ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਨਾਂਦੇੜ ਸਾਹਿਬ ਵਿਖੇ ਮੱਥਾ ਟੇਕਿਆ

ਅਸੀਂ ਪਹਿਲਾਂ ਹੀ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨ ਚੁੱਕੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਸਾਹਿਬਾਨ ਦਾ ਸੁਨੇਹਾ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਆਪ ਸਰਕਾਰ ਹਰ ਸੰਭਵ ਯਤਨ ਕਰੇਗੀ: ਭਗਵੰਤ ਸਿੰਘ ਮਾਨ

ਨਾਂਦੇੜ, 24 ਜਨਵਰੀ 2026

ਮਹਾਰਾਸ਼ਟਰ ਵਿੱਚ ਅੱਜ ਨਾਂਦੇੜ ਵਿੱਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼ਰਧਾ ਨਾਲ ਮੱਥਾ ਟੇਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ ਅਤੇ ਕਿਹਾ ਕਿ ਇਹ ਪਵਿੱਤਰ ਸ਼ਹਿਰ ਸਿੱਖਾਂ ਅਤੇ ਖਾਸ ਕਰਕੇ ਮਨੁੱਖਤਾ ਲਈ ਵਧੇਰੇ ਅਧਿਆਤਮਕ ਮਹੱਤਵ ਰੱਖਦਾ ਹੈ। ਇਹ ਚੇਤੇ ਕਰਾਉਂਦਿਆਂ ਕਿ ਪੰਜਾਬ ਸਰਕਾਰ ਪਹਿਲਾਂ ਹੀ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨ ਚੁੱਕੀ ਹੈ, ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੁਰੂ ਸਾਹਿਬਾਨਾਂ ਦੇ ਫਲਸਫ਼ੇ ਦੇ ਵੱਧ ਤੋਂ ਵੱਧ ਪਸਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਲਗੀਧਰ ਪਾਤਸ਼ਾਹ ਜੀ ਦੇ ਪਵਿੱਤਰ ਅਸਥਾਨ ‘ਤੇ ਵੀ ਮੱਥਾ ਟੇਕਿਆ ਅਤੇ ਇਸ ਧਾਰਮਿਕ ਅਸਥਾਨ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਇਸ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸ਼ਰਧਾਲੂਆਂ ਅਤੇ ਸਥਾਨਕ ਨਿਵਾਸੀਆਂ ਦਾ ਭਾਰੀ ਇਕੱਠ ਵੀ ਦੇਖਿਆ, ਜੋ ਪੰਥ, ਇਸ ਦੀਆਂ ਇਤਿਹਾਸਕ ਸੰਸਥਾਵਾਂ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈਣ ਵਾਲੇ ਲੋਕਾਂ ਦਰਮਿਆਨ ਡੂੰਘੇ ਸਬੰਧਾਂ ਨੂੰ ਦਰਸਾਉਂਦਾ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਾਂਦੇੜ ਸਾਹਿਬ ਨਾ ਸਿਰਫ਼ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪਵਿੱਤਰ ਅਸਥਾਨ ਹੈ, ਕਿਉਂਕਿ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦਾ ਕਾਫ਼ੀ ਸਮਾਂ ਇਸ ਪਵਿੱਤਰ ਨਗਰੀ ‘ਚ ਬਿਤਾਇਆ ਸੀ।

ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਸਬੰਧੀ ਮੰਗ ਨੂੰ ਮਹਾਰਾਸ਼ਟਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ, ਜੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਜਿਨ੍ਹਾਂ ਨੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ, ਦਾ 350ਵਾਂ ਸ਼ਹੀਦੀ ਦਿਹਾੜਾ ਅਥਾਹ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।

ਪਿਛਲੇ ਸਾਲ ਲਏ ਗਏ ਇੱਕ ਮਹੱਤਵਪੂਰਨ ਫੈਸਲੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੰਬਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਸਰਕਾਰ ਨੇ ਤਿੰਨ ਸ਼ਹਿਰਾਂ, ਜਿੱਥੇ ਸਿੱਖਾਂ ਦੇ ਤਖ਼ਤ ਸਾਹਿਬਾਨ ਸਥਾਪਤ ਹਨ, ਨੂੰ ਪਵਿੱਤਰ ਸ਼ਹਿਰਾਂ ਵਜੋਂ ਨਾਮਜ਼ਦ ਕੀਤਾ ਸੀ। ਉਨ੍ਹਾਂ ਕਿਹਾ ਕਿ ਵਾਲਡ ਸਿਟੀ ਅੰਮ੍ਰਿਤਸਰ, ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਵਾਲਾ ਅਧਿਕਾਰਤ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ, ਜਿਸ ਨਾਲ ਦੁਨੀਆ ਭਰ ਦੀਆਂ ਸੰਗਤਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰਜ ‘ਤੇ ਮਹਾਰਾਸ਼ਟਰ ਸਰਕਾਰ ਵੱਲੋਂ ਵੀ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜ ਦੇਣ ਸਬੰਧੀ ਐਲਾਨ ਕੀਤਾ ਜਾਣਾ ਚਾਹੀਦਾ ਹੈ, ਜਿਸ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰੇਗੀ।

ਮੁੱਖ ਮੰਤਰੀ ਨੇ ਨਾਂਦੇੜ ਸਾਹਿਬ ਵਿੱਚ ਪੰਜਾਬ ਭਵਨ ਦੀ ਪੂਰੀ ਤਰ੍ਹਾਂ ਕਾਇਆ-ਕਲਪ ਦਾ ਵੀ ਐਲਾਨ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਪੰਜਾਬ ਭਵਨ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸ਼ਰਧਾਲੂਆਂ ਦੀ ਸਹੂਲਤ ਲਈ ਨਾਂਦੇੜ ਵਿੱਚ ਵੇਰਕਾ ਦੁੱਧ ਉਤਪਾਦਾਂ ਦੀ ਸਪਲਾਈ ਨੂੰ ਹੋਰ ਵੀ ਸੁਚਾਰੂ ਬਣਾਇਆ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਹਰ ਸੰਭਵ ਸਹੂਲਤ ਨੂੰ ਯਕੀਨੀ ਬਣਾਉਣ ਵਾਸਤੇ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਹੋਰ ਖ਼ਬਰਾਂ :-  “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੜਾਅ ਦੂਜਾ ” ਮਿਸ਼ਨ ‘ਸੰਪਰਕ’ ਤਹਿਤ ਮਾਲੇਰਕੋਟਲਾ 'ਚ ਜ਼ਿਲ੍ਹਾ ਪੁਲਿਸ ਵੱਲੋਂ ਮਹੱਤਵਪੂਰਣ ਮੀਟਿੰਗ

ਦੇਸ਼ ਲਈ ਪੰਜਾਬੀਆਂ ਦੇ ਯੋਗਦਾਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਆਜ਼ਾਦੀ ਸੰਗਰਾਮ, ਦੇਸ਼ ਨੂੰ ਅੰਨ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਅਤੇ ਭਾਰਤ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਹੈ।

ਉਨ੍ਹਾਂ ਕਿਹਾ ਕਿ ਜਿਥੇ ਸਰਹੱਦਾਂ ਦੀ ਰਾਖੀ ਦੀ ਗੱਲ ਆਉਂਦੀ ਹੈ ਤਾਂ ਪੰਜਾਬੀ ਹਮੇਸ਼ਾ ਸਭ ਤੋਂ ਅੱਗੇ ਅਤੇ ਕੁਰਬਾਨੀਆਂ ਦੇਣ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕਿਸੇ ਵੀ ਦੁਰਘਟਨਾ ਦੇ ਸਮੇਂ ਪੰਜਾਬੀ ਅਕਸਰ ਲੋੜਵੰਦਾਂ ਦੀ ਸੇਵਾ ਲਈ ਰੈੱਡ ਕਰਾਸ ਵਰਗੀਆਂ ਸੰਸਥਾਵਾਂ ਤੋਂ ਵੀ ਪਹਿਲਾਂ ਹੀ ਮੌਕੇ ‘ਤੇ ਪਹੁੰਚ ਜਾਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਨੌਜਵਾਨ ਪੀੜ੍ਹੀਆਂ ਲਈ ਮਹਾਨ ਗੁਰੂ ਸਾਹਿਬਾਨਾਂ ਦੀ ਸ਼ਾਨਦਾਰ ਵਿਰਾਸਤ ਨੂੰ ਸੰਭਾਲ ਕੇ ਰੱਖੇ। ਉਨ੍ਹਾਂ ਕਿਹਾ ਕਿ ਅਸੀਂ ਮਹਾਨ ਗੁਰੂ ਸਾਹਿਬਾਨਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੇ ਹਾਂ, ਜਿਨ੍ਹਾਂ ਨੇ ਮਨੁੱਖਤਾ ਨੂੰ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਵਿਰੁੱਧ ਖੜ੍ਹੇ ਹੋਣਾ ਸਿਖਾਇਆ ਅਤੇ ਸਰਬੱਤ ਦੇ ਭਲੇ ਦਾ ਸੁਨੇਹਾ ਦਿੱਤਾ।

ਉਨ੍ਹਾਂ ਅੱਗੇ ਕਿਹਾ ਕਿ ਇਸ ਵਚਨਬੱਧਤਾ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ। ਉਨ੍ਹਾਂ ਕਿਹਾ ਕਿ ਸਾਡਾ ਇੱਕੋ ਇੱਕ ਉਦੇਸ਼ ਨੌਜਵਾਨ ਪੀੜ੍ਹੀਆਂ ਨੂੰ ਗੁਰੂ ਸਾਹਿਬਾਨਾਂ ਦੇ ਜੀਵਨ, ਫਲਸਫ਼ੇ ਅਤੇ ਉਨ੍ਹਾਂ ਵੱਲੋਂ ਮਨੁੱਖਤਾ ਦੀ ਰਾਖੀ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਨਾਲ ਜੋੜਨਾ ਹੈ।

ਇਸ ਦੌਰਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮੁੱਖ ਮੰਤਰੀ ਨੇ ਸੂਬੇ ਦੀ ਤਰੱਕੀ, ਵਿਕਾਸ ਅਤੇ ਇਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖ ਧਰਮ ਦੇ ਪੰਜ ਸਭ ਤੋਂ ਉੱਚ ਅਸਥਾਨਾਂ ਵਿੱਚੋਂ ਇੱਕ ਹੈ, ਜੋ ਭਾਈਚਾਰੇ ਲਈ ਅਧਿਆਤਮਕ, ਅਲੌਕਿਕ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਬਾਕੀ ਚਾਰ ਤਖ਼ਤ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਲਵੰਡੀ ਸਾਬੋ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਬਿਹਾਰ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸਥਿਤ ਹਨ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਨਿਰਪੱਖਤਾ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ, ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਲਈ ਬੇਮਿਸਾਲ ਯੋਗਦਾਨ ਪਾਇਆ ਅਤੇ ਇਨ੍ਹਾਂ ਆਦਰਸ਼ਾਂ ‘ਤੇ ਚਲਦਿਆਂ ਆਪਣਾ ਪੂਰਾ ਪਰਿਵਾਰ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੇ ਜੀਵਨ ਦਾ ਇੱਕ ਮਹੱਤਵਪੂਰਨ ਹਿੱਸਾ ਨਾਂਦੇੜ ਸਾਹਿਬ ਦੀ ਪਵਿੱਤਰ ਧਰਤੀ ‘ਤੇ ਬਿਤਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਪਵਿੱਤਰ ਅਸਥਾਨ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਨ ਦਾ ਮੌਕਾ ਮਿਲਣ ਨਾਲ ਖੁਦ ਨੂੰ ਸੁਭਾਗਾ ਮਹਿਸੂਸ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਪਰਮਾਤਮਾ ਤੋਂ ਅਸ਼ੀਰਵਾਦ ਮੰਗਦਾ ਹਾਂ ਕਿ ਉਹ ਮੈਨੂੰ ਪੰਜਾਬ ਦੇ ਲੋਕਾਂ ਦੀ ਵਧੇਰੇ ਨਿਮਰਤਾ ਅਤੇ ਸਮਰਪਣ ਨਾਲ ਸੇਵਾ ਕਰਨ ਦੀ ਸਮਰੱਥਾ ਬਖ਼ਸ਼ਣ। ਗੁਰਦੁਆਰਾ ਸਾਹਿਬ ਵਿਖੇ ਅਰਦਾਸ ਤੋਂ ਬਾਅਦ ਉਨ੍ਹਾਂ ਨੇ ਕਿਸੇ ਵੀ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਬਿਨਾਂ ਲੋਕਾਂ ਦੀ ਸੇਵਾ ਕਰਨ ਅਤੇ ਇੱਕ ਸਦਭਾਵਨਾਪੂਰਨ ਸਮਾਜ ਦੀ ਸਿਰਜਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

Leave a Reply

Your email address will not be published. Required fields are marked *