ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਚੰਡੀਗੜ੍ਹ/ਫਾਜ਼ਿਲਕਾ, 25 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਇੱਕ 9ਐਮਐਮ ਗਲੌਕ ਪਿਸਤੌਲ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਾਜ਼ਿਲਕਾ ਦੇ ਵਿਕਰਮ ਸਿੰਘ ਵਾਸੀ ਪਿੰਡ ਚੱਕ ਬਲੋਚਾਂ ਵਾਲਾ ਅਤੇ ਪ੍ਰਭਜੋਤ ਸਿੰਘ ਉਰਫ਼ ਪ੍ਰਭ ਵਾਸੀ ਪਿੰਡ ਚੱਕ ਬਾਜ਼ੀਦਾ ਵਜੋਂ ਹੋਈ ਹੈ। ਹੈਂਡ ਗ੍ਰਨੇਡ ਅਤੇ ਗਲੌਕ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਬਿਨਾਂ ਰਜਿਸਟ੍ਰੇਟਸ਼ਨ ਵਾਲਾ ਕਾਲਾ ਹੀਰੋ ਡੀਲਕਸ ਮੋਟਰਸਾਈਕਲ, ਜਿਸ ‘ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਪਾਕਿਸਤਾਨ ਤੋਂ ਲਿਆਂਦੇ ਗਏ ਸਨ ਅਤੇ ਪੰਜਾਬ ਵਿੱਚ ਯੋਜਨਾਬੱਧ ਅਪਰਾਧਿਕ ਗਤੀਵਿਧੀਆਂ ਲਈ ਡਰੋਨ ਰਾਹੀਂ ਪਹੁੰਚਾਏ ਗਏ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਹੋਰ ਖ਼ਬਰਾਂ :-  'ਯੁੱਧ ਨਸ਼ਿਆਂ ਵਿਰੁੱਧ': 263ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.8 ਕਿਲੋਗ੍ਰਾਮ ਹੈਰੋਇਨ ਸਮੇਤ 110 ਨਸ਼ਾ ਤਸਕਰ ਗ੍ਰਿਫ਼ਤਾਰ

ਏਆਈਜੀ ਐਸਐਸਓਸੀ ਫਾਜ਼ਿਲਕਾ ਗੁਰਸੇਵਕ ਸਿੰਘ ਬਰਾੜ ਨੇ ਕਿਹਾ ਕਿ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਐਸਐਸਓਸੀ ਟੀਮ ਨੇ ਜਲਾਲਾਬਾਦ ਖੇਤਰ ਵਿੱਚ ਗੁਪਤ ਕਾਰਵਾਈ ਕੀਤੀ ਅਤੇ ਪਿੰਡ ਚੱਕ ਮੌਜਦੀਨ ਵਾਲਾ ਤੋਂ ਮੁਲਜ਼ਮਾਂ ਨੂੰ ਉਦੋਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਖੇਪ ਦੂਜੀ ਧਿਰ ਨੂੰ ਪਹੁੰਚਾਉਣ ਜਾ ਰਹੇ ਸਨ।

ਏਆਈਜੀ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਕੇਸ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 18 ਮਿਤੀ 24.11.2025 ਦਰਜ ਕੀਤਾ ਗਿਆ ਹੈ।

Leave a Reply

Your email address will not be published. Required fields are marked *