ਬੀਐਲਓਜ਼ ਵਲੋਂ ਜ਼ਿਲ੍ਹੇ ਵਿੱਚ ਗਣਨਾ ਫਾਰਮਾਂ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

ਬਰਨਾਲਾ, 27 ਜੂਨ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਜ਼ਿਲ੍ਹਾ ਬਰਨਾਲਾ ਵਿੱਚ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਜ਼ੋਰਾਂ ‘ਤੇ ਚੱਲ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ.ਏ.ਐਸ ਨੇ ਦੱਸਿਆ ਕਿ  ਬੀ.ਐਲ.ਓਜ਼ ਵੱਲੋਂ ਜ਼ਿਲ੍ਹੇ ਦੇ ਲਗਭਗ ਸਾਰੇ ਵੋਟਰਾਂ ਨੂੰ ਗਣਨਾ ਫਾਰਮ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਗਣਨਾ ਫਾਰਮਾਂ ਨੂੰ ਭਰਵਾ ਕੇ ਆਨਲਾਈਨ ਕੀਤਾ ਜਾਣਾ ਹੈ ਤਾਂ ਜੋ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਸਮੇਂ ‘ਤੇ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਹਰੇਕ ਬੀ.ਐਲ.ਓ. ਵੱਲੋਂ ਹਰ ਘਰ ਦਾ ਤਿੰਨ ਵਾਰ ਦੌਰਾ ਕੀਤਾ ਜਾਵੇਗਾ। ਬੀ ਐਲ ਓ 24 ਜੁਲਾਈ ਤਕ ਘਰੋ ਘਰ ਜਾਣਗੇ। ਜਿਨ੍ਹਾਂ ਘਰਾਂ ਵਿੱਚ ਕੋਈ ਵੀ ਮੈਂਬਰ ਨਹੀਂ ਮਿਲੇਗਾ ਜਾਂ ਘਰ ਨੂੰ ਤਾਲਾ ਲੱਗਾ ਹੋਵੇਗਾ, ਉਨ੍ਹਾਂ ਘਰਾਂ ਦੇ ਬਾਹਰ ਬੀ.ਐਲ.ਓ. ਵੱਲੋਂ ਇੱਕ ਸਲਿੱਪ ਲਗਾ ਦਿੱਤੀ ਜਾਵੇਗੀ, ਜਿਸ ਵਿੱਚ ਬੀ.ਐਲ.ਓ. ਦਾ ਫੋਨ ਨੰਬਰ ਅਤੇ ਉਸਦੇ ਦੌਰੇ ਦੀ ਜਾਣਕਾਰੀ ਦਿੱਤੀ ਹੋਵੇਗੀ ਤਾਂ ਜੋ ਵੋਟਰ ਉਸ ਸਲਿੱਪ ਨੂੰ ਵੇਖ ਕੇ ਬੀ.ਐਲ.ਓ. ਨਾਲ ਸੰਪਰਕ ਕਰ ਸਕੇ।
ਉਨ੍ਹਾਂ ਕਿਹਾ ਕਿ ਹਰ ਵੋਟਰ ਵਲੋਂ ਗਣਨਾ ਫਾਰਮ ਭਰਿਆ ਜਾਣਾ ਹੈ।
ਜੇਕਰ ਕੋਈ ਵੋਟਰ ਇਸ ਇੱਕ ਮਹੀਨਾ ਚੱਲਣ ਵਾਲੀ ਪ੍ਰਕਿਰਿਆ ਦੌਰਾਨ ਕਿਸੇ ਕਾਰਨ ਫਾਰਮ ਭਰਨ ਤੋਂ ਵਾਂਝਾ ਰਹਿ ਜਾਂਦਾ ਹੈ, ਤਾਂ ਵੀ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਇਹ ਪ੍ਰਕਿਰਿਆ ਇਸ ਤੋਂ ਬਾਅਦ ਵੀ ਜਾਰੀ ਰਹੇਗੀ ਜਿਸ ਤਹਿਤ 03 ਅਗਸਤ ਤੋਂ 02 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਲਏ ਜਾਣਗੇ, ਜਿਸ ਦੌਰਾਨ ਵੋਟਰ ਫਾਰਮ ਨੰਬਰ 06 ਭਰ ਕੇ ਅਤੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ 12 ਸਬੂਤਾਂ ਵਿਚੋਂ ਕੋਈ ਵੀ ਸਬੂਤ ਜਮ੍ਹਾਂ ਕਰਵਾ ਕੇ ਆਪਣੀ ਵੋਟ ਬਣਵਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਸਾਰੀ ਪ੍ਰਕਿਰਿਆ ਤੋਂ ਬਾਅਦ 01 ਅਕਤੂਬਰ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।
ਉਨ੍ਹਾਂ ਲੋਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਨਾਗਰਿਕ, ਚੋਣ ਕਮਿਸ਼ਨ ਦੇ ਟੌਲ ਫਰੀ ਨੰਬਰ 1950 ‘ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ SIR ਨਾਲ ਸੰਬੰਧਿਤ ਕਿਸੇ ਵੀ ਕਿਸਮ ਦੀ ਸ਼ਿਕਾਇਤ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਣ ਅਫ਼ਸਰ ਅਤੇ ਵਿਧਾਨ ਸਭਾ ਚੋਣ ਹਲਕਾ ਪੱਧਰ ਤੇ ਅਸੈਂਬਲੀ ਸ਼ਿਕਾਇਤ ਨਿਵਾਰਣ ਅਫ਼ਸਰ ਦੀ ਨਿਯੁਕਤੀ ਵੀ ਕੀਤੀ ਗਈ ਹੈ।
ਹੋਰ ਖ਼ਬਰਾਂ :-  ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ

Leave a Reply

Your email address will not be published. Required fields are marked *