ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

Punjab Police Logo

ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 54,916 ਐਫ.ਆਈ.ਆਰਜ਼ ਦਰਜ ਕਰਕੇ 75,102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਤੀਜੇ ਵਜੋਂ 3472 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ।

ਸਪੈਸ਼ਲ ਡੀ.ਜੀ.ਪੀ (ਲਾਅ ਐਂਡ ਆਰਡਰ) ਪ੍ਰਵੀਨ ਸਿਨਹਾ ਨੇ ਦੱਸਿਆ ਕਿ 3472 ਕਿੱਲੋ ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ ਹੁਣ ਤੱਕ 871 ਕਿੱਲੋ ਅਫ਼ੀਮ, 425 ਕੁਇੰਟਲ ਭੁੱਕੀ, 86 ਕਿੱਲੋ ਚਰਸ, 1193 ਕਿੱਲੋ ਗਾਂਜਾ, 60 ਕਿੱਲੋ ਆਈਸੀਈ, 60.78 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 21.64 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਹੋਰ ਖ਼ਬਰਾਂ :-  ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪ

518ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20.3 ਕਿੱਲੋ ਹੈਰੋਇਨ, 15,249 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਨਸ਼ਾ ਛਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।

ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 193ਵੇਂ ਦਿਨ ਵੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਜਾਰੀ ਰੱਖਦਿਆਂ 586 ਛਾਪੇਮਾਰੀਆਂ ਕਰਕੇ ਚਾਰ ਹਥਿਆਰਾਂ ਸਮੇਤ 350 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਕਿ 230 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਅਤੇ ਚਾਰ ਭਗੌੜੇ ਅਪਰਾਧਈਆਂ ਨੂੰ ਕਾਬੂ ਕੀਤਾ ਹੈ। ਜ਼ਿਕਰਯੋਗ ਹੈ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਰਿਪੋਰਟ ਕਰ ਸਕਦੇ ਹਨ।

 

Leave a Reply

Your email address will not be published. Required fields are marked *