ਡੀ.ਸੀ. ਅਤੇ ਐਸ.ਐਸ.ਪੀ. ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਨਿੱਤਰੇ ਮੈਦਾਨ ‘ਚ

ਮਾਨਸਾ, 26 ਸਤੰਬਰ:  ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਅਤੇ ਐਸ.ਐਸ.ਪੀ ਸ੍ਰੀ ਭਾਗੀਰਥ ਸਿੰਘ ਮੀਨਾ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਮੈਦਾਨ ਵਿਚ ਨਿੱਤਰੇ ਹੋਏ ਹਨ। ਉਨ੍ਹਾਂ ਵੱਲੋਂ ਜਿੱਥੇ ਲਗਾਤਾਰ ਪਿੰਡਾਂ ਵਿਚ ਕਿਸਾਨ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕੋਆਪਰੇਟਿਵ ਸੁਸਾਇਟੀਆਂ ਵਿਖੇ ਖੇਤੀ ਮਸ਼ੀਨਰੀ ਦੀ ਜਾਂਚ ਕੀਤੀ ਜਾ ਰਹੀ ਹੈ।

ਪਿੰਡ ਜੋਗਾ, ਰੱਲਾ ਤੇ ਅਕਲੀਆ ਵਿਖੇ ਕਿਸਾਨ ਸਿਖਲਾਈ ਕੈਂਪਾਂ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਜ਼ਮੀਨ ਵਿਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ ਖੂੰਹਦ ਨਾਲ ਜਿੱਥੇ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਆਧੁਨਿਕ ਤਕਨੀਕ ਅਤੇ ਸਰਕਾਰ ਵੱਲੋਂ ਸਬਸਿਡੀ ਉਤੇ ਦਿੱਤੇ ਆਧੁਨਿਕ ਉਪਕਰਨਾਂ ਦੀ ਵਰਤੋਂ ਕਰਨ।

ਉਨ੍ਹਾਂ ਕਿਹਾ ਕਿ ਧੂੰਏ ਨਾਲ ਜਿੱਥੇ ਬੱਚਿਆਂ ਅਤੇ ਬਜ਼ੁਰਗਾਂ ਵਿਚ ਸਾਹ ਦੀਆਂ ਬਿਮਾਰੀਆਂ ਫੈਲਣ ਦਾ ਡਰ ਹੁੰਦਾ ਹੈ ਉਥੇ ਹੀ ਸੜ੍ਹਕਾਂ ਉਤੇ ਘੱਟ ਦਿਖਣ ਨਾਲ ਸੜ੍ਹਕੀ ਹਾਦਸਿਆਂ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ।ਇਸ ਮੌਕੇ ਬੇਲਰ ਮਾਲਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਪਰਾਲੀ ਪ੍ਰਬੰਧਨ ਸਬੰਧੀ ਸੁਝਾਅ ਲਏ ਅਤੇ ਇਸ ਵਿਚ ਕਿਸਾਨਾਂ ਦਾ ਹਰ ਤਰ੍ਹਾਂ ਦਾ ਸਹਿਯੋਗ ਕਰਨ ਲਈ ਕਿਹਾ। ਉਨ੍ਹਾਂ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਕੀਤੇ ਉਪਰਾਲਿਆਂ ਦੀ ਸਮੀਖਿਆ ਵੀ ਕੀਤੀ।

ਹੋਰ ਖ਼ਬਰਾਂ :-  ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਹਾ ਕਿ ਕਿਸਾਨਾਂ ਨੂੰ ਜੋ ਪਿਛਲੇ ਸਾਲ ਪਰਾਲੀ ਪ੍ਰਬੰਧਨ ਸਬੰਧੀ ਕੋਈ ਵੀ ਸਮੱਸਿਆ ਆਈ ਸੀ ਉਸ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਇਹ ਅਹਿਦ ਕਰਨ ਕਿ ਉਨ੍ਹਾਂ ਦੇ ਪਿੰਡ ਵਿਚ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ।

ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ, ਡਿਪਟੀ ਪ੍ਰੋਜੈਕਟਰ ਡਾਇਰੈਕਟਰ (ਆਤਮਾ) ਡਾ. ਚਮਨਦੀਪ ਸਿੰਘ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਡਾ. ਅਮਨਦੀਪ ਸਿੰਘ, ਡਾ. ਧਰਮਿੰਦਰ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਰਵਿੰਦਰ ਸਿੰਘ, ਦਿਲਪ੍ਰੀਤ ਸਿੰਘ, ਅਮਰੀਕ ਸਿੰਘ ਅਤੇ ਪਿੰਡਾਂ ਦੇ ਕਿਸਾਨ ਮੌਜੂਦ ਸਨ।

Leave a Reply

Your email address will not be published. Required fields are marked *