ਰੂਪਨਗਰ, 1 ਸਤੰਬਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਨਗਰ ਕੌਂਸਲ ਰੂਪਨਗਰ ਵਿਖੇ 61.74 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੱਥ-ਕਮ-ਲਾਇਬ੍ਰੇਰੀ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ।
ਨੀਂਹ ਪੱਥਰ ਰੱਖਣ ਦੀ ਰਸਮ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸ੍ਰੀ ਇੰਦਰਪਾਲ ਸਿੰਘ (ਰਾਜੂ ਸਤਿਆਲ) ਸਮੇਤ ਨਗਰ ਕੌਂਸਲ ਦੇ ਅਧਿਕਾਰੀ, ਨੁਮਾਇੰਦੇ ਅਤੇ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਤਿਆਗ, ਨਿਰਭੈਤਾ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਦੀ ਮਹਾਨ ਮਿਸਾਲ ਹੈ। ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਕੇ ਕਰਵਾਏ ਜਾ ਰਹੇ ਅਜਿਹੇ ਕਾਰਜ ਗੁਰੂ ਸਾਹਿਬ ਦੀ ਮਹਾਨ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਉਨ੍ਹਾਂ ਕਿਹਾ ਕਿ 61.74 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਇਹ ਸੱਥ-ਕਮ-ਲਾਇਬ੍ਰੇਰੀ ਇਲਾਕਾ ਵਾਸੀਆਂ ਲਈ ਇੱਕ ਮਹੱਤਵਪੂਰਨ ਜਨਤਕ ਸਹੂਲਤ ਸਾਬਤ ਹੋਵੇਗੀ। ਇੱਥੇ ਲੋਕਾਂ ਨੂੰ ਇਕੱਠੇ ਬੈਠਣ, ਵਿਚਾਰ-ਵਟਾਂਦਰਾ ਕਰਨ ਅਤੇ ਪੁਸਤਕਾਂ ਰਾਹੀਂ ਗਿਆਨ ਹਾਸਲ ਕਰਨ ਲਈ ਢੁੱਕਵਾਂ ਸਥਾਨ ਮਿਲੇਗਾ। ਖ਼ਾਸ ਕਰਕੇ ਨੌਜਵਾਨਾਂ ਅਤੇ ਵਿਦਿਆਰਥੀਆਂ ਲਈ ਇਹ ਸਹੂਲਤ ਲਾਹੇਵੰਦ ਰਹੇਗੀ।
ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸ੍ਰੀ ਇੰਦਰਪਾਲ ਸਿੰਘ (ਰਾਜੂ ਸਤਿਆਲ) ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਗਰ ਕੌਂਸਲ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸੱਥ-ਕਮ-ਲਾਇਬ੍ਰੇਰੀ ਦਾ ਨਿਰਮਾਣ ਵੀ ਇਸੇ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।
ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ, ਜੋ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ, ਤਿਆਗ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦਾ ਪ੍ਰਤੀਕ ਬਣੇਗਾ।
ਇਸ ਮੌਕੇ ਹਾਜ਼ਰ ਪਤਵੰਤੇ ਵਿਅਕਤੀਆਂ ਅਤੇ ਇਲਾਕਾ ਵਾਸੀਆਂ ਨੇ ਇਸ ਪ੍ਰਾਜੈਕਟ ਦੀ ਸ਼ੁਰੂਆਤ ਦਾ ਸਵਾਗਤ ਕਰਦਿਆਂ ਕਿਹਾ ਕਿ ਸੱਥ-ਕਮ-ਲਾਇਬ੍ਰੇਰੀ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਇੱਕੋ ਥਾਂ ’ਤੇ ਬੈਠਣ ਅਤੇ ਪੜ੍ਹਨ ਦੀ ਸੁਵਿਧਾ ਮਿਲੇਗੀ ਅਤੇ ਇਹ ਸਥਾਨ ਸਮਾਜਿਕ ਤੇ ਗਿਆਨਵਰਧਕ ਗਤੀਵਿਧੀਆਂ ਲਈ ਵੀ ਲਾਹੇਵੰਦ ਸਾਬਤ ਹੋਵੇਗਾ।
ਇਸ ਮੌਕੇ ਚੇਅਰਮੈਨ ਭਾਗ ਸਿੰਘ ਮਦਾਨ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਕਾਰਜ ਸਾਧਕ ਅਫ਼ਸਰ ਅਸ਼ੋਕ ਕੁਮਾਰ, ਪ੍ਰਧਾਨ ਸੀਨੀਅਰ ਸਿਟੀਜ਼ਨ ਸੁਰਿੰਦਰ ਸਿੰਘ ਤੋਗੜ, ਡਾ. ਆਰਐੱਸ ਪਰਮਾਰ, ਸਹਾਇਕ ਮਿਉਂਸਪਲ ਇੰਜੀਨੀਅਰ ਹਰਪ੍ਰੀਤ ਸਿੰਘ ਭਿਓਰਾ, ਸੀਨੀਅਰ ਵਾਈਸ ਪ੍ਰਧਾਨ ਸੀਨੀਅਰ ਸਿਟੀਜ਼ਨ ਪਰਮਿੰਦਰਬੀਰ ਸਿੰਘ ਚੀਮਾ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।