ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

ਚੰਡੀਗੜ੍ਹ/ਫਾਜ਼ਿਲਕਾ, 25 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਇੱਕ ਦੋਸ਼ੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਨਾਮ ਸਿੰਘ ਉਰਫ਼ ਗਾਮਾ ਵਾਸੀ ਭੰਗੇ ਵਾਲਾ (ਝੂਗੇ ਕਿਸ਼ੋਰ ਸਿੰਘ ਵਾਲਾ), ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਚਾਰ .30 ਬੋਰ ਦੇ ਪਿਸਤੌਲ ਅਤੇ ਦੋ 9 ਐਮਐਮ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 10 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਟੀਮਾਂ ਨੇ ਉਸ ਦਾ ਹੀਰੋ ਡੀਲਕਸ ਮੋਟਰਸਾਈਕਲ, ਜਿਸਦੀ ਵਰਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਅਤੇ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਡਰੋਨ ਰਾਹੀਂ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ

ਹੋਰ ਖ਼ਬਰਾਂ :-  ਸਿਹਤ ਵਿਭਾਗ ਵੱਲੋਂ ਮਲੋਟ ਦੇ ਸਿਵਲ ਹਸਪਤਾਲ ਨੂੰ ਜ਼ਿਆਦਾ ਮਰੀਜਾਂ ਦਾ ਇਲਾਜ਼ ਕਰਨ ਲਈ 'ਏ' ਗ੍ਰੇਡ ਮਿਲਿਆ

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਏਆਈਜੀ ਐਸਐਸਓਸੀ ਫਾਜ਼ਿਲਕਾ ਨਰੇਸ਼ ਕੁਮਾਰ ਡੋਗਰਾ ਨੇ ਦੱਸਿਆ ਕਿ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ, ਐਸਐਸਓਸੀ ਫਾਜ਼ਿਲਕਾ ਦੀਆਂ ਟੀਮਾਂ ਨੇ ਜਲਾਲਾਬਾਦ ਖੇਤਰ ਵਿੱਚ ਇੱਕ ਵਿਸ਼ੇਸ਼ ਆਪਰੇਸ਼ਨ ਚਲਾਇਆ ਅਤੇ ਦੋਸ਼ੀ ਨੂੰ ਫਾਜ਼ਿਲਕਾ ਦੇ ਪਿੰਡ ਬਾਘੇ ਕੇ ਉੱਤਰ ਨੇੜਿਓਂ ਉਸ ਵੇਲੇ ਕਾਬੂ ਕੀਤਾ, ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਜਾ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਸ ਕੋਲੋਂ 2.1 ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ ਗਏ। ਉਨ੍ਹਾਂ ਅੱਗੇ ਦੱਸਿਆ ਕਿ ਖੁਲਾਸੇ ਦੌਰਾਨ ਗ੍ਰਿਫ਼ਤਾਰ ਮੁਲਜ਼ਮ ਵੱਲੋਂ ਦੱਸੇ ਗਏ ਟਿਕਾਣੇ ਤੋਂ ਚਾਰ ਹੋਰ ਪਿਸਤੌਲ ਬਰਾਮਦ ਕੀਤੇ ਗਏ।

ਇਸ ਸਬੰਧੀ, ਐਫਆਈਆਰ ਨੰਬਰ 02 ਮਿਤੀ 24-02-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ 25 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਦਰਜ ਕੀਤੀ ਗਈ ਹੈ।

Leave a Reply

Your email address will not be published. Required fields are marked *