ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਮਹਾਨ ਕ੍ਰਾਂਤੀਕਾਰੀ ਤੇਜਾ ਸਿੰਘ ਸੁਤੰਤਰ ਦੀ 50ਵੀਂ ਬਰਸੀ ਮੌਕੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਦੇ ਬੁੱਤ ਤੋਂ ਪਰਦਾ ਹਟਾਇਆ।
ਕਾਮਰੇਡ ਤੇਜਾ ਸਿੰਘ ਸੁਤੰਤਰ ਦੇ ਮਿਸਾਲੀ ਯੋਗਦਾਨ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੌਮੀ ਆਜ਼ਾਦੀ ਸੰਘਰਸ਼ ਦਾ ਮਹਾਨ ਨਾਇਕ ਦੱਸਿਆ। ਉਨ੍ਹਾਂ ਨੇ ਉੱਘੇ ਆਜ਼ਾਦੀ ਘੁਲਾਟੀਏ ਵੱਲੋਂ ਸੰਸਦ ਮੈਂਬਰ ਵਜੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਕਾਮਰੇਡ ਤੇਜਾ ਸਿੰਘ ਸੁਤੰਤਰ ਦਾ ਜੀਵਨ ਤੇ ਦੇਸ਼ ਪ੍ਰਤੀ ਯੋਗਦਾਨ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕਰਦਾ ਰਹੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਮਹਾਨ ਨੇਤਾਵਾਂ ਦੇ ਨਾਮ ਉਤੇ ਕਿਸੇ ਵੀ ਐਵਾਰਡ ਜਾਂ ਸਨਮਾਨ ਦਾ ਨਾਮ ਰੱਖਣ ਨਾਲ ਉਸ ਦਾ ਮਹੱਤਵ ਵਧ ਜਾਂਦਾ ਹੈ। ਕੌਮੀ ਆਜ਼ਾਦੀ ਸੰਘਰਸ਼ ਦੌਰਾਨ ਆਪਣੇ ਜੀਵਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਲਈ ਭਾਰਤ ਰਤਨ ਐਵਾਰਡ ਦੀ ਜ਼ੋਰਦਾਰ ਵਕਾਲਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਨਾਲ ਸਨਮਾਨਿਤ ਕਰਨ ਨਾਲ ਇਸ ਐਵਾਰਡ ਦਾ ਸਨਮਾਨ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਸਹੀ ਮਾਅਨਿਆਂ ਵਿਚ ਇਹ ਸ਼ਹੀਦ ਹੀ ਇਸ ਐਵਾਰਡ ਦੇ ਅਸਲ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਵਿਦੇਸ਼ੀ ਹਕੂਮਤ ਕੋਲੋ ਮੁਲਕ ਨੂੰ ਆਜ਼ਾਦ ਕਰਵਾਉਣ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ।
ਇਸ ਦੌਰਾਨ ਮੁੱਖ ਮੰਤਰੀ ਨੇ ਪਿੰਡ ਵਾਸੀਆਂ ਦੀ ਵੱਡੀ ਮੰਗ ਨੂੰ ਸਵੀਕਾਰ ਕਰਦਿਆਂ ਇਸ ਕੌਮੀ ਨਾਇਕ ਦੇ ਨਾਮ ਉਤੇ ਲਾਇਬ੍ਰੇਰੀ ਤੇ ਐਸ.ਟੀ.ਪੀ. ਦੇ ਨਿਰਮਾਣ ਦੇ ਨਾਲ-ਨਾਲ ਸੜਕ ਨੂੰ ਚੌੜੀ ਤੇ ਮਜ਼ਬੂਤ ਕਰਨ ਦਾ ਐਲਾਨ ਕੀਤਾ।