ ਟ੍ਰੇਨਿੰਗ/ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ 9 ਬਲਾਕਾਂ ਦੇ ਸਰਪੰਚ ਸਾਹਿਬਾਨ ਨੇ ਭਾਗ ਲਿਆ।

ਵਰਕਸ਼ਾਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਹਿਤੈਸ਼ੀ ਸਕੀਮਾਂ ਅਤੇ ਵਿਕਾਸ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ‘ਮੇਰਾ ਘਰ ਮੇਰੇ ਨਾਮ’ ਸਕੀਮ ਸਬੰਧੀ ਵੀ ਸਰਪੰਚਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਸਕੀਮ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਗ੍ਰਾਮ ਪੰਚਾਇਤਾਂ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ ਗਿਆ।

ਇਸ ਤੋਂ ਇਲਾਵਾ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਚਲਾਈ ਜਾ ਰਹੀ ’12-ਵਾਟ ਐਲ.ਈ.ਡੀ ਬੇਸਡ ਸੋਲਰ ਸਟਰੀਟ ਲਾਈਟਸ ਸਕੀਮ’ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਸਰਪੰਚਾਂ ਨੂੰ ਪਿੰਡਾਂ ਵਿੱਚ ਸੋਲਰ ਸਟਰੀਟ ਲਾਈਟਾਂ ਦੀ ਸਥਾਪਨਾ ਅਤੇ ਇਸ ਸਬੰਧੀ ਗ੍ਰਾਮ ਪੰਚਾਇਤ ਦੇ ਹਿੱਸੇ ਬਾਰੇ ਜਾਣੂ ਕਰਵਾਇਆ ਗਿਆ। ਇਸ ਸਕੀਮ ਤਹਿਤ ਰਾਜ ਸਰਕਾਰ ਵੱਲੋਂ 70 ਫੀਸਦੀ ਹਿੱਸਾ ਅਤੇ ਗ੍ਰਾਮ ਪੰਚਾਇਤ ਵੱਲੋਂ 30 ਫੀਸਦੀ ਹਿੱਸਾ ਪਾਉਣ ਦੀ ਵਿਵਸਥਾ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਹੋਰ ਖ਼ਬਰਾਂ :-  ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. ਅਤੇ ਆਰ.ਏ. 30,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

ਵਰਕਸ਼ਾਪ ਦੌਰਾਨ ਸੋਲਿਡ ਵੇਸਟ ਮੈਨੇਜਮੈਂਟ ਰੂਲਸ, 2026 ਨੂੰ ਹਰੇਕ ਗ੍ਰਾਮ ਪੰਚਾਇਤ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਸਰਪੰਚਾਂ ਨੂੰ  ‘4-ਵੇਅ ਵੇਸਟ ਸੈਗਰੀਗੇਸ਼ਨ’, ਸਰੋਤ ਪੱਧਰ ’ਤੇ ਕੂੜੇ ਦੀ ਛਾਂਟੀ, ਘਰ-ਘਰ ਕੂੜਾ ਇਕੱਠਾ ਕਰਨ ਅਤੇ ਠੋਸ ਕੂੜੇ ਦੇ ਵਿਗਿਆਨਕ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ  ਏ.ਡੀ.ਸੀ. (ਵਿਕਾਸ), ਤਰਨ ਤਾਰਨ ਸੰਜੀਵ ਕੁਮਾਰ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਨੇ ਸਰਪੰਚਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਿੰਡ ਪੱਧਰ ਤੱਕ ਪਹੁੰਚਾਉਣ, ਵਿਕਾਸ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।

ਉਨ੍ਹਾਂ ਵੱਲੋਂ ਸਾਫ਼-ਸੁਥਰੇ, ਕੂੜਾ-ਮੁਕਤ ਅਤੇ ਵਾਤਾਵਰਣ ਪੱਖੋਂ ਸਿਹਤਮੰਦ ਪਿੰਡਾਂ ਦੀ ਸਿਰਜਣਾ ਲਈ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ।

ਵਰਕਸ਼ਾਪ ਵਿੱਚ ਬਲਾਕ ਤਰਨ ਤਾਰਨ, ਗੰਡੀਵਿੰਡ, ਭਿੱਖੀਵਿੰਡ, ਵਲਟੋਹਾ, ਪੱਟੀ, ਨੌਸ਼ਹਿਰਾ ਪੰਨੂਆਂ, ਚੋਹਲਾ ਸਾਹਿਬ, ਖਡੂਰ ਸਾਹਿਬ ਅਤੇ ਨਾਗੋਕੇ ਦੇ ਸਰਪੰਚ ਸਾਹਿਬਾਨਾਂ ਨੇ ਭਾਗ ਲਿਆ। 

Leave a Reply

Your email address will not be published. Required fields are marked *