ਫ਼ਰੀਦਕੋਟ, 1 ਸਤੰਬਰ 2026 ( ): ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ਹਿਰ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਹਲਕਾ ਫ਼ਰੀਦਕੋਟ ਦੇ ਵਾਰਡ ਨੰਬਰ 19 ਦੇ ਡਾ. ਬੀ.ਆਰ. ਅੰਬੇਡਕਰ ਨਗਰ, ਕੰਮੇਆਣਾ ਚੌਕ ਵਿਖੇ ਸਥਿਤ ਸ਼ਮਸ਼ਾਨਘਾਟ ਲਈ ਸ਼ੈੱਡ ਬਣਾਉਣ ਅਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਹ ਸ਼ਮਸ਼ਾਨਘਾਟ ਸ਼ਹਿਰ ਦਾ ਪੁਰਾਣਾ ਸ਼ਮਸ਼ਾਨਘਾਟ ਹੈ ਅਤੇ ਇੱਥੇ ਲੰਮੇ ਸਮੇਂ ਤੋਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਖਾਸ ਕਰਕੇ ਗਰਮੀ ਦੇ ਮੌਸਮ ਵਿੱਚ ਦੁਪਹਿਰ ਸਮੇਂ ਅੰਤਿਮ ਸੰਸਕਾਰ ਲਈ ਆਉਣ ਵਾਲੇ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਨੂੰ ਛਾਂ ਦੀ ਸਹੂਲਤ ਨਾ ਹੋਣ ਕਾਰਨ ਕਾਫ਼ੀ ਪਰੇਸ਼ਾਨੀ ਹੁੰਦੀ ਸੀ।
ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਸ਼ੈੱਡ ਦਾ ਨਿਰਮਾਣ ਅਤੇ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਜਿਸ ਤੇ ਕਰੀਬ 10 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਹ ਸਹੂਲਤ ਇੱਥੇ ਆਉਣ ਵਾਲੇ ਆਮ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ।
ਵਿਧਾਇਕ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਹੜੇ ਵੀ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ, ਉਨ੍ਹਾਂ ਨੂੰ ਸਿਰਫ਼ ਨੀਂਹ ਪੱਥਰਾਂ ਤੱਕ ਸੀਮਤ ਨਹੀਂ ਰੱਖਿਆ ਜਾ ਰਿਹਾ, ਸਗੋਂ ਕੰਮਾਂ ਨੂੰ ਜ਼ਮੀਨੀ ਪੱਧਰ ’ਤੇ ਮੁਕੰਮਲ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਹਰ ਸਮੇਂ ਉਪਲਬਧ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਨਗਰ ਕੌਂਸਲਰਾਂ ਦਾ ਮੁੱਖ ਮਕਸਦ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣਾ ਅਤੇ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਦਲਾਅ ਦੀ ਮੁਹਿੰਮ ਤਹਿਤ ਸਿੱਖਿਆ, ਸਿਹਤ, ਸੜਕਾਂ, ਬੁਨਿਆਦੀ ਢਾਂਚੇ ਅਤੇ ਹੋਰ ਖੇਤਰਾਂ ਵਿੱਚ ਲਗਾਤਾਰ ਕੰਮ ਕੀਤੇ ਜਾ ਰਹੇ ਹਨ।
ਵਿਧਾਇਕ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਵੀ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ੇ ਦੀ ਲਤ ਦਾ ਸ਼ਿਕਾਰ ਲੋਕਾਂ ਨੂੰ ਨਸ਼ਾ ਛੁਡਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸਰਕਾਰ ਦੀ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਮਜ਼ਬੂਤ ਕੀਤੀ ਜਾਵੇਗੀ।
ਇਸ ਮੌਕੇ ਅਮਰਜੀਤ ਸਿੰਘ ਪਰਮਾਰ ਚੇਅਰਮੈਨ ਵਿਮੁਕਤ ਜਾਤੀ ਵੈਲਫੇਅਰ ਬੋਰਡ, ਰਵੀ ਬੁਗਰਾ, ਸਤਵਿੰਦਰ ਸੁੱਖਾ ਐਮ.ਸੀ. ਵਾਰਡ ਨੰਬਰ 14, ਐਮ.ਸੀ. ਕਮਲਜੀਤ ਸਿੰਘ, ਰਾਜੂ ਖਾਲਸਾ ਬਲਾਕ ਪ੍ਰਧਾਨ, ਆਸ਼ੂ, ਸੁਰਿੰਦਰ ਸਿੰਘ, ਦੀਪਕ, ਸੁਰਿੰਦਰ ਕੁਮਾਰ, ਵਾਰਡ ਵਾਸੀਆਂ ਅਤੇ ਸਥਾਨਕ ਲੋਕਾਂ ਵੱਲੋਂ ਸ਼ਮਸ਼ਾਨਘਾਟ ਵਿਖੇ ਇਹ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦਾ ਧੰਨਵਾਦ ਕੀਤਾ ਗਿਆ।