ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਹੜ੍ਹ ਰਾਹਤ ਕਾਰਜਾਂ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਜਾਰੀ

ਚੰਡੀਗੜ੍ਹ, 3 ਨਵੰਬਰ: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਪਸ਼ੂਧਨ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਸਬੰਧੀ ਕੀਤੇ ਗਏ ਯਤਨਾਂ ਨੂੰ ਦਰਸਾਉਂਦੀ ਇੱਕ ਦਸਤਾਵੇਜ਼ੀ ਫਿਲਮ ਜਾਰੀ ਕੀਤੀ ਗਈ ਹੈ। ਇਸ ਦਸਤਾਵੇਜ਼ੀ ਨੂੰ ਰਸਮੀ ਤੌਰ ‘ਤੇ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਰੀ ਕੀਤਾ। ਜ਼ਿਕਰਯੋਗ ਹੈ ਕਿ ਇਹ ਦਸਤਾਵੇਜ਼ੀ ਫਿਲਮ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਅਤੇ ਪੈਰਾਮੈਡਿਕਸ ਟੀਮ ਵੱਲੋਂ ਤਿਆਰ ਕੀਤੀ ਗਈ ਹੈ।

ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਹੜ੍ਹਾਂ ਦੌਰਾਨ ਪਸ਼ੂ ਪਾਲਕਾਂ ਦੀ ਮਦਦ ਲਈ ਦ੍ਰਿੜ੍ਹਤਾ ਨਾਲ ਖੜ੍ਹੇ ਰਹੇ। ਉਨ੍ਹਾਂ ਨੇ ਇਸ ਭਿਆਨਕ ਆਫ਼ਤ ਨਾਲ ਨਜਿੱਠਣ ਲਈ ਵਿਭਾਗ ਦੀ “ਮਿਸ਼ਨ ਮੋਡ” ਪਹੁੰਚ ‘ਤੇ ਚਾਨਣਾ ਪਾਇਆ।

ਸ. ਖੁੱਡੀਆਂ ਨੇ ਦੱਸਿਆ ਕਿ ਇਹਨਾਂ ਹੜ੍ਹਾਂ ਕਾਰਨ ਸੂਬੇ ਭਰ ਦੇ 713 ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਸਨ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ 494 ਸਮਰਪਿਤ ਟੀਮਾਂ ਨੇ ਹੜ੍ਹਾਂ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਭਿਆਨਕ ਹਾਲਾਤਾਂ ਦਾ ਸਾਹਮਣਾ ਕਰਦਿਆਂ ਘਰ-ਘਰ ਜਾ ਕੇ ਪਸ਼ੂਧਨ ਨੂੰ ਜੀਵਨ-ਰੱਖਿਅਕ ਇਲਾਜ ਪ੍ਰਦਾਨ ਕੀਤਾ ਤਾਂ ਜੋ ਪਸ਼ੂਧਨ ਦੀ ਸਿਹਤਯਾਬੀ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 37 ਲੱਖ ਰੁਪਏ ਦੀਆਂ ਮੁਫ਼ਤ ਦਵਾਈਆਂ ਵੰਡਣ ਤੋਂ ਇਲਾਵਾ, 2.53 ਲੱਖ ਤੋਂ ਵੱਧ ਪਸ਼ੂਆਂ ਦਾ ਗਲਘੋਟੂ (ਐਚ.ਐਸ.) ਬਿਮਾਰੀ ਤੋਂ ਬਚਾਅ ਲਈ ਮੁਫ਼ਤ ਟੀਕਾਕਰਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੈਸਟਾਇਟਸ ਟੈਸਟਿੰਗ ਕਿੱਟਾਂ ਅਤੇ ਡੀਵੌਰਮਰਸ ਵੀ ਮੁਹੱਈਆ ਕਰਵਾਏ ਗਏ ਤਾਂ ਜੋ ਪਸ਼ੂਧਨ ਵਿੱਚ ਆਮ ਰੋਗ ਦਾ ਪ੍ਰਭਾਵਸ਼ਾਲੀ ਢੰਗ ਨਾਲ ਪਤਾ ਲਗਾਇਆ ਜਾ ਸਕੇ ਅਤੇ ਤੁਰੰਤ ਇਲਾਜ ਪ੍ਰਦਾਨ ਕੀਤਾ ਜਾ ਸਕੇ।

ਹੋਰ ਖ਼ਬਰਾਂ :-  ਐਸ ਸੀ ਵਰਗ ਦੀ ਭਲਾਈ ਲਈ ਬਣੀ ਵਿਧਾਨ ਸਭਾ ਦੀ ਕਮੇਟੀ ਵੱਲੋਂ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਹੜ੍ਹਾਂ ਦੇ ਪ੍ਰਭਾਵਾਂ ਨਾਲ ਨਜਿੱਠਣ ਲਈ ਕੀਤੇ ਗਏ ਮਹੱਤਵਪੂਰਨ ਰੋਕਥਾਮ ਉਪਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ,”ਹੜ੍ਹਾਂ ਕਾਰਨ ਬਿਮਾਰੀ ਦੇ ਫੈਲਣ ਦਾ ਇੱਕ ਵੱਡਾ ਖ਼ਤਰਾ ਸੀ, ਪਰ ਸਾਡੀ ਸਰਗਰਮ ਪਹੁੰਚ ਨੇ ਇਸ ਖਤਰੇ ਨੂੰ ਘਟਾਉਣ ਵਿੱਚ ਮਦਦ ਕੀਤੀ। ਅਸੀਂ ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਇੱਕ ਵਿਆਪਕ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ, ਜਿਸ ਨਾਲ ਪਸ਼ੂਧਨ ਨੂੰ ਐਚ.ਐਸ. ਵਰਗੀਆਂ ਬਿਮਾਰੀਆਂ ਤੋਂ ਬਚਾਇਆ ਗਿਆ। ਇਸ ਤੋਂ ਇਲਾਵਾ, ਹਰੇ ਚਾਰੇ ਦੀ ਗੰਭੀਰ ਘਾਟ ਨੂੰ ਦੂਰ ਕਰਨ ਲਈ, ਅਸੀਂ ਪਸ਼ੂਆਂ ਨੂੰ ਸਿਹਤਮੰਦ ਰੱਖਣ ਲਈ ਯੂਰੋਮਿਨ ਲਿਕਸ ਅਤੇ ਖਣਿਜ ਮਿਸ਼ਰਣ ਮੁਫ਼ਤ ਵੰਡੇ ਗਏ।”

ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਪਰਮਦੀਪ ਸਿੰਘ ਵਾਲੀਆ ਨੇ ਕਿਹਾ ਕਿ ਵਿਭਾਗ ਵੱਲੋਂ ਲਗਾਤਾਰ ਪਸ਼ੂਧਨ ਦੀ ਸਿਹਤ ਅਤੇ ਉਤਪਾਦਕਤਾ ਨੂੰ ਯਕੀਨੀ ਬਣਾਉਣ ‘ਤੇ ਧਿਆਨ ਕੇਂਦ੍ਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਪਸ਼ੂਆਂ ਅਤੇ ਕਿਸਾਨ ਭਾਈਚਾਰੇ ਦੀ ਸਮੁੱਚੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਦਸਤਾਵੇਜ਼ੀ ਫਿਲਮ ਹੜ੍ਹਾਂ ਨਾਲ ਨਜਿੱਠਣ ਪ੍ਰਤੀ ਪੰਜਾਬ ਦੇ ਜਜ਼ਬੇ ਅਤੇ ਇਸ ਦੇ ਪ੍ਰਸ਼ਾਸਨ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਮਾਣ ਹੈ। ਇਹ ਦਸਤਾਵੇਜ਼ੀ ਫਿਲਮ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਉਪਲਬਧ ਹੈ।

Leave a Reply

Your email address will not be published. Required fields are marked *