ਨੰਗਲ 01 ਅਕਤੂਬਰ: ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਪਣੇ ਸ਼ਹਿਰ ਵਿੱਚ ਹੀ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਵਾਰਡ ਨੰਬਰ -14 ਵਿੱਚ ਬਣਨ ਵਾਲੇ ਕ੍ਰਿਕਟ ਬਾਕਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਵਿੱਚ ਕੁੱਲ 7 ਆਧੁਨਿਕ ਕ੍ਰਿਕਟ ਬਾਕਸ ਬਣਾਏ ਜਾਣਗੇ। ਇਹ ਕ੍ਰਿਕਟ ਬਾਕਸ ਵਾਰਡ ਨੰਬਰ 3, 4, 8, 11, 12, 14 ਅਤੇ 16 ਵਿੱਚ ਤਿਆਰ ਕੀਤੇ ਜਾਣਗੇ, ਜਿਸ ਨਾਲ ਵੱਖ-ਵੱਖ ਇਲਾਕਿਆਂ ਦੇ ਨੌਜਵਾਨਾਂ ਨੂੰ ਖੇਡਣ ਲਈ ਨੇੜੇ ਹੀ ਢੁੱਕਵੀਆਂ ਸਹੂਲਤਾਂ ਮਿਲ ਸਕਣਗੀਆਂ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਕ੍ਰਿਕਟ ਬਾਕਸਾਂ ਦਾ ਨਿਰਮਾਣ ਆਧੁਨਿਕ ਖੇਡ ਮਾਪਦੰਡਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ। ਹਰੇਕ ਕ੍ਰਿਕਟ ਬਾਕਸ ਦੀ ਲੰਬਾਈ ਕਰੀਬ 100 ਤੋਂ 120 ਫੁੱਟ ਹੋਵੇਗੀ ਅਤੇ ਇੱਥੇ ਖਿਡਾਰੀਆਂ ਦੀ ਲੋੜ ਅਨੁਸਾਰ ਬੁਨਿਆਦੀ ਖੇਡ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕ੍ਰਿਕਟ ਬਾਕਸ ਵਿੱਚ ਲੋੜੀਂਦੀਆਂ ਲਾਈਟਾਂ, ਖੇਡਣ ਲਈ ਉਚਿਤ ਪਿੱਚ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਤਾਂ ਜੋ ਨੌਜਵਾਨ ਦਿਨ ਦੇ ਨਾਲ-ਨਾਲ ਸ਼ਾਮ ਸਮੇਂ ਵੀ ਆਪਣੀ ਖੇਡ ਦਾ ਅਭਿਆਸ ਕਰ ਸਕਣ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹਰੇਕ ਕ੍ਰਿਕਟ ਬਾਕਸ ਦੇ ਨਿਰਮਾਣ ’ਤੇ ਕਰੀਬ 50 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਕਿਉਂਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਲਈ ਵਧੀਆ ਮਾਹੌਲ ਅਤੇ ਸਹੂਲਤਾਂ ਮਿਲਣ ਨਾਲ ਉਹ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਣਗੇ ਅਤੇ ਭਵਿੱਖ ਵਿੱਚ ਉੱਚ ਪੱਧਰ ’ਤੇ ਵੀ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰ ਸਕਣਗੇ।
ਉਨ੍ਹਾਂ ਕਿਹਾ ਕਿ ਨੰਗਲ ਦੇ ਵੱਖ-ਵੱਖ ਵਾਰਡਾਂ ਵਿੱਚ ਕ੍ਰਿਕਟ ਬਾਕਸ ਬਣਾਉਣ ਦਾ ਮਕਸਦ ਖੇਡ ਸਹੂਲਤਾਂ ਨੂੰ ਲੋਕਾਂ ਦੇ ਘਰਾਂ ਦੇ ਨੇੜੇ ਲਿਆਉਣਾ ਹੈ। ਇਸ ਨਾਲ ਵੱਡੀ ਗਿਣਤੀ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਨਿਯਮਿਤ ਤੌਰ ’ਤੇ ਕ੍ਰਿਕਟ ਖੇਡਣ ਅਤੇ ਅਭਿਆਸ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਅਤੇ ਹੋਰ ਖੇਡ ਸਹੂਲਤਾਂ ਦੇ ਵਿਕਾਸ ਨਾਲ ਨੰਗਲ ਦੇ ਨੌਜਵਾਨਾਂ ਨੂੰ ਆਪਣੀ ਊਰਜਾ ਸਹੀ ਦਿਸ਼ਾ ਵਿੱਚ ਲਗਾਉਣ ਲਈ ਇੱਕ ਬਿਹਤਰ ਮੰਚ ਮਿਲੇਗਾ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਦੇ ਵਿਕਾਸ ਲਈ ਵੱਖ-ਵੱਖ ਖੇਤਰਾਂ ਵਿੱਚ ਕੰਮ ਕੀਤਾ ਜਾ ਰਿਹਾ ਹੈ ਅਤੇ ਖੇਡਾਂ ਦਾ ਵਿਕਾਸ ਵੀ ਇਸ ਦਾ ਇੱਕ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਕ੍ਰਿਕਟ ਬਾਕਸਾਂ ਦਾ ਨਿਰਮਾਣ ਮੁਕੰਮਲ ਹੋਣ ਉਪਰੰਤ ਇਨ੍ਹਾਂ ਦਾ ਲਾਭ ਸਥਾਨਕ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਮਿਲੇਗਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਇਨ੍ਹਾਂ ਸਹੂਲਤਾਂ ਦਾ ਪੂਰਾ ਲਾਭ ਉਠਾਉਣ।
ਇਸ ਮੌਕੇ ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ, ਮਨਜੋਤ ਸਿੰਘ ਕੋਂਸਲਰ, ਪਰਮਜੀਤ ਸਿੰਘ, ਨਰਿੰਦਰ ਜੀਤ ਸਿੰਘ ਨਿੰਦੀ, ਰਾਜੂ ਅਰੋੜਾ, ਗੁਰਭਾਗ ਸਿੰਘ ਓ.ਐਸ.ਡੀ, ਕੇਹਰ ਸਿੰਘ ਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਤੇ ਵਰਕਰ ਹਾਜ਼ਰ ਸਨ।