ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 8 ਜੁਲਾਈ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਅਤੇ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ।

ਮੀਟਿੰਗ ਦੌਰਾਨ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ ਸਿਹਤ ਕਾਰਡਾਂ ਲਈ ਨੰਬਰਦਾਰਾਂ ਵਾਸਤੇ ਇੱਕ ਦਿਨ ਵਿਸ਼ੇਸ਼ ਤੌਰ ‘ਤੇ ਰਾਖਵਾਂ ਰੱਖਣ ਦੀ ਮੰਗ ਕੀਤੀ। ਇਸ ‘ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਹ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਨਗੇ ਕਿ ਨੰਬਰਦਾਰਾਂ ਦੀ ਸਹੂਲਤ ਲਈ ਸਿਹਤ ਕਾਰਡ ਬਣਾਉਣ ਵਾਸਤੇ ਇੱਕ ਦਿਨ ਵਿਸ਼ੇਸ਼ ਤੌਰ ‘ਤੇ ਨਿਰਧਾਰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਛੇਤੀ ਹੀ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਨੰਬਰਦਾਰਾਂ ਲਈ ਇੱਕ ਦਿਨ ਰਾਖਵਾਂ ਰੱਖਣ ਦੀ ਹਦਾਇਤ ਕੀਤੀ ਜਾਵੇਗੀ।

ਹੋਰ ਖ਼ਬਰਾਂ :-  ਕਰਨਾਟਕ ਸਰਕਾਰ ਨੇ ਐਸਬੀਆਈ ਤੇ ਪੀਐਨਬੀ ਚ ਲੈਣ ਦੇਣ ਨੂੰ ਕੀਤਾ ਮੁਅੱਤਲ

ਨੰਬਰਦਾਰਾਂ ਵੱਲੋਂ ਮਾਣਭੇਟਾ ਵਧਾਉਣ ਦੀ ਮੰਗ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਉਣਗੇ ਅਤੇ ਨੰਬਰਦਾਰਾਂ ਦਾ ਮਾਣਭੇਟਾ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੰਬਰਦਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਨੰਬਰਦਾਰਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਦਾ ਪੂਰਾ ਸਨਮਾਨ ਕਰਦੀ ਹੈ। ਉਨ੍ਹਾਂ ਨੰਬਰਦਾਰਾਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਗਹੁ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਲੈਂਡ ਰਿਕਾਰਡ ਸ੍ਰੀ ਪਰਮਵੀਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *