ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ ‘ਜਸ਼ਨ-ਏ-ਇਨਕਲਾਬ’: ਪਰਮਿੰਦਰ ਸਿੰਘ ਗੋਲਡੀ

A grand program 'Jashan-e-Inquilab' will be held at PAU Ludhiana on September 28 on the birth anniversary of Shaheed Bhagat Singh: Parminder Singh Goldy

ਚੰਡੀਗੜ੍ਹ 25 ਸਤੰਬਰ-      ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਸ਼ੁਭ ਅਵਸਰ ‘ਤੇ ਆਉਂਦੀ 28 ਸਤੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਮੈਦਾਨ ‘ਚ ਵਿਸ਼ਾਲ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

ਸ਼ੁੱਕਰਵਾਰ ਨੂੰ ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਸ਼ੈਰੀ ਕਲਸੀ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਨੌਜਵਾਨਾਂ ਨੂੰ ਲਾਮਬੰਦ ਕੀਤਾ ਗਿਆ ਹੈ। ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਯੂਥ ਕਲੱਬਾਂ ਨਾਲ ਜੋੜਿਆ ਗਿਆ ਹੈ। ਲੰਮੇ ਸਮੇਂ ਤੋਂ ਜੋ ਨੌਜਵਾਨ ਰਾਹ ਤੋਂ ਭਟਕੇ ਹੋਏ ਸਨ, ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਡ ਮੈਦਾਨ, ਇਨਡੋਰ ਵਾ ਆਊਟਡੋਰ ਜਿੱਮ, ‘ਖੇਡਾਂ ਵਤਨ ਪੰਜਾਬ ਦੀਆਂ’ ਅਤੇ ‘ਯੂਥ ਮੈਰਾਥਨ’ ਵਰਗੇ ਇਤਿਹਾਸਕ ਮੰਚ ਦਿੱਤੇ ਹਨ। ਅੱਜ ਇਹਨਾਂ ਸਾਰੇ ਯਤਨਾਂ ‘ਚ ਸਾਡਾ ਹੱਸਦਾ-ਵੱਸਦਾ ਪੰਜਾਬ ਸਾਫ਼ ਨਜ਼ਰ ਆ ਰਿਹਾ ਹੈ। ਇਸ ਮੌਕੇ ਸਾਰੇ ਆਗੂਆਂ ਨੇ ਮਿਲ ਕੇ ਪ੍ਰੋਗਰਾਮ ਨਾਲ ਸਬੰਧਤ ਪੋਸਟਰ ਵੀ ਲਾਂਚ ਕੀਤਾ।

ਉੱਥੇ ਹੀ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੋਸ਼ ਲਾਉਂਦੀਆਂ ਸਨ ਕਿ ਪੰਜਾਬ ਦੀ ਜਵਾਨੀ ਭਟਕ ਚੁੱਕੀ ਹੈ, ਪਰ ਜਦੋਂ ਅਸੀਂ ਮੈਰਾਥਨ ਦੀ ਸ਼ੁਰੂਆਤ ਕੀਤੀ ਤਾਂ ਹਜ਼ਾਰਾਂ ਨੌਜਵਾਨਾਂ ਨੇ ਖ਼ੁਦ ਅੱਗੇ ਆ ਕੇ ਰਜਿਸਟ੍ਰੇਸ਼ਨ ਕਰਵਾਈ। ਬਠਿੰਡਾ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨਾਂ ਨੇ ਹਿੱਸਾ ਲਿਆ ਸੀ। ਜੋ ਲੋਕ ਕਹਿੰਦੇ ਸਨ ਕਿ ਪੰਜਾਬ ਦੀ ਜਵਾਨੀ ਬਰਬਾਦ ਹੋ ਗਈ ਹੈ, ਅੱਜ ਵੀ ਪੰਜਾਬ ਦਾ ਨੌਜਵਾਨ ਸ਼ਹੀਦ ਭਗਤ ਸਿੰਘ ਦੇ ਦਰਸਾਏ ਮਾਰਗ ‘ਤੇ ਚੱਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਪੀਏਯੂ ਲੁਧਿਆਣਾ ਵਿਖੇ ਦੁਪਹਿਰ 3:00 ਵਜੇ ਮੁੱਖ ਸਮਾਗਮ ਸ਼ੁਰੂ ਹੋਵੇਗਾ। ਉਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਵਿਦਿਆਰਥੀ ਆਪਣੀ ਕਲਾ ਅਤੇ ਹੁਨਰ ਦਾ ਪ੍ਰਦਰਸ਼ਨ ਕਰਨਗੇ। ਸ਼ਾਮ ਨੂੰ ਪ੍ਰਸਿੱਧ ਗਾਇਕ ਰਣਜੀਤ ਬਾਵਾ ਜੀ ਦਾ ਸੱਭਿਆਚਾਰਕ ਪ੍ਰੋਗਰਾਮ ਹੋਵੇਗਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਮੰਚ ਤੋਂ ਪੰਜਾਬ ਦੇ ਨੌਜਵਾਨਾਂ ਦੇ ਨਾਂ ਵਿਸ਼ੇਸ਼ ਸੰਦੇਸ਼ ਦੇਣਗੇ। ਇਸ ਈਵੈਂਟ ਲਈ ਹੁਣ ਤੱਕ 1 ਲੱਖ 25 ਹਜ਼ਾਰ ਤੋਂ ਵੱਧ ਨੌਜਵਾਨ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ।

ਹੋਰ ਖ਼ਬਰਾਂ :-  ਐਨ.ਆਰ.ਆਈ. ਪੰਜਾਬੀਆਂ ਨੇ ਐਨ.ਆਰ.ਆਈ. ਮਿਲਣੀਆਂ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦੀ ਸੋਚ ਨੇ ਦੇਸ਼ ਨੂੰ ਆਜ਼ਾਦ ਕਰਵਾਇਆ ਸੀ ਅਤੇ ਉਸ ਸੋਚ ਨੂੰ ਅੱਗੇ ਵਧਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਡਾ. ਭੀਮਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਜੀ ਦੀ ਵਿਚਾਰਧਾਰਾ ਨੂੰ ਪਹਿਲ ਦਿੱਤੀ ਗਈ।

ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਵਰਗੀਆਂ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਪਾਰਟੀਆਂ ਨੇ ਪੰਜਾਬ ਨੂੰ ‘ਉੱਡਦਾ ਪੰਜਾਬ’ ਅਤੇ ਸਾਡੇ ਨੌਜਵਾਨਾਂ ਨੂੰ ਨਸ਼ੇੜੀ ਕਹਿ ਕੇ ਬਦਨਾਮ ਕੀਤਾ ਹੈ। ਪਰ ਮੈਰਾਥਨ ਅਤੇ ਖੇਡ ਸਮਾਗਮਾਂ ‘ਚ ਨੌਜਵਾਨਾਂ ਦੀ ਭਾਰੀ ਗਿਣਤੀ ਦੇਖ ਕੇ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ ਦਾ ਨੌਜਵਾਨ ਨਸ਼ਿਆਂ ਵਿਰੁੱਧ ਇਕਜੁੱਟ ਹੈ। ਲੁਧਿਆਣਾ ‘ਚ ਹੋਣ ਵਾਲੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਨੂੰ ਲੈ ਕੇ ਸੂਬੇ ਭਰ ਦੇ ਨੌਜਵਾਨਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਆਮ ਆਦਮੀ ਪਾਰਟੀ ਯੂਥ ਵਿੰਗ ਦੇ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ ਯੂਥ ਵਿੰਗ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਜੋੜਨ ਦੀ ਸ਼ੁਰੂਆਤ ਮੋਹਾਲੀ ਤੋਂ ਯੂਥ ਮੈਰਾਥਨ ਰਾਹੀਂ ਹੋਈ ਸੀ, ਜਿੱਥੇ 10,000 ਨੌਜਵਾਨਾਂ ਨੇ ਭਾਗ ਲਿਆ। ਇਸ ਤੋਂ ਬਾਅਦ ਜਲੰਧਰ ਅਤੇ ਬਠਿੰਡਾ (25,000 ਨੌਜਵਾਨਾਂ ਦੀ ਸ਼ਮੂਲੀਅਤ) ‘ਚ ਮੈਰਾਥਨ ਕਰਵਾ ਕੇ ਨੌਜਵਾਨਾਂ ਨੇ ਨਵਾਂ ਇਤਿਹਾਸ ਰਚਿਆ।

ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਪੰਜਾਬ ਦੇ ਨੌਜਵਾਨਾਂ ਨੂੰ ਬਦਨਾਮ ਕਰਨ ‘ਚ ਲੱਗੀਆਂ ਹੋਈਆਂ ਸਨ, ਪਰ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਯੂਥ ਵਿੰਗ ਦੀ ਟੀਮ ਨਾਲ ਬੈਠਕ ਕਰਕੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ‘ਜਸ਼ਨ-ਏ-ਇਨਕਲਾਬ’ ਰਾਹੀਂ ਪੰਜਾਬ ਦੀ ਚੜ੍ਹਦੀ ਕਲਾ ਦਾ ਸੰਦੇਸ਼ ਦੇਣ ਦਾ ਫੈਸਲਾ ਕੀਤਾ ਹੈ। ਇਸ ਪ੍ਰੋਗਰਾਮ ਲਈ ਲੱਖਾਂ ਦੀ ਗਿਣਤੀ ‘ਚ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦਾ ਭਵਿੱਖ ਸੁਰੱਖਿਅਤ ਅਤੇ ਪ੍ਰਗਤੀਸ਼ੀਲ ਹੱਥਾਂ ‘ਚ ਹੈ। 

Leave a Reply

Your email address will not be published. Required fields are marked *