ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ

Community Health Center Haryana will be ready soon: Dr. Ravjot Singh

ਹਰਿਆਣਾ/ਹੁਸ਼ਿਆਰਪੁਰ, 22 ਸਤੰਬਰ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਸਬਾ ਹਰਿਆਣਾ ਵਿਖੇ ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਕਮਿਊਨਿਟੀ ਹੈਲਥ ਸੈਂਟਰ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਹਸਪਤਾਲ ਜਲਦ ਬਣ ਕੇ ਤਿਆਰ ਹੋਵੇਗਾ ਜਿਥੇ ਇਲਾਕੇ ਦੇ 40 ਤੋਂ ਵੱਧ ਪਿੰਡਾਂ ਦੇ ਵਸਨੀਕਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਮਿਲਣਗੀਆਂ।
ਕੈਬਨਿਟ ਮੰਤਰੀ ਨੇ ਸਿਹਤ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਪ੍ਰੋਜੈਕਟ ਦੇ ਚੱਲ ਰਹੇ ਕੰਮ ਦੀ ਸਮੀਖਿਆ ਕਰਦਿਆਂ ਕਿਹਾ ਕਿ 9.18 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਇਸ ਕਮਿਊਨਿਟੀ ਹੈਲਥ ਸੈਂਟਰ ਵਿਚ 30 ਬੈੱਡਾਂ ਦੀ ਸਹੂਲਤ ਤੋਂ ਇਲਾਵਾ ਨੇੜਲੇ ਇਲਾਕਿਆਂ ਦੇ ਵਸਨੀਕਾਂ ਨੂੰ ਆਧੁਨਿਕ ਆਪ੍ਰੇਸ਼ਨ ਥੀਏਟਰ, ਲੈਬਾਰਟਰੀ, ਐਕਸ-ਰੇਅ, ਟੀਕਾਕਰਨ ਅਤੇ ਜੱਚਾ –ਬੱਚਾ ਆਦਿ ਸਿਹਤ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸੈਂਟਰ ਦਾ ਕੰਮ ਪੂਰੀ ਰਫ਼ਤਾਰ ’ਤੇ ਜਾਰੀ ਹੈ ਅਤੇ ਆਉਂਦੇ ਦੋ ਮਹੀਨਿਆਂ ਵਿਚ ਇਹ ਹਸਪਤਾਲ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਪਹਿਲੀ ਅਤੇ ਦੂਜੀ ਮੰਜ਼ਿਲ ਤੱਕ ਦਾ ਢਾਂਚਾ ਅਤੇ ਰੈਂਪ ਆਦਿ ਪੂਰੀ ਤਰ੍ਹਾਂ ਬਣ ਚੁੱਕੇ ਹਨ ਅਤੇ ਅੰਦਰੂਨੀ ਕਾਰਜ ਸ਼ੁਰੂ ਹੋ ਚੁੱਕਾ ਹੈ ਜੋ ਆਉਂਦੇ ਕੁਝ ਹਫ਼ਤਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ।
ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ਵਿਚ ਕੀਤੇ ਗਏ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦੇ ਹਰ ਇਲਾਕੇ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਮੁੱਢਲੀਆਂ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੰਘੇ ਸਾਲਾਂ ਦੌਰਾਨ ਪੰਜਾਬ ਸਰਕਾਰ ਵਲੋਂ 1600 ਦੇ ਕਰੀਬ ਡਾਕਟਰਾਂ ਦੀ ਭਰਤੀ ਕੀਤੀ ਗਈ ਜਿਸ ਨਾਲ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਨੂੰ ਹੋਰ ਸੁਚੱਜੇ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਸ਼ੇਸ਼ ਤਵੱਜੋਂ ਦਿੰਦਿਆਂ ਲਾਮਿਸਾਲ ਕਦਮ ਚੁੱਕੇ ਹਨ ਜਿਸ ਦਾ ਆਮ ਲੋਕਾਂ ਨੂੰ ਵੱਡੇ ਪੱਧਰ ’ਤੇ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦੀ ਕੈਸ਼ਲੈਸ ਇਲਾਜ ਦੀ ਸਹੂਲਤ ਪੰਜਾਬ ਦੇ ਪਰਿਵਾਰਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਮੌਕੇ ਭੂੰਗਾ ਐਸ.ਐਮ.ਓ ਡਾ. ਸੁਦੇਸ਼ ਰਾਜਨ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ। 

ਹੋਰ ਖ਼ਬਰਾਂ :-  ਦਿੱਲੀ ਦੀ ਭਾਜਪਾ ਸਰਕਾਰ ਨੇ ਰਾਜਧਾਨੀ ਦਿੱਲੀ ਵਿੱਚ ਰਹਿਣ ਵਾਲੇ ਕਸ਼ਮੀਰੀ ਵਿਸਥਾਪਿਤ ਲੋਕਾਂ ਲਈ ਇੱਕ ਇਤਿਹਾਸਕ ਫੈਸਲਾ ਲਿਆ

Leave a Reply

Your email address will not be published. Required fields are marked *