*ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ*
*ਜਦੋਂ ਕੋਈ ਲੋਕਾਂ ਦੀ ਸੇਵਾ ਲਈ ਸੱਚੀ ਲਗਨ ਨਾਲ ਆਉਂਦਾ ਹੈ, ਤਾਂ ਜਨਤਾ ਵੀ ਉਸ ਨੂੰ ਅਥਾਹ ਪਿਆਰ ਦਿੰਦੀ ਹੈ: ਮੁੱਖ ਮੰਤਰੀ ਭਗਵੰਤ ਮਾਨ*
*ਆਪ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨ*
*1,100 ਮੋਹੱਲਾ ਕਲੀਨਿਕ ਸਥਾਪਿਤ ਕੀਤੇ ਗਏ; ਕਿਸਾਨਾਂ ਨੂੰ ਖੇਤੀਬਾੜੀ ਲਈ ਦਿਨ ਵੇਲੇ ਬਿਜਲੀ ਅਤੇ ਨਹਿਰੀ ਪਾਣੀ ਮਿਲ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਅਕਾਲੀ ਦਲ ਅਤੇ ਕਾਂਗਰਸ ਕੋਲ ਮੈਨੂੰ ਗਾਲ੍ਹਾਂ ਕੱਢਣ ਤੋਂ ਇਲਾਵਾ ਪੰਜਾਬ ਲਈ ਕੋਈ ਵਿਜ਼ਨ ਨਹੀਂ: ਮੁੱਖ ਮੰਤਰੀ ਭਗਵੰਤ ਮਾਨ*
*ਮੇਰੇ ਲਈ ਰਾਜਨੀਤੀ ਲੋਕਾਂ ਦੀ ਸੇਵਾ ਦਾ ਜ਼ਰੀਆ ਹੈ, ਅਤੇ ਮੈਂ ਇਹ ਕੰਮ ਪੂਰੀ ਇਮਾਨਦਾਰੀ ਨਾਲ ਕਰ ਰਿਹਾ ਹਾਂ: ਮੁੱਖ ਮੰਤਰੀ ਭਗਵੰਤ ਮਾਨ*
*25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲੇ ਅਕਾਲੀ ਦਲ ਕੋਲ ਅੱਜ 5 ਬੰਦੇ ਵੀ ਨਹੀਂ ਬਚੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਅੰਦਰੂਨੀ ਕਲੇਸ਼ ਨਾਲ ਜੂਝ ਰਹੀ ਕਾਂਗਰਸ ਨੂੰ ਇਕਜੁੱਟ ਕਰਨ ਦੀਆਂ ਰਾਹੁਲ ਗਾਂਧੀ ਦੀਆਂ ਕੋਸ਼ਿਸ਼ਾਂ ਬੇਕਾਰ ਹੋ ਗਈਆਂ: ਮੁੱਖ ਮੰਤਰੀ ਭਗਵੰਤ ਮਾਨ*
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਰੋਜ਼ਪੁਰ ਦੇ ਜ਼ੀਰਾ ਵਿਧਾਨ ਸਭਾ ਹਲਕੇ ਵਿੱਚ ਆਯੋਜਿਤ ਵਿਸ਼ੇਸ਼ ਸਮਾਗਮ ਨੂੰ ਕੀਤਾ ਸੰਬੋਧਨ*
ਜ਼ੀਰਾ (ਫਿਰੋਜ਼ਪੁਰ) 6 ਸਤੰਬਰ:- ਜ਼ੀਰਾ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਦਾ ਇਹ ਭਾਰੀ ਹੁੰਗਾਰਾ ਪਰੰਪਰਾਗਤ ਪਾਰਟੀਆਂ ਦੇ ਖੋਖਲੇ ਦਾਅਵਿਆਂ ਦੇ ਮੁਕਾਬਲੇ ਕੰਮ ਦੀ ਰਾਜਨੀਤੀ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਪੰਜਾਬ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਜਿਸ ਤਹਿਤ 1,100 ਮੋਹੱਲਾ ਕਲੀਨਿਕ, ਕਿਸਾਨਾਂ ਲਈ ਦਿਨ ਵੇਲੇ ਬਿਜਲੀ ਅਤੇ ਨਹਿਰੀ ਪਾਣੀ ਮੁਹੱਈਆ ਕਰਵਾਇਆ ਗਿਆ ਹੈ, ਜਦਕਿ 90% ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।
ਅਕਾਲੀ ਦਲ ਅਤੇ ਕਾਂਗਰਸ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਉਨ੍ਹਾਂ ਨੂੰ ਗਾਲ੍ਹਾਂ ਕੱਢਣ ਤੋਂ ਇਲਾਵਾ ਪੰਜਾਬ ਲਈ ਕੋਈ ਵਿਜ਼ਨ ਨਹੀਂ ਹੈ। ਕਦੇ 25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲੀ ਅਕਾਲੀ ਪਾਰਟੀ ਅੱਜ ਸਿਰਫ਼ ਕੁਝ ਲੋਕਾਂ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ, ਜਦਕਿ ਅੰਦਰੂਨੀ ਕਲੇਸ਼ ਵਿੱਚ ਉਲਝੀ ਕਾਂਗਰਸ ਨੂੰ ਇਕਜੁੱਟ ਕਰਨ ਦੀਆਂ ਰਾਹੁਲ ਗਾਂਧੀ ਦੀਆਂ ਕੋਸ਼ਿਸ਼ਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਲਈ ਰਾਜਨੀਤੀ ਸਿਰਫ਼ ਲੋਕਾਂ ਦੀ ਸੇਵਾ ਦਾ ਜ਼ਰੀਆ ਹੈ ਅਤੇ ਉਹ ਇਹ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾ ਰਹੇ ਹਨ।
ਐਕਸ ‘ਤੇ ਪੋਸਟ ਕਰਦਿਆਂ ਸੀਐਮ ਭਗਵੰਤ ਸਿੰਘ ਮਾਨ ਨੇ ਲਿਖਿਆ: “ਅੱਜ ਜ਼ੀਰਾ ਵਿਖੇ ਰੱਖੇ ਗਏ ਇੱਕ ਭਾਰੀ ਇਕੱਠ ਵਿੱਚ ਗੁਰਪ੍ਰੀਤ ਸੇਖੋਂ ਜੀ ਆਪਣੇ ਹਜ਼ਾਰਾਂ ਸਮਰਥਕਾਂ ਸਮੇਤ ਆਪ ਪਰਿਵਾਰ ਵਿੱਚ ਸ਼ਾਮਲ ਹੋਏ। ਅਸੀਂ ਪਾਰਟੀ ਵਿੱਚ ਉਨ੍ਹਾਂ ਦਾ ਨਿੱਘਾ ਸਵਾਗਤ ਕਰਦੇ ਹਾਂ। ਇਸ ਮੌਕੇ ਲੋਕਾਂ ਦਾ ਭਾਰੀ ਇਕੱਠ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਲੋਕ ਰਵਾਇਤੀ ਸਿਆਸੀ ਪਾਰਟੀਆਂ ਦੇ ਸ਼ੋਸ਼ਣ ਤੋਂ ਅੱਕ ਚੁੱਕੇ ਹਨ ਅਤੇ ਹੁਣ ਸਿਰਫ਼ ਕੰਮ ਅਤੇ ਵਿਕਾਸ ਦੀ ਸਿਆਸਤ ਨੂੰ ਹੀ ਪਸੰਦ ਕਰਦੇ ਹਨ।”
“ਸਾਡੀ ਸਰਕਾਰ ਨੇ 1,100 ਮੋਹੱਲਾ ਕਲੀਨਿਕ ਸਥਾਪਿਤ ਕਰਕੇ, ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾ ਕੇ ਅਤੇ 90% ਘਰਾਂ ਦੇ ਬਿਜਲੀ ਬਿੱਲ ਜ਼ੀਰੋ ਕਰਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਾਡੇ ਯਤਨ ਇਸੇ ਲਗਨ ਨਾਲ ਜਾਰੀ ਰਹਿਣਗੇ। ਇਨਕਲਾਬ ਜ਼ਿੰਦਾਬਾਦ।”
ਗੁਰਪ੍ਰੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ਦਾ ਆਪ ‘ਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਵੀ ਕੋਈ ਵਿਅਕਤੀ ਲੋਕਾਂ ਦੀ ਸੇਵਾ ਕਰਨ ਦੇ ਸੱਚੇ ਇਰਾਦੇ ਨਾਲ ਜਨਤਕ ਜੀਵਨ ਵਿੱਚ ਆਉਂਦਾ ਹੈ, ਤਾਂ ਲੋਕ ਆਪ ਉਸ ਲਗਨ ਨੂੰ ਪਛਾਣਦੇ ਹਨ ਅਤੇ ਉਸ ਵਿਅਕਤੀ ਨੂੰ ਅਥਾਹ ਪਿਆਰ ਅਤੇ ਸਮਰਥਨ ਦਿੰਦੇ ਹਨ। ਮੈਂ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਸਾਰੇ ਸਮਰਥਕਾਂ ਦਾ ਆਪ ਪਰਿਵਾਰ ਵਿੱਚ ਤਹਿ ਦਿਲੋਂ ਸਵਾਗਤ ਕਰਦਾ ਹਾਂ। ਉਨ੍ਹਾਂ ਦਾ ਸ਼ਾਮਲ ਹੋਣਾ ਪੰਜਾਬ ਵਿੱਚ ਆਪ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਪੱਖੀ ਸ਼ਾਸਨ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।”
ਉਨ੍ਹਾਂ ਕਿਹਾ ਕਿ ਲੋਕ ਰਵਾਇਤੀ ਰਾਜਨੀਤੀ ਤੋਂ ਦੂਰ ਹੋ ਰਹੇ ਹਨ ਅਤੇ ਅਜਿਹੀ ਸਿਆਸੀ ਲਹਿਰ ਨੂੰ ਚੁਣ ਰਹੇ ਹਨ ਜੋ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਜਨਤਕ ਭਲਾਈ ਅਤੇ ਵਿਕਾਸ ਨੂੰ ਪਹਿਲ ਦਿੰਦੀ ਹੈ। “ਲੋਕ ਹੁਣ ਅਜਿਹੀ ਰਾਜਨੀਤੀ ਚਾਹੁੰਦੇ ਹਨ ਜੋ ਨਤੀਜੇ ਦੇਵੇ, ਜੋ ਉਨ੍ਹਾਂ ਲਈ ਕੰਮ ਕਰੇ ਅਤੇ ਜੋ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਨਾਲ ਜੁੜੀ ਰਹੇ। ‘ਆਪ’ ਆਮ ਲੋਕਾਂ ਅਤੇ ਜ਼ਮੀਨੀ ਪੱਧਰ ਦੇ ਵਰਕਰਾਂ ਦੀ ਲਹਿਰ ਹੈ। ਸਾਡੀ ਰਾਜਨੀਤੀ ਸਿਆਸੀ ਪਰਿਵਾਰਾਂ ਜਾਂ ਵਿਰਾਸਤੀ ਅਹੁਦਿਆਂ ਬਾਰੇ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਅਤੇ ਉਨ੍ਹਾਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਬਾਰੇ ਹੈ।”
ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰੇ ਲਈ ਰਾਜਨੀਤੀ ਲੋਕਾਂ ਦੀ ਸੇਵਾ ਦਾ ਜ਼ਰੀਆ ਹੈ। ਮੈਂ ਆਮ ਆਦਮੀ ਲਈ ਕੰਮ ਕਰਨ ਦੇ ਇਰਾਦੇ ਨਾਲ ਜਨਤਕ ਜੀਵਨ ਵਿੱਚ ਆਇਆ ਸੀ ਅਤੇ ਮੈਂ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾ ਰਿਹਾ ਹਾਂ। ਮੈਂ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਵਿੱਚ ਕੋਈ ਕਸਰ ਨਹੀਂ ਛੱਡ ਰਿਹਾ।”
ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਅਸੀਂ ਬਿਹਤਰ ਸਿਹਤ ਸੰਭਾਲ, ਕਿਸਾਨਾਂ ਲਈ ਭਰੋਸੇਯੋਗ ਸੁਵਿਧਾਵਾਂ, ਮਿਆਰੀ ਸਿੱਖਿਆ, ਸੁਧਰੀਆਂ ਜਨਤਕ ਸੇਵਾਵਾਂ ਅਤੇ ਪੂਰੇ ਰਾਜ ਵਿੱਚ ਵਿਕਾਸ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਾਂ। ਜ਼ਮੀਨੀ ਪੱਧਰ ‘ਤੇ ਬਦਲਾਅ ਸਾਫ਼ ਨਜ਼ਰ ਆ ਰਿਹਾ ਹੈ ਅਤੇ ਪੰਜਾਬ ਹਰ ਖੇਤਰ ਵਿੱਚ ਅੱਗੇ ਵਧ ਰਿਹਾ ਹੈ।”
ਉਨ੍ਹਾਂ ਕਿਹਾ, “ਅੱਜ ਪੰਜਾਬ ਭਰ ਵਿੱਚ ਲਗਭਗ 1,100 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ। ਮਕਸਦ ਸਾਫ਼ ਹੈ: ਕੋਈ ਵੀ ਗਰੀਬ ਵਿਅਕਤੀ ਸਿਰਫ਼ ਇਸ ਲਈ ਇਲਾਜ ਤੋਂ ਵਾਂਝਾ ਨਾ ਰਹੇ ਕਿਉਂਕਿ ਉਹ ਇਸ ਦਾ ਖਰਚਾ ਚੁੱਕਣ ਦੇ ਸਮਰੱਥ ਨਹੀਂ ਹੈ। ਲੋਕਾਂ ਨੂੰ ਬਿਨਾਂ ਕਿਸੇ ਵਾਧੂ ਮਾਲੀ ਬੋਝ ਦੇ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸੁਵਿਧਾਵਾਂ ਮਿਲਣੀਆਂ ਚਾਹੀਦੀਆਂ ਹਨ।”
ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਕਿਸਾਨ ਭਾਈਚਾਰੇ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਖੇਤੀਬਾੜੀ ਲਈ ਦਿਨ ਵੇਲੇ ਬਿਜਲੀ ਅਤੇ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਅਹਿਮ ਕਦਮ ਚੁੱਕੇ ਹਨ। “ਕਿਸਾਨਾਂ ਨੂੰ ਖੇਤੀ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਅਤੇ ਸਿੰਚਾਈ ਲਈ ਨਹਿਰੀ ਪਾਣੀ ਵੀ ਮਿਲ ਰਿਹਾ ਹੈ। ਇਸ ਨਾਲ ਸਾਡੇ ਕਿਸਾਨਾਂ ਨੂੰ ਵੱਡੀ ਸਹੂਲਤ ਅਤੇ ਸੁਰੱਖਿਆ ਮਿਲਦੀ ਹੈ ਅਤੇ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾਉਣ ‘ਚ ਵੀ ਮਦਦ ਮਿਲ ਸਕਦੀ ਹੈ। ਸਾਡੇ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਭਲਾਈ ਸਾਡੀ ਸਰਕਾਰ ਦੀ ਪਹਿਲ ਹੈ।”
ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ, “ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਇਸ ਦੀ ਵਰਤੋਂ ਉਨ੍ਹਾਂ ਦੀ ਭਲਾਈ ਲਈ ਸਮਝਦਾਰੀ ਨਾਲ ਕਰ ਰਹੇ ਹਾਂ। ਪੰਜਾਬ ਦੇ 90% ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਜਦਕਿ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਲੋਕਾਂ ਦੇ ਟੈਕਸ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਬੁਨਿਆਦੀ ਢਾਂਚੇ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ।”
ਉਨ੍ਹਾਂ ਕਿਹਾ ਕਿ ਸਰਕਾਰ ਨੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ 70,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ, ਸੜਕਾਂ ਵਿੱਚ ਸੁਧਾਰ ਕੀਤਾ ਹੈ, ਟੋਲ ਪਲਾਜ਼ੇ ਬੰਦ ਕੀਤੇ ਹਨ ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ, ਸਿੱਖਿਆ ਅਤੇ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ ਅਤੇ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਚੰਗੇ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕਰਨ ਵਿੱਚ ਮਦਦ ਲਈ ਸੂਬੇ ਭਰ ਵਿੱਚ 3,100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ।
ਸੀਐਮ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਵੀ ਸ਼ੁਰੂ ਕੀਤੀ ਹੈ, ਜਿਸ ਤਹਿਤ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਮੁਫ਼ਤ ਇਲਾਜ ਦਿੱਤਾ ਜਾ ਰਹਾ ਹੈ। “ਮੁੱਖ ਮੰਤਰੀ ਸਿਹਤ ਯੋਜਨਾ ਇੱਕ ਇਤਿਹਾਸਕ ਪਹਿਲਕਦਮੀ ਹੈ। ਪੰਜਾਬ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ ਦੇਣ ਵਾਲਾ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ। ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਜਦੋਂ ਕਿਸੇ ਅਜ਼ੀਜ਼ ਨੂੰ ਇਲਾਜ ਦੀ ਲੋੜ ਹੋਵੇ ਤਾਂ ਕਿਸੇ ਵੀ ਪਰਿਵਾਰ ਨੂੰ ਆਪਣੀ ਵਿੱਤੀ ਸਥਿਤੀ ਬਾਰੇ ਚਿੰਤਾ ਨਾ ਕਰਨੀ ਪਵੇ।”
ਉਨ੍ਹਾਂ ਅੱਗੇ ਦੱਸਿਆ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰੇਕ ਮਹਿਲਾ ਲਾਭਪਾਤਰੀ ਨੂੰ 1 ਜੁਲਾਈ ਤੋਂ 1,000 ਰੁਪਏ ਅਤੇ ਐਸਸੀ ਮਹਿਲਾਵਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਸਹਾਇਤਾ ਸਿੱਧੀ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾ ਰਹੀ ਹੈ ਅਤੇ ਪਹਿਲਾਂ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਔਰਤਾਂ ਵੀ ਇਸ ਲਈ ਯੋਗ ਹੋਣਗੀਆਂ। ਇਸ ਯੋਜਨਾ ਤੋਂ ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਲਾਭ ਮਿਲਣ ਦੀ ਉਮੀਦ ਹੈ, ਜਿਸ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਗਏ ਹਨ।
ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਸੀ.ਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਪੰਜਾਬ ਲਈ ਕੋਈ ਵੀ ਉਸਾਰੂ ਵਿਜ਼ਨ ਪੇਸ਼ ਕਰਨ ‘ਚ ਨਾਕਾਮ ਰਹੇ ਹਨ। “ਅਕਾਲੀ ਦਲ ਅਤੇ ਕਾਂਗਰਸ ਕੋਲ ਮੈਨੂੰ ਗਾਲ੍ਹਾਂ ਕੱਢਣ ਤੋਂ ਇਲਾਵਾ ਪੰਜਾਬ ਲਈ ਕੋਈ ਵਿਜ਼ਨ ਨਹੀਂ ਹੈ। ਉਨ੍ਹਾਂ ਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਰੋਜ਼ਗਾਰ, ਸਿੱਖਿਆ, ਸਿਹਤ ਸੰਭਾਲ, ਖੇਤੀਬਾੜੀ ਅਤੇ ਪੰਜਾਬ ਦੇ ਆਰਥਿਕ ਭਵਿੱਖ ਲਈ ਉਨ੍ਹਾਂ ਦਾ ਕੀ ਵਿਜ਼ਨ ਹੈ। ਇਹਨਾਂ ਮੁੱਦਿਆਂ ‘ਤੇ ਗੱਲ ਕਰਨ ਦੀ ਬਜਾਏ, ਉਹ ਮੇਰੀ ਅਤੇ ਸਰਕਾਰ ਦੀ ਆਲੋਚਨਾ ਕਰਨ ਵਿੱਚ ਹੀ ਮਸਤ ਰਹਿੰਦੇ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਨਿੱਜੀ ਦੂਸ਼ਣਬਾਜ਼ੀ ਦੀ ਬਜਾਏ ਕਾਰਗੁਜ਼ਾਰੀ ਅਤੇ ਜਵਾਬਦੇਹੀ ਵਾਲੀ ਰਾਜਨੀਤੀ ਦੇ ਹੱਕਦਾਰ ਹਨ। “ਪੰਜਾਬ ਦੇ ਲੋਕ ਸਿਰਫ਼ ਦਾਅਵੇ ਕਰਨ ਵਾਲਿਆਂ ਅਤੇ ਜ਼ਮੀਨ ‘ਤੇ ਕੰਮ ਕਰਨ ਵਾਲਿਆਂ ਵਿਚਕਾਰ ਸਪੱਸ਼ਟ ਫਰਕ ਸਮਝ ਸਕਦੇ ਹਨ। ਸਿਆਸੀ ਆਲੋਚਨਾ ਦਾ ਸਭ ਤੋਂ ਵਧੀਆ ਜਵਾਬ ਉਹ ਵਿਕਾਸ ਹੈ ਜੋ ਲੋਕ ਦੇਖ ਸਕਦੇ ਹਨ ਅਤੇ ਉਹ ਜਨਤਕ ਸੇਵਾਵਾਂ ਹਨ ਜੋ ਲੋਕ ਮਹਿਸੂਸ ਕਰ ਸਕਦੇ ਹਨ। ਅਸੀਂ ਕੰਮ ਅਤੇ ਜਵਾਬਦੇਹੀ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਾਂ।”
ਅਕਾਲੀ ਦਲ ‘ਤੇ ਤਿੱਖਾ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਦੀ ਮੌਜੂਦਾ ਸਥਿਤੀ ਲੋਕਾਂ ਵੱਲੋਂ ਉਨ੍ਹਾਂ ਦੀ ਰਾਜਨੀਤੀ ਨੂੰ ਨਕਾਰਨ ਦਾ ਸਬੂਤ ਹੈ। “ਅਕਾਲੀ ਦਲ ਦਾਅਵਾ ਕਰਦਾ ਸੀ ਕਿ ਉਸ ਕੋਲ 25 ਸਾਲ ਪੰਜਾਬ ‘ਤੇ ਰਾਜ ਕਰਨ ਦੀ ਤਾਕਤ ਹੈ। ਅੱਜ ਉਨ੍ਹਾਂ ਕੋਲ ਆਪਣੀਆਂ ਕਮੇਟੀਆਂ ਲਈ 5 ਬੰਦੇ ਵੀ ਨਹੀਂ ਬਚੇ। ਇਹ ਲੋਕਾਂ ਅਤੇ ਲੋਕਤੰਤਰ ਦੀ ਤਾਕਤ ਹੈ। ਲੋਕਾਂ ਨੇ ਹੰਕਾਰ ਦੀ ਰਾਜਨੀਤੀ ਨੂੰ ਰੱਦ ਕਰ ਦਿੱਤਾ ਹੈ।”
ਕਾਂਗਰਸ ਨੂੰ ਉਸ ਦੇ ਅੰਦਰੂਨੀ ਮਤਭੇਦਾਂ ‘ਤੇ ਘੇਰਦਿਆਂ ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਨੇਤਾਵਾਂ ਨੂੰ ਇਕਜੁੱਟ ਕਰਨ ਦੀਆਂ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਪਾਰਟੀ ਗੁੱਟਬੰਦੀ ਤੋਂ ਉੱਪਰ ਨਹੀਂ ਉੱਠ ਸਕੀ। “ਕਾਂਗਰਸ ਖੁਦ ਅੰਦਰੂਨੀ ਕਲੇਸ਼ ਦੀ ਸ਼ਿਕਾਰ ਹੈ। ਇਸ ਦੇ ਲੀਡਰ ਸੱਤਾ ਦੀ ਭੁੱਖ ਲਈ ਆਪਸ ਵਿੱਚ ਲੜਨ ਵਿੱਚ ਰੁੱਝੇ ਹੋਏ ਹਨ। ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਇੱਕਜੁੱਟ ਕਰਨ ਦੀਆਂ ਬਾਰ-ਬਾਰ ਕੋਸ਼ਿਸ਼ਾਂ ਕੀਤੀਆਂ, ਪਰ ਉਨ੍ਹਾਂ ਕੋਸ਼ਿਸ਼ਾਂ ਦਾ ਕੋਈ ਸਾਰਥਕ ਨਤੀਜਾ ਨਹੀਂ ਨਿਕਲਿਆ। ਜਿਸ ਪਾਰਟੀ ਦੇ ਆਗੂ ਆਪਸ ਵਿੱਚ ਹੀ ਲੜਦੇ ਰਹਿੰਦੇ ਹਨ, ਉਹ ਲੋਕਾਂ ਦੀ ਸੇਵਾ ਕਰਨ ਦੇ ਯੋਗ ਨਹੀਂ ਹੋ ਸਕਦੀ।”
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀਆਂ ਸਿਆਸੀ ਪਾਰਟੀਆਂ ਦੀ ਲੋੜ ਹੈ ਜੋ ਅੰਦਰੂਨੀ ਸੱਤਾ ਦੀ ਲੜਾਈ ਦੀ ਬਜਾਏ ਜਨਤਕ ਮੁੱਦਿਆਂ ‘ਤੇ ਕੇਂਦਰਿਤ ਰਹਿਣ। “ਲੋਕ ਸਭ ਕੁਝ ਦੇਖ ਰਹੇ ਹਨ। ਉਹ ਅਜਿਹੇ ਨੇਤਾ ਚਾਹੁੰਦੇ ਹਨ ਜੋ ਉਨ੍ਹਾਂ ਲਈ ਕੰਮ ਕਰਨ, ਨਾ ਕਿ ਉਹ ਜੋ ਆਪਣੀਆਂ ਅੰਦਰੂਨੀ ਲੜਾਈਆਂ ਵਿੱਚ ਹੀ ਉਲਝੇ ਰਹਿਣ। ਪੰਜਾਬ ਨੂੰ ਅਜਿਹੀ ਰਾਜਨੀਤੀ ਦੀ ਲੋੜ ਹੈ ਜੋ ਸੱਤਾ ਲਈ ਅੰਦਰੂਨੀ ਲੜਾਈਆਂ ‘ਤੇ ਨਹੀਂ ਸਗੋਂ ਆਪਣੇ ਲੋਕਾਂ ਦੇ ਭਵਿੱਖ ‘ਤੇ ਧਿਆਨ ਕੇਂਦਰਿਤ ਕਰੇ।”
ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ੀਰਾ ਵਿਖੇ ਹੋਇਆ ਭਾਰੀ ਇਕੱਠ ਅਤੇ ‘ਆਪ’ ਨਾਲ ਹਜ਼ਾਰਾਂ ਸਮਰਥਕਾਂ ਦਾ ਜੁੜਨਾ ਇਹ ਦਰਸਾਉਂਦਾ ਹੈ ਕਿ ਲੋਕ ਕਾਰਗੁਜ਼ਾਰੀ ਅਤੇ ਜਨਤਕ ਸੇਵਾ ‘ਤੇ ਆਧਾਰਿਤ ਸਿਆਸੀ ਵਿਕਲਪ ਦੀ ਭਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਸ਼ਾਮਲ ਹੋਣ ਨਾਲ ਇਲਾਕੇ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ।
“ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣਾ ਸਿਰਫ਼ ਅਹੁਦਾ ਲੈਣਾ ਨਹੀਂ ਹੈ। ਇਹ ਸਮਾਜ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਨੂੰ ਸਵੀਕਾਰ ਕਰਨਾ ਹੈ। ਲੋਕਾਂ ਨੇ ਤੁਹਾਡੇ ‘ਤੇ ਵਿਸ਼ਵਾਸ ਜਤਾਇਆ ਹੈ ਅਤੇ ਤੁਹਾਨੂੰ ਆਪਣੇ ਕੰਮ ਰਾਹੀਂ ਉਸ ਵਿਸ਼ਵਾਸ ਨੂੰ ਮੋੜਨਾ ਹੋਵੇਗਾ। ਮੈਂ ਆਪ ਵਿੱਚ ਸ਼ਾਮਲ ਹੋਏ ਹਰ ਵਿਅਕਤੀ ਦਾ ਸਵਾਗਤ ਕਰਦਾ ਹਾਂ ਅਤੇ ਅਪੀਲ ਕਰਦਾ ਹਾਂ ਕਿ ਉਹ ਲੋਕਾਂ ਨਾਲ ਜੁੜੇ ਰਹਿਣ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਨ।”
ਮੁੱਖ ਮੰਤਰੀ ਨੇ ਕਿਹਾ, “ਸਾਡੇ ਨੌਜਵਾਨਾਂ ਵਿੱਚ ਅਥਾਹ ਹੁਨਰ ਅਤੇ ਊਰਜਾ ਹੈ। ਅਸੀਂ ਪੰਜਾਬ ਵਿੱਚ ਅਜਿਹੇ ਮੌਕੇ ਪੈਦਾ ਕਰਨਾ ਚਾਹੁੰਦੇ ਹਾਂ ਤਾਂ ਜੋ ਸਾਡੇ ਨੌਜਵਾਨ ਇੱਥੇ ਹੀ ਆਪਣਾ ਭਵਿੱਖ ਬਣਾ ਸਕਣ। ਵਿਕਾਸ ਹਰ ਪਿੰਡ, ਕਸਬੇ ਅਤੇ ਸ਼ਹਿਰ ਤੱਕ ਪਹੁੰਚਣਾ ਚਾਹੀਦਾ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲਣਾ ਚਾਹੀਦਾ ਹੈ। ਅਸੀਂ ਜਾਤ, ਧਰਮ ਜਾਂ ਖੇਤਰੀ ਵੰਡ ‘ਤੇ ਆਧਾਰਿਤ ਰਾਜਨੀਤੀ ਵਿੱਚ ਵਿਸ਼ਵਾਸ ਨਹੀਂ ਰੱਖਦੇ। ਅਸੀਂ ਪੰਜਾਬ ਦੇ ਹਰ ਨਿਵਾਸੀ ਲਈ ਕੰਮ ਕਰ ਰਹੇ ਹਾਂ।”
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਥਾਹ ਸਮਰੱਥਾ ਹੈ ਅਤੇ ਜੇਕਰ ਇਸ ਦੇ ਸਰੋਤਾਂ ਅਤੇ ਮਨੁੱਖੀ ਹੁਨਰ ਦੀ ਸਹੀ ਵਰਤੋਂ ਕੀਤੀ ਜਾਵੇ ਤਾਂ ਇਹ ਦੇਸ਼ ਵਿੱਚ ਆਪਣਾ ਮੋਹਰੀ ਸਥਾਨ ਵਾਪਸ ਹਾਸਲ ਕਰ ਸਕਦਾ ਹੈ। “ਪੰਜਾਬ ਨੇ ਹਮੇਸ਼ਾ ਹਿੰਮਤ, ਦ੍ਰਿੜਤਾ ਅਤੇ ਉੱਦਮ ਦੀ ਭਾਵਨਾ ਦਿਖਾਈ ਹੈ। ਲੋਕਾਂ ਦੇ ਸਹਿਯੋਗ ਨਾਲ ਪੰਜਾਬ ਦੇਸ਼ ਵਿੱਚ ਆਪਣਾ ਮੋਹਰੀ ਸਥਾਨ ਵਾਪਸ ਹਾਸਲ ਕਰ ਸਕਦਾ ਹੈ। ਅਸੀਂ ਇਮਾਨਦਾਰੀ, ਪਾਰਦਰਸ਼ਤਾ ਅਤੇ ਸਮਰਪਣ ਨਾਲ ਕੰਮ ਕਰਨਾ ਜਾਰੀ ਰੱਖਾਂਗੇ ਅਤੇ ਸਿਆਸੀ ਆਲੋਚਨਾ ਤੋਂ ਭਟਕਾਂਗੇ ਨਹੀਂ।”
ਆਪ ਕਾਰਜਕਰਤਾਵਾਂ ਨੂੰ ਇੱਕਜੁੱਟ ਅਤੇ ਅਨੁਸ਼ਾਸਿਤ ਰਹਿਣ ਦਾ ਸੱਦਾ ਦਿੰਦਿਆਂ ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਵਰਕਰ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਆਪਣੀ ਸਮੱਸਿਆ ਸਮਝਣਾ ਚਾਹੀਦਾ ਹੈ। “ਆਪ ਦੀ ਤਾਕਤ ਇਸ ਦੇ ਵਰਕਰਾਂ ਅਤੇ ਲੋਕਾਂ ਵਿੱਚ ਹੈ। ਹਰੇਕ ਵਰਕਰ ਨੂੰ ਇੱਕਜੁੱਟ, ਅਨੁਸ਼ਾਸਿਤ ਅਤੇ ਜਨਤਕ ਸੇਵਾ ਲਈ ਸਮਰਪਿਤ ਰਹਿਣਾ ਚਾਹੀਦਾ ਹੈ। ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਆਪਣੀਆਂ ਸਮੱਸਿਆਵਾਂ ਸਮਝੋ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਮਿਲ ਕੇ ਕੰਮ ਕਰੋ। ਲੋਕਾਂ ਨੇ ਸਾਡੇ ‘ਤੇ ਜੋ ਵਿਸ਼ਵਾਸ ਜਤਾਇਆ ਹੈ, ਉਸ ਦਾ ਮੁੱਲ ਨਿਰੰਤਰ ਵਧੀਆ ਕੰਮ ਕਰਕੇ ਹੀ ਉਤਾਰਿਆ ਜਾ ਸਕਦਾ ਹੈ।”
ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਬਦਲਾਅ ਦਾ ਸਫ਼ਰ ਜਾਰੀ ਹੈ ਅਤੇ ਸਰਕਾਰ ਲੋਕਾਂ ਦੇਹਿੱਤ ਵਿੱਚ ਫੈਸਲੇ ਲੈਂਦੀ ਰਹੇਗੀ। “ਲੋਕਾਂ ਨੇ ਸਾਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਅਸੀਂ ਪੂਰੀ ਇਮਾਨਦਾਰੀ ਨਾਲ ਉਹ ਜ਼ਿੰਮੇਵਾਰੀ ਨਿਭਾ ਰਹੇ ਹਾਂ। ਲੋਕਤੰਤਰ ਵਿੱਚ ਆਖਰੀ ਫੈਸਲਾ ਜਨਤਾ ਦਾ ਹੁੰਦਾ ਹੈ। ਉਨ੍ਹਾਂ ਦਾ ਵਿਸ਼ਵਾਸ ਨਾਅਰਿਆਂ ਨਾਲ ਨਹੀਂ ਜਿੱਤਿਆ ਜਾ ਸਕਦਾ, ਇਹ ਸਿਰਫ਼ ਨਿਰੰਤਰ ਚੰਗੇ ਕੰਮ ਅਤੇ ਸਮਰਪਿਤ ਸੇਵਾ ਨਾਲ ਹੀ ਜਿੱਤਿਆ ਜਾ ਸਕਦਾ ਹੈ।”