ਵਿਸ਼ੇਸ਼ ਲੋਕ ਅਦਾਲਤ ਦੌਰਾਨ 35 ਚੈੱਕ ਬਾਊਂਸ ਮਾਮਲਿਆਂ ਦਾ ਨਿਪਟਾਰਾ, 62,05,094 ਰੁਪਏ ਦੇ ਅਵਾਰਡ ਪਾਸ

35 cheque bounce cases resolved during special Lok Adalat, awards worth Rs 62,05,094 passed
ਰੂਪਨਗਰ, 21 ਨਵੰਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਅਦਾਲਤ ਰੂਪਨਗਰ ਵਿਖੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ. ਹਰਜੀਤ ਸਿੰਘ ਦੀ ਅਗਵਾਈ ਹੇਠ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ (ਐੱਨ.ਆਈ. ਐਕਟ) ਦੀ ਧਾਰਾ 138 ਅਧੀਨ ਚੈੱਕ ਬਾਊਂਸ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ।
 
ਇਸ ਵਿਸ਼ੇਸ਼ ਲੋਕ ਅਦਾਲਤ ਦੌਰਾਨ ਰੂਪਨਗਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੁੱਲ ਪੰਜ ਬੈਂਚ ਸਥਾਪਿਤ ਕੀਤੇ ਗਏ, ਜਿਨ੍ਹਾਂ ਵੱਲੋਂ ਸਬੰਧਤ ਮਾਮਲਿਆਂ ਦੀ ਸੁਣਵਾਈ ਕਰਦਿਆਂ ਆਪਸੀ ਸਹਿਮਤੀ ਰਾਹੀਂ ਮੌਕੇ ‘ਤੇ ਨਿਪਟਾਰਾ ਕੀਤਾ ਗਿਆ। ਇਸ ਦੌਰਾਨ ਕੁੱਲ 35 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ 62,05,094 ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦੇਸ਼ ਭਰ ਵਿੱਚ ਵਿਸ਼ੇਸ਼ ਲੋਕ ਅਦਾਲਤਾਂ ਲਗਾਈਆਂ ਗਈਆਂ ਹਨ, ਜਿਨ੍ਹਾਂ ਦਾ ਮੁੱਖ ਉਦੇਸ਼ ਚੈੱਕ ਬਾਊਂਸ ਨਾਲ ਸਬੰਧਤ ਲੰਬਿਤ ਮਾਮਲਿਆਂ ਦਾ ਸੁਖਾਵੇਂ ਢੰਗ ਨਾਲ ਨਿਪਟਾਰਾ ਕਰਨਾ ਹੈ।
 
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਮਾਮਲਿਆਂ ਨੂੰ ਲੋਕ ਅਦਾਲਤਾਂ ਰਾਹੀਂ ਹੱਲ ਕਰਵਾਉਣ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਸਸਤਾ, ਸੌਖਾ ਅਤੇ ਸਮਾਂਬੱਧ ਨਿਆਂ ਪ੍ਰਾਪਤ ਹੁੰਦਾ ਹੈ। ਲੋਕ ਅਦਾਲਤ ਵੱਲੋਂ ਪਾਸ ਕੀਤੇ ਗਏ ਅਵਾਰਡ ਨੂੰ ਸਿਵਲ ਅਦਾਲਤ ਦੀ ਡਿਕਰੀ ਦੇ ਬਰਾਬਰ ਕਾਨੂੰਨੀ ਮਾਨਤਾ ਪ੍ਰਾਪਤ ਹੁੰਦੀ ਹੈ ਅਤੇ ਇਸ ਵਿਰੁੱਧ ਅਪੀਲ ਨਹੀਂ ਕੀਤੀ ਜਾ ਸਕਦੀ।
 
ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਹੋਣ ਵਾਲੇ ਫੈਸਲੇ ਨਾ ਸਿਰਫ਼ ਲੋਕਾਂ ਦਾ ਕੀਮਤੀ ਸਮਾਂ ਅਤੇ ਪੈਸਾ ਬਚਾਉਂਦੇ ਹਨ, ਸਗੋਂ ਆਪਸੀ ਵਿਵਾਦਾਂ ਨੂੰ ਸੁਖਾਵੇਂ ਢੰਗ ਨਾਲ ਖ਼ਤਮ ਕਰਕੇ ਸਮਾਜ ਵਿੱਚ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ।

 
 

ਹੋਰ ਖ਼ਬਰਾਂ :-  ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ

Leave a Reply

Your email address will not be published. Required fields are marked *