ਅੱਜ ਅਬੋਹਰ (ਫਾਜਿਲਕਾ) ਵਿਖੇ ਮੁੱਖ ਮੰਤਰੀ ਪੰਜਾਬ ਵੱਲ਼ੋਂ ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ।
ਪੰਜਾਬ ਭਰ ਵਿੱਚ ਭਾਰੀ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਇਸ ਘੜੀ ਵਿਚ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇਨ੍ਹਾਂ ਕਿਸਾਨਾਂ ਨੂੰ ਖੁਦ ਮੁਆਵਜਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਸੂਬਾ ਸਰਕਾਰ ਨੇ ਪਹਿਲੇ ਦਿਨ 40 ਕਰੋੜ ਰੁਪਏ ਦੀ ਮੁਆਵਜਾ ਰਾਸ਼ੀ ਵੰਡ ਕੇ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਅਮਲ ਸ਼ੁਰੂ ਕਰ ਦਿੱਤਾ ਹੈ।
ਅੱਜ ਇੱਥੇ ਲਗਾਤਾਰ ਮੀਂਹ ਕਾਰਨ ਹੋਏ ਫਸਲਾਂ ਅਤੇ ਘਰਾਂ ਨੁਕਸਾਨ ਲਈ ਮੁਆਵਜ਼ਾ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ 362 ਪਿੰਡਾਂ ਨੂੰ ਮੁਆਵਜ਼ੇ ਵਜੋਂ ਕੁੱਲ 12.94 ਕਰੋੜ ਰੁਪਏ ਵਿੱਚੋਂ 6 ਕਰੋੜ ਰੁਪਏ ਖੁਦ ਵੰਡੇ ਹਨ। ਭਗਵੰਤ ਮਾਨ ਨੇ ਕਿਹਾ, “ਅੱਜ ਦੇ ਦਿਨ ਨੂੰ ਖੁਸ਼ੀ ਵਾਲਾ ਦਿਨ ਨਹੀਂ ਆਖਿਆ ਜਾ ਸਕਦਾ ਕਿਉਂਕਿ ਮੈਂ ਕੁਦਰਤ ਦੇ ਕਹਿਰ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਇੱਥੇ ਆਇਆ ਹਾਂ। ਸੰਕਟ ਦੀ ਇਸ ਘੜੀ ਵਿੱਚ ਪ੍ਰਭਾਵਿਤ ਹੋਏ ਲੋਕਾਂ ਖਾਸ ਕਰਕੇ ਕਿਸਾਨਾਂ ਨੂੰ ਰਾਹਤ ਦੇਣ ਲਈ ਤੁਹਾਡੀ ਸਰਕਾਰ ਦ੍ਰਿੜ ਵਚਨਬੱਧ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਮੀਂਹ ਪੈਣ ਤੋਂ ਬਾਅਦ ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਹੋਏ ਭਾਰੀ ਨੁਕਸਾਨ ਨੂੰ ਦੇਖ ਕੇ ਉਨ੍ਹਾਂ ਦਾ ਮਨ ਦੁਖੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਤੁਰੰਤ ਬਾਅਦ ਸੂਬਾ ਸਰਕਾਰ ਨੇ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਆਪਕ ਪੱਧਰ ਉਤੇ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ।