ਮਾਵਾਂ-ਧੀਆਂ ਸਤਿਕਾਰ ਯੋਜਨਾ ਦੀਆਂ ‘ਸਖੀਆਂ’ ਦਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਸਨਮਾਨ

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀਆਂ ‘ਸਖੀਆਂ’ ਦਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਸਨਮਾਨ

ਸੰਗਰੂਰ, 5 ਸਤੰਬਰ:     ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਸਨਮਾਨ, ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪਿੰਡ ਘਾਬਦਾ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਯੋਜਨਾ ਨਾਲ ਜੁੜੀਆਂ ‘ਸਖੀਆਂ’ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾਵਾਂ ਨੂੰ ਸਮਾਜ ਵਿੱਚ ਬਣਦਾ ਸਨਮਾਨ ਦਿਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਆਤਮਨਿਰਭਰ ਬਣਾਉਣ ਵੱਲ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ‘ਸਖੀਆਂ’ ਇਸ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।

ਹੋਰ ਖ਼ਬਰਾਂ :-  ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਮਜ਼ਬੂਤੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਪਹਿਲਕਦਮੀ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਯਤਨ ਨਿਰੰਤਰ ਜਾਰੀ ਰਹਿਣਗੇ।

ਵਿਧਾਇਕਾ ਨੇ ਸਨਮਾਨਿਤ ‘ਸਖੀਆਂ’ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਇਲਾਕੇ ਦੀਆਂ ਹੋਰ ਮਹਿਲਾਵਾਂ ਨੂੰ ਸਰਕਾਰੀ ਭਲਾਈ ਸਕੀਮਾਂ, ਮਹਿਲਾ ਅਧਿਕਾਰਾਂ ਅਤੇ ਆਤਮਨਿਰਭਰਤਾ ਸਬੰਧੀ ਜਾਗਰੂਕ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵੀਰ ਕੌਰ ਸ਼ੇਰਗਿੱਲ ਤੋਂ ਇਲਾਵਾ ਮਹਿਲਾ ਆਗੂ ਸੁਰਜੀਤ ਕੌਰ, ਨਰਿੰਦਰ ਕੌਰ, ਸੁਰਬੀ ਧੀਮਾਨ ਅਤੇ ਮਨਦੀਪ ਕੌਰ ਵੀ ਹਾਜ਼ਰ ਰਹੇ। 

Leave a Reply

Your email address will not be published. Required fields are marked *