ਵਪਾਰੀਆਂ ਨਾਲ ਸਿੱਧਾ ਰਾਬਤਾ ਬਣਾਕੇ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ

ਵਪਾਰੀਆਂ ਨਾਲ ਸਿੱਧਾ ਰਾਬਤਾ ਬਣਾਕੇ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ
ਜਲੰਧਰ, 25 ਅਗਸਤ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਦੇ ਨਾਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਵਿੱਚ ਹੱਲ ਕਰਕੇ ਉਹਨਾਂ ਨੂੰ ਰਾਹਤ ਪਹੁੰਚਾਉਣ ਲਈ ਸਮੀਖਿਆ ਮੀਟਿੰਗ ਕੀਤੀ ਗਈ। 
  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਵਪਾਰੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਹਨਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਵਿੱਚ ਪਾਰਦਰਸ਼ੀ ਢੰਗ ਨਾਲ ਹੱਲ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਵਪਾਰੀ ਵਰਗ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਜਾਂ ਬੇਲੋੜੀ ਦੇਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 
  ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਤੇ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪੱਧਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ www.punjabdisewa.com ਪੋਰਟਲ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ ਅਤੇ ਪੋਰਟਲ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ ਤਾਂ ਜੋ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਆਪਣੇ ਵਪਾਰ ਤੇ ਕਾਰੋਬਾਰ ਲਈ ਹੋਰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। 
  ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਦੌਰਾਨ ਪੋਰਟਲ ’ਤੇ ਪ੍ਰਾਪਤ ਸ਼ਿਕਾਇਤਾਂ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਉਨ੍ਹਾਂ ਦੇ ਹੱਲ ਲਈ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਮੰਤਵ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਢੁੱਕਵਾਂ ਤੇ ਸਮਾਂਬੱਧ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ, ਜਿਸ ਦੇ ਲਈ ਪੋਰਟਲ ’ਤੇ ਦਰਜ ਸ਼ਿਕਾਇਤਾਂ ਦੀ ਪ੍ਰਗਤੀ ਦੀ ਨਿਯਮਿਤ ਸਮੀਖਿਆ ਕੀਤੀ ਜਾ ਰਹੀ ਹੈ।
  ਇਸ ਮੌਕੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸਮਾਂਬੱਧ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਟੀ.ਸੀ. ਪੋਰਟਲ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪ੍ਰਭਾਵਸ਼ਾਲੀ ਮੰਚ ਹੈ। ਉਨ੍ਹਾਂ ਕਿਹਾ ਕਿ ਟਰੇਡਰਜ਼ ਕਮਿਸ਼ਨ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪ੍ਰਸ਼ਾਸਨ ਤੇ ਵਪਾਰੀਆਂ ਵਿਚਕਾਰ ਇਕ ਪੁਲ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਰਟਲ ’ਤੇ ਪ੍ਰਾਪਤ ਹਰੇਕ ਸ਼ਿਕਾਇਤ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕੀਤਾ ਜਾਵੇ ਤਾਂ ਜੋ ਵਪਾਰੀਆਂ ਨੂੰ ਵਪਾਰ ਲਈ ਹੋਰ ਬਿਹਤਰ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। 
  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਯਾ ਪੀ., ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਟਰੇਡਰਜ਼ ਕਮਿਸ਼ਨ ਦੇ ਮੈਂਬਰ ਹਰਿੰਦਰਪਾਲ ਸਿੰਘ ਮਨੋਚਾ ਅਤੇ ਇੰਦਰਵੰਸ਼ ਸਿੰਘ ਚੱਢਾ ਤੋਂ ਇਲਾਵਾ ਕਮਿਸ਼ਨ ਦੇ ਹੋਰ ਨੁਮਾਇੰਦੇ ਵੀ ਮੌਜੂਦ ਸਨ।  
ਹੋਰ ਖ਼ਬਰਾਂ :-  ਕੋਲਕਾਤਾ ਮਹਿਲਾ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ 'ਚ ਵੱਡਾ ਖੁਲਾਸਾ, CBI ਨੇ ਸੰਭਾਲੀ ਜਾਂਚ

Leave a Reply

Your email address will not be published. Required fields are marked *