*ਚੰਡੀਗੜ੍ਹ, 15 ਸਤੰਬਰ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਅਤੇ ਸਰਕਾਰੀ ਤੰਤਰ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਤਿੰਨ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿੱਚ ਨਿਯੁਕਤੀ ਪੱਤਰ ਸੌਪਣ ਉਪਰੰਤ ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਲੋਕਾਂ ਦੀ ਸੇਵਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਯੋਗਤਾ ਮੁਤਾਬਕ ਉਨ੍ਹਾਂ ਨੂੰ ਰੁਜ਼ਗਾਰ ਦੇਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਭਰਤੀ ਦੀ ਸਾਰੀ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ ਤਾਂ ਜੋ ਮਿਹਨਤੀ ਨੌਜਵਾਨਾਂ ਦਾ ਸਰਕਾਰੀ ਸਿਸਟਮ ਵਿੱਚ ਵਿਸ਼ਵਾਸ ਹੋਰ ਪ੍ਰਪੱਕ ਹੋ ਸਕੇ।
ਦੱਸ ਦੇਈਏ ਕਿ ਇਨ੍ਹਾਂ ਕਲਰਕਾਂ ਦੀ ਭਰਤੀ ਪ੍ਰਕਿਰਿਆ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀ ਗਈ ਹੈ। ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਉਮੀਦਵਾਰਾਂ ਵਿੱਚ ਅਰਪਿਤ, ਰਾਜਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ। ਇਸ ਦੌਰਾਨ ਨਵ-ਨਿਯੁਕਤ ਉਮੀਦਵਾਰਾਂ ਦੇ ਪਰਿਵਾਰਾਂ ਦੇ ਚਿਹਰਿਆਂ ‘ਤੇ ਖੁਸ਼ੀ ਸਾਫ਼ ਝਲਕ ਰਹੀ ਸੀ। ਨਵ-ਨਿਯੁਕਤ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਵਿਭਾਗ ਦੀਆਂ ਉਮੀਦਾਂ ‘ਤੇ ਖਰੇ ਉਤਰਨਗੇ ਅਤੇ ਸੂਬੇ ਦੀ ਤਰੱਕੀ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਗੇ।
ਇਸ ਮੌਕੇ ਮਾਲ ਵਿਭਾਗ ਦੇ ਸਕੱਤਰ ਸ੍ਰੀ ਟੀ. ਬੈਨਿਥ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।