ਮੋਗਾ, 06 ਮਾਰਚ 2026: ਮੋਗਾ ਜ਼ਿਲ੍ਹੇ ਦੇ ਬਾਘਾ ਪੁਰਾਣਾ ਕਸਬੇ ‘ਚ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਦੌਧਰ ਪਿੰਡ ਦੇ ਮੌਜੂਦਾ ਸਰਪੰਚ ਹੈਪੀ ਇਸ ਹਮਲੇ ‘ਚ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।
ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਪੁਰਾਣੀ ਰੰਜਿਸ਼ ਨੂੰ ਲੈ ਕੇ ਵਾਪਰਨ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ | ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰ ਫਾਰਚੂਨਰ ਕਾਰ ‘ਚ ਆਏ ਅਤੇ ਅਚਾਨਕ ਹੈਪੀ ‘ਤੇ ਕਈ ਗੋਲੀਆਂ ਚਲਾਈਆਂ ਅਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਗੋਲੀਬਾਰੀ ਨਾਲ ਗੰਭੀਰ ਜ਼ਖਮੀ ਸਰਪੰਚ ਹੈਪੀ ਦਾ ਡਾਕਟਰਾਂ ਦੁਆਰਾ ਇਲਾਜ ਕੀਤਾ ਜਾ ਰਿਹਾ ਹੈ। ਡਾਕਟਰਾਂ ਨੇ ਉਸਦੀ ਹਾਲਤ ਨਾਜ਼ੁਕ ਦੱਸੀ ਹੈ ਅਤੇ ਉਸਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ।
ਘਟਨਾ ਦੀ ਜਾਣਕਾਰੀ ਮਿਲਣ ‘ਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਮੋਗਾ ਦੇ ਐਸਐਸਪੀ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਪੁਲਿਸ ਟੀਮਾਂ ਨੂੰ ਜਾਂਚ ਦੇ ਆਦੇਸ਼ ਦਿੱਤੇ। ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਐਸਐਸਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਮਾਮਲਾ ਨਿੱਜੀ ਰੰਜਿਸ਼ ਨਾਲ ਜੁੜਿਆ ਹੋਇਆ ਜਾਪਦਾ ਹੈ। ਪੁਲਿਸ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁਲਜ਼ਮਾਂ ਦੀ ਪਛਾਣ ਕਰਨ ਲਈ ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਬਾਘਾ ਪੁਰਾਣਾ ਅਤੇ ਆਸ ਪਾਸ ਦੇ ਇਲਾਕਿਆਂ ‘ਚ ਡਰ ਦਾ ਮਾਹੌਲ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਹ ਛੇਤੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲੈਣਗੇ।