ਚੰਡੀਗੜ੍ਹ, 13 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 266ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
266ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 78,181 ਹੋ ਗਈ ਹੈ।
ਇਸ ਤੋਂ ਇਲਾਵਾ 161 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 591ਵੇਂ ਦਿਨ ਵੀ ਜਾਰੀ ਰੱਖਦਿਆਂ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.6 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 302 ਨਸ਼ੀਲੀਆਂ ਗੋਲੀਆਂ ਅਤੇ 12.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ, ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 591 ਦਿਨਾਂ ਵਿੱਚ 84,971 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 76 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।