ਪੰਜਾਬ ਸਰਕਾਰ ਵੱਲੋਂ 165 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

Bhagwant Mann and Arvind Kejriwal dedicate 165 more Aam Aadmi Clinics in punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ 165 ਹੋਰ ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਜਿਸ ਨਾਲ ਪੰਜਾਬ ਭਰ ਵਿੱਚ ਕੁੱਲ 829 ਕਲੀਨਿਕਾਂ ਦੇ ਕਾਰਜਸ਼ੀਲ ਹੋਣ ਨਾਲ ਨਵੀਂ ਸਿਹਤ ਕ੍ਰਾਂਤੀ ਦਾ ਆਗਾਜ਼ ਹੋਇਆ।

ਦੋਵਾਂ ਮੁੱਖ ਮੰਤਰੀਆਂ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਇੱਕੋ-ਇੱਕ ਉਦੇਸ਼ ਨਾਲ ਅੱਜ ਇੱਥੇ ਕਲੀਨਿਕਾਂ ਨੂੰ ਸਮਰਪਿਤ ਕੀਤਾ।

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਹੁਣ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਇਹ ਕਲੀਨਿਕ ਉਨ੍ਹਾਂ ਲਈ ਵਰਦਾਨ ਸਾਬਤ ਹੋ ਰਹੇ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹਈਆ ਕਰਨ ਵਿੱਚ ਬਹੁਤ ਸਹਾਈ ਸਿੱਧ ਹੋਏ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਦੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਵਿੱਚ ਇਕ ਕਰੋੜ ਤੋਂ ਵੱਧ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਇਲਾਜ ਕਰਵਾ  ਚੁੱਕੇ ਹਨ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 41 ਕਿਸਮ ਦੇ ਜਾਂਚ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਭ ਤੋਂ ਵੱਧ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਪ੍ਰਚਲਿਤ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਡਾਟਾਬੇਸ ਤਿਆਰ ਕਰਨ ਵਿੱਚ ਸਰਕਾਰ ਦੀ ਮਦਦ ਕੀਤੀ ਹੈ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਦੇ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95% ਤੋਂ ਵੱਧ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਠੀਕ ਹੋ ਜਾਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸੂਬੇ ਦੇ ਸਿਹਤ ਖੇਤਰ ਵਿੱਚ ਇਤਿਹਾਸਕ ਦਿਨ ਹੈ ਕਿਉਂਕਿ ਅੱਜ 165 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਕਲੀਨਿਕ ਸਮਰਪਿਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ, ਸਿਹਤ ਅਤੇ ਬਿਜਲੀ ਖੇਤਰ ਵਿੱਚ ਦਿੱਲੀ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਪੰਜਾਬ ਵਿੱਚ ਵੀ ਦੁਹਰਾਇਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਦਿੱਲੀ ਵਾਂਗ ਪੰਜਾਬ ਲਈ ਕੇਂਦਰ ਵੱਲੋਂ ਫੰਡ ਰੋਕ ਦਿੱਤੇ ਗਏ ਹਨ ਪਰ ਫਿਰ ਵੀ ਸੂਬਾ ਸਰਕਾਰ ਆਮ ਲੋਕਾਂ ਦੇ ਭਲੇ ਲਈ ਅਣਥੱਕ ਮਿਹਨਤ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ ਜੋ ਲੋਕਾਂ ਨੂੰ ਵੱਡੇ ਪੱਧਰ ‘ਤੇ ਲਾਭ ਪਹੁੰਚਾਉਣ ਲਈ ਅੱਗੇ ਵਧੇਗਾ।  ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਗਣਤੰਤਰ ਦਿਵਸ ਤੋਂ ਲੈ ਕੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਐਕਸਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਜਲੰਧਰ ਦੇ ਲੋਕਾਂ ਨੇ ਸਾਡੇ ਹੱਕ ਵਿੱਚ ਵੱਡਾ ਫ਼ਤਵਾ ਦਿੱਤਾ ਸੀ ਅਤੇ ਇਸ ਤੋਂ ਬਾਅਦ ਸ਼ਹਿਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 283 ਕਰੋੜ ਰੁਪਏ ਦੇ ਵਿਕਾਸ ਕਾਰਜ ਆਰੰਭੇ ਜਾ ਚੁੱਕੇ ਹਨ ਅਤੇ ਕਈ ਹੋਰ ਵੀ ਪ੍ਰਕਿਰਿਆ ਅਧੀਨ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ 13 ਸੀਟਾਂ ਜਿੱਤਣ ਤੋਂ ਬਾਅਦ ਸੂਬੇ ਦੇ ਸੰਸਦ ਮੈਂਬਰ ਕੇਂਦਰ ਸਰਕਾਰ ਨੂੰ ਸੂਬੇ ਦੇ ਕਿਸੇ ਵੀ ਫੰਡ ‘ਤੇ ਰੋਕ ਨਹੀਂ ਲੱਗਣ ਦੇਣਗੇ।

ਮੁੱਖ ਮੰਤਰੀ ਨੇ ਆਰ.ਡੀ.ਐਫ. ਅਤੇ ਐਨ.ਐਚ.ਐਮ. ਤਹਿਤ ਫੰਡ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਖਤਰੇ ਵਿੱਚ ਪਾਇਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕ ਦਿੱਤਾ ਗਿਆ ਹੈ, ਜੋ ਕਿ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਉਨ੍ਹਾਂ ਨੂੰ ਸਬਕ ਸਿਖਾਉਣਾ ਚਾਹੀਦਾ ਹੈ।

ਮੁੱਖੀ ਨੇ ਅੱਗੇ ਦੱਸਿਆ ਕਿ ਲੁਧਿਆਣਾ ਵਿੱਚ ਅਤਿ ਆਧੁਨਿਕ ਲੀਹਾਂ ‘ਤੇ ਸਥਾਪਤ ਕੀਤਾ ਸਕੂਲ ਆਫ਼ ਐਮੀਨੈਂਸ ਐਤਵਾਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇਕ ਹੋਰ ਕ੍ਰਾਂਤੀਕਾਰੀ ਕਦਮ ਹੈ ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ।  ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੇਤੀ ਹੀ ਦਿੱਲੀ ਵਿੱਚ ਵੇਰਕਾ ਦੁੱਧ ਦੇ 125 ਨਵੇਂ ਬੂਥ ਖੋਲ੍ਹੇ ਜਾਣਗੇ ਜਿਸ ਨਾਲ ਸੂਬੇ ਦੇ ਕਿਸਾਨਾਂ ਨੂੰ ਵੱਡਾ ਹੁਲਾਰਾ ਮਿਲੇਗਾ।

ਹੋਰ ਖ਼ਬਰਾਂ :-  ਭਗਵੰਤ ਮਾਨ ਨੇ ਕਿਹਾ, ਧੰਨਵਾਦ ਉਨਾਂ ਪੰਜਾਬੀਆਂ ਦਾ ਜਿਨਾਂ ਨੇ ਮੇਰੇ ਵਾਂਗੂੰ ਆਪਣੀ ਉਂਗਲ ‘ਤੇ ਇਹ ਨਿਸ਼ਾਨ ਲਵਾ ਕੇ ਲੋਕਤੰਤਰ ‘ਚ ਆਪਣਾ ਯੋਗਦਾਨ ਪਾਇਆ

ਮੁੱਖ ਮੰਤਰੀ ਨੇ ਕਿਹਾ ਕਿ ਸੰਕਲਪ ਪੱਤਰ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਗਾਰੰਟੀ ਦੇ ਕੇ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਦੀ ਨਕਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ‘ਤੇ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਕਦਰਾਂ ਕੀਮਤਾਂ ਉੱਤੇ ਅਧਾਰਿਤ ਰਾਜਨੀਤੀ ਦੀ ਸ਼ੁਰੂਆਤ ਕਰਕੇ ਰਾਜਨੀਤੀ ਵਿੱਚ ਇਨਕਲਾਬੀ ਮੋੜ ਲਿਆਂਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਇਕ ਰਾਸ਼ਟਰ, ਇਕ ਚੋਣ’ ਦੇ ਪੈਂਤੜੇ ‘ਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ‘ਇਕ ਰਾਸ਼ਟਰ, ਇਕ ਸਿੱਖਿਆ’ ਅਤੇ ‘ਇਕ ਦੇਸ਼, ਇਕ ਇਲਾਜ’ ਦੇ ਏਜੰਡੇ ‘ਤੇ ਕਿਉਂ ਨਹੀਂ ਚੱਲ ਰਹੇ।  ਉਨ੍ਹਾਂ ਕਿਹਾ ਕਿ ਕਾਨਵੈਂਟ ਸਕੂਲਾਂ ਅਤੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਸਿੱਖਿਆ ਵਿੱਚ ਵੱਡੀ ਪੱਧਰ ’ਤੇ ਵਖਰੇਵਾਂ ਹੈ ਪਰ ਬਦਕਿਸਮਤੀ ਨਾਲ ਕਿਸੇ ਨੇ ਵੀ ਇਸ ਵੱਲ ਧਿਆਨ ਨਹੀਂ ਦਿੱਤਾ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਵੀ ਵੱਡਾ ਪਾੜਾ ਹੈ। ਉਨ੍ਹਾਂ ਕਿਹਾ ਕਿ ਲੱਛੇਦਾਰ ਭਾਸ਼ਨਾਂ ਦੀ ਮੁਹਾਰਤ ਰੱਖਣ ਵਾਲੇ ਮੋਦੀ ਨੇ ਸਿਰਫ਼ ਅੱਛੇ ਦਿਨ ਆਦਿ ਦੇ ਨਾਅਰੇ ਲਗਾ ਕੇ ਲੋਕਾਂ ਨੂੰ ਮੂਰਖ ਬਣਾਇਆ ਹੈ।

ਅਕਾਲੀ ਦਲ ਅਤੇ ਭਾਜਪਾ ਦਰਮਿਆਨ ਪ੍ਰਸਤਾਵਿਤ ਗਠਜੋੜ ਬਾਰੇ ਟਿੱਪਣੀ ਕਰਨ ਲਈ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਦੋਵੇਂ ਪਾਰਟੀਆਂ ਕਦੇ ਵੀ ਇੱਕ ਦੂਜੇ ਤੋਂ ਵੱਖ ਨਹੀਂ ਹੋਈਆਂ ਸਗੋਂ ਪਹਿਲਾਂ ਹੀ ਘਿਓ ਖਿਚੜੀ ਹਨ। ਉਨ੍ਹਾਂ ਨੇ ਅਕਾਲੀਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਉਹ ਕਿਸ ਮੂੰਹ ਨਾਲ ਭਾਜਪਾ ਨਾਲ ਹੱਥ ਮਿਲਾ ਰਹੇ ਹਨ, ਜਿਸ ਦੇ ਹੱਥ ਬੇਕਸੂਰ ਕਿਸਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨੀ ਮੁੱਦੇ ਅਜੇ ਵੀ ਅਣਸੁਲਝੇ ਹਨ ਅਤੇ ਇਸੇ ਤਰ੍ਹਾਂ ਸੂਬੇ ਨਾਲ ਜੁੜੇ ਮਸਲਿਆਂ ਦਾ ਵੀ ਕੁਝ ਨੀ ਬਣਿਆ।

ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਗੱਲ ਹੈ ਕਿਉਂਕਿ ਪੰਜਾਬੀਆਂ ਨੇ ਸਿਹਤ ਖੇਤਰ ਵਿੱਚ ਅਜਿਹੀ ਕ੍ਰਾਂਤੀ ਕਦੇ ਨਹੀਂ ਦੇਖੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨੂੰ ਪਹਿਲਾਂ ਦਿੱਲੀ ਵਿੱਚ ਲਾਗੂ ਕੀਤਾ ਗਿਆ ਸੀ ਅਤੇ ਹੁਣ ਲੋਕਾਂ ਵੱਲੋਂ ਮੌਕਾ ਦਿੱਤੇ ਜਾਣ ਤੋਂ ਬਾਅਦ ਇਸਨੂੰ ਪੰਜਾਬ ਵਿੱਚ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਅਜਿਹਾ ਇਨਕਲਾਬ ਦੇਖਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਅਜਿਹੇ ਹੋਰ ਫੈਸਲੇ ਵੀ ਲਏ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਹੋਣ ਦੇ ਨਾਤੇ ਉਹ ਆਮ ਆਦਮੀ ਦੀਆਂ ਤਕਲੀਫਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਸਰਕਾਰ ਵੱਲੋਂ ਅਜਿਹੀਆਂ ਪਹਿਲਕਦਮੀਆਂ ਕੀਤੇ ਜਾਣ ਨਾਲ ਹੀ ਸਿੱਖਿਆ, ਸਿਹਤ ਅਤੇ ਬਿਜਲੀ ਖੇਤਰ ਵਿੱਚ ਇਹ ਕ੍ਰਾਂਤੀ ਦੇਖਣ ਨੂੰ ਮਿਲੀ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਘਟੀਆ ਦਰਜੇ ਦੀ ਰਾਜਨੀਤੀ ਨਹੀਂ ਚਾਹੁੰਦੇ ਸਗੋਂ ਉਹ ਕੰਮ ਕਰਨ ਵਾਲੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਬੇਮਿਸਾਲ ਕੰਮ ਕੀਤੇ ਗਏ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਿਕਾਸ ਅਤੇ ਕ੍ਰਾਂਤੀ ਦੇ ਇਸ ਦੌਰ ਨੂੰ ਜਾਰੀ ਰੱਖਣ ਲਈ ਸਾਰੀਆਂ 13 ਲੋਕ ਸਭਾ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲਣੀਆਂ ਚਾਹੀਦੀਆਂ ਹਨ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਸੂਬੇ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨੂੰ ਰੋਕਣ ਲਈ ਇਹ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨਾਲ ਬੇਇਨਸਾਫ਼ੀ ਕਰਨ ਲਈ ਪੰਜਾਬ ਵਾਸੀ ਕੇਂਦਰ ਸਰਕਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ।

ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਕਈ ਲੋਕ ਪੱਖੀ ਅਤੇ ਵਿਕਾਸਮੁਖੀ ਪਹਿਲਕਦਮੀਆਂ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਇਥੋਂ ਦੇ ਲੋਕ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਭਗਵੰਤ ਸਿੰਘ ਮਾਨ ਵਰਗਾ ਮੁੱਖ ਮੰਤਰੀ ਮਿਲਿਆ ਹੈ ਕਿਉਂਕਿ ਅੱਜਕੱਲ੍ਹ ਅਜਿਹੇ ਇਮਾਨਦਾਰ ਲੀਡਰ ਬਹੁਤ ਘੱਟ ਮਿਲਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ।

dailytweetnews.com

Leave a Reply

Your email address will not be published. Required fields are marked *