ਚੰਡੀਗੜ੍ਹ, 30 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਇਕ ਮੀਟਿੰਗ ਉਪਰੰਤ ਤਿੰਨ ਸੀਨੀਅਰ ਅਧਿਕਾਰੀਆਂ ’ਤੇ ਅਧਾਰਤ ਇਕ ਉੱਚ ਤਾਕਤੀ ਕਮੇਟੀ ਦਾ ਗਠਨ ਕਰ ਦਿੱਤਾ। ਇਹ ਕਮੇਟੀ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ’ਚ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦੀ ਰੋਜ਼ਾਨਾ ਅਧਾਰ ’ਤੇ ਨਿਗਰਾਨੀ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮਾਲ ਵਿਭਾਗ, ਜਲ ਸਰੋਤ ਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ’ਤੇ ਅਧਾਰਿਤ ਕਮੇਟੀ ਅੰਮ੍ਰਿਤਸਰ ਤੇ ਹੋਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ’ਚ ਪੱਕੇ ਤੌਰ ’ਤੇ ਤਾਇਨਾਤ ਰਹੇਗੀ।
ਡਿਪਟੀ ਕਮਿਸ਼ਨਰਾਂ ਤੇ ਹੋਰ ਅਫਸਰ ਉਚ-ਤਾਕਤੀ ਕਮੇਟੀ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨਗੇ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਬਚਾਅ ਤੇ ਰਾਹਤ ਕਾਰਜਾਂ ਨੂੰ ਹੋਰ ਅਸਰਦਾਇਕ ਢੰਗ ਨਾਲ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਸਰਕਾਰੀ ਮਸ਼ੀਨਰੀ ਨੂੰ ਪੂਰੀ ਤਰ੍ਹਾਂ ਝੋਕ ਦੇਣ ਦਾ ਹੁਕਮ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਸੂਬਿਆਂ ਤੋਂ ਦਰਿਆਵਾਂ ਵਿਚ ਪਾਣੀ ਦਾ ਪੱਧਰ ਵਧ ਜਾਣ ਨਾਲ ਸੂਬੇ ’ਚ ਸਥਿਤੀ ਗੰਭੀਰ ਹੋਈ ਹੈ। ਅੱਜ ਤੱਕ ਰਾਵੀ ਦਰਿਆ ’ਚ 14.11 ਲੱਖ ਕਿਊਸਿਕ ਪਾਣੀ ਆਇਆ ਹੈ ਤੇ ਹੁਣ ਤੱਕ ਇਸ ਦਰਿਆ ’ਚ ਸਭ ਤੋਂ ਵੱਧ ਪਾਣੀ ਆਇਆ ਹੈ।
ਜਦੋਂ ਸੂਬੇ ’ਚ ਸਾਲ 1988 ਵਿਚ ਸਭ ਤੋਂ ਭਿਆਨਕ ਹੜ੍ਹ ਆਏ ਸਨ, ਉਸ ਵੇਲੇ ਵੀ ਇਸ ਦਰਿਆ ’ਚ 11.20 ਲੱਖ ਕਿਊਸਿਕ ਪਾਣੀ ਆਇਆ ਸੀ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਦਰਿਆਵਾਂ ਤੋਂ ਵੱਧ ਤੋਂ ਵੱਧ ਪਾਣੀ ਲੈਣ ਲਈ ਹਰਿਆਣਾ ਤੇ ਰਾਜਸਥਾਨ ਨੂੰ ਪਹਿਲਾਂ ਹੀ ਲਿਖ ਕੇ ਭੇਜ ਦਿੱਤਾ ਹੈ।