ਕੋਟਕਪੂਰਾ ,18 ਅਕਤੂਬਰ – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਬੀਤੇ ਦਿਨ ਪਿੰਡ ਖਾਰਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਕੁਦਰਤੀ ਆਫ਼ਤ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਫ਼ਸਲਾਂ ਦੇ ਨੁਕਸਾਨ ਸਬੰਧੀ ਜਾਣਕਾਰੀ ਹਾਸਲ ਕੀਤੀ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸਾਨ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਦੇਸ਼ ਦਾ ਅੰਨ ਭੰਡਾਰ ਭਰਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਕਾਰਨ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ ਹੋਣਾ ਬੇਹੱਦ ਚਿੰਤਾ ਦਾ ਵਿਸ਼ਾ ਹੈ। ਅਜਿਹੇ ਮੁਸ਼ਕਲ ਸਮੇਂ ਵਿੱਚ ਕਿਸਾਨਾਂ ਦੇ ਨਾਲ ਖੜ੍ਹਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨਾ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਪ੍ਰਭਾਵਿਤ ਫ਼ਸਲਾਂ ਦੇ ਨੁਕਸਾਨ ਸਬੰਧੀ ਬਣਦੀ ਕਾਰਵਾਈ ਲਈ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਬਣਦੀ ਰਾਹਤ ਮੁਹੱਈਆ ਕਰਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ।
ਇਸ ਮੌਕੇ ਤਹਿਸੀਲਦਾਰ ਪਰਮਿੰਦਰ ਸਿੰਘ, ਜਗਤਾਰ ਸਿੰਘ ਜੱਗਾ ਸਰਪੰਚ ਖਾਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।