ਲਹਿਰਾਗਾਗਾ, 4 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਕਾਲੀਆਂ ਵਿਖੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦਾ ਉਦਘਾਟਨ ਕਰ ਕੇ ਇਹ ਸਹੂਲਤ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਕੈਬਨਿਟ ਮੰਤਰੀ ਨੇ ਸੰਗਤ ਨਾਲ ਸਮਾਗਮ ਵਿੱਚ ਸ਼ਿਰਕਤ ਕੀਤੀ।
ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਅਤੇ ਇਨ੍ਹਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਧਰਮਸ਼ਾਲਾਵਾਂ ਪਿੰਡਾਂ ਦੇ ਸਮਾਜਿਕ ਅਤੇ ਭਾਈਚਾਰਕ ਜੀਵਨ ਦਾ ਅਹਿਮ ਹਿੱਸਾ ਹਨ। ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ ਅਤੇ ਧਾਰਮਿਕ ਸਮਾਗਮ ਕਰਵਾਉਣ ਲਈ ਢੁੱਕਵੀਂ ਥਾਂ ਮਿਲੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਇਸ ਸਾਂਝੀ ਇਮਾਰਤ ਦੀ ਸੁਚੱਜੀ ਵਰਤੋਂ ਅਤੇ ਸਾਂਭ-ਸੰਭਾਲ ਲਈ ਆਪਸੀ ਸਹਿਯੋਗ ਨਾਲ ਕੰਮ ਕਰਨ ਦੀ ਅਪੀਲ ਕੀਤੀ।
ਸ੍ਰੀ ਗੋਇਲ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਬਰਾਬਰੀ, ਮਨੁੱਖੀ ਸਤਿਕਾਰ ਅਤੇ ਭਾਈਚਾਰੇ ਦਾ ਸੁਨੇਹਾ ਸਮਾਜ ਨੂੰ ਜੋੜਨ ਦਾ ਰਾਹ ਦਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਆਪਸੀ ਪਿਆਰ ਅਤੇ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।
ਇਸ ਮੌਕੇ ਬਲਾਕ ਸੰਮਤੀ ਮੈਂਬਰ ਅਜੀਤ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਪਿੰਡ ਵਿੱਚ ਹੋ ਰਹੇ ਵਿਕਾਸ ਕਾਰਜਾਂ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਬਰਿੰਦਰ ਕੁਮਾਰ ਗੋਇਲ ਦੇ ਯਤਨਾਂ ਸਦਕਾ ਪਿੰਡ ਕਾਲੀਆਂ ਨੇ ਵਿਕਾਸ ਪੱਖੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਆਗੂਆਂ ਨੇ ਪਿੰਡ ਦੀਆਂ ਲੋੜਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ, ਜਦਕਿ ਹੁਣ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਪਿੰਡ ਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ।
ਪਿੰਡ ਵਾਸੀਆਂ ਵੱਲੋਂ ਪ੍ਰਗਟਾਏ ਭਰੋਸੇ ਲਈ ਧੰਨਵਾਦ ਕਰਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਲੋਕਾਂ ਦਾ ਸਹਿਯੋਗ ਉਨ੍ਹਾਂ ਨੂੰ ਹੋਰ ਸਮਰਪਣ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਕਾਲੀਆਂ ਸਮੇਤ ਹਲਕੇ ਦੇ ਸਾਰੇ ਪਿੰਡਾਂ ਦੀਆਂ ਵਿਕਾਸ ਸਬੰਧੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਯਤਨ ਜਾਰੀ ਰਹਿਣਗੇ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਸਨਮੀਕ ਸਿੰਘ ਹੈਨਰੀ, ਬਲਾਕ ਸੰਮਤੀ ਮੈਂਬਰ ਅਜੀਤ ਸਿੰਘ, ਮੱਖਣ ਸਿੰਘ, ਗੁਲਜਾਰ ਸਿੰਘ,ਮਨਦੀਪ ਸਿੰਘ,ਸਮੇਤ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜਿਰ ਸਨ।