ਹੁਸ਼ਿਆਰਪੁਰ, 21 ਅਕਤੂਬਰ: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਪੂਰੇ ਜ਼ਿਲ੍ਹੇ ਵਿੱਚ ਇਸ ਅਲਾਮਤ ਨੂੰ ਠੱਲ੍ਹ ਪਾਉਣ ਲਈ ਜਾਗਰੂਕਤਾ, ਖੇਡਾਂ ਅਤੇ ਰੁਜ਼ਗਾਰ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਹੈ।
ਨਸ਼ਿਆਂ ਦੇ ਖਾਤਮੇ ਲਈ ਅਧਿਕਾਰੀਆਂ ਵੱਲੋਂ ਸੰਬੰਧਤ ਵਿਭਾਗਾਂ ਦੀਆਂ ਟੀਮਾਂ ਸਮੇਤ ਵੱਖ-ਵੱਖ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਪਹਿਲਾਂ ਹੀ ਨਸ਼ਾ ਪ੍ਰਭਾਵਿਤ ਖੇਤਰਾਂ ਨੂੰ ਇਸ ਬੁਰਾਈ ਤੋਂ ਮੁਕਤ ਕਰਾਇਆ ਜਾ ਸਕੇ। ਜ਼ਿਲਾ ਪ੍ਰਸ਼ਾਸਨ ਵੱਲੋਂ ਇੱਕ ਵਿਆਪਕ 60 ਦਿਨਾਂ ਦੀ ਕਾਰਜ ਯੋਜਨਾ ਉਲੀਕੀ ਗਈ ਹੈ ਜਿਸ ਤਹਿਤ ਅਧਿਕਾਰੀ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨਗੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆਂ ਦੇ ਸਿਹਤ ਅਤੇ ਸਮਾਜ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਤਾਲਮੇਲ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਖੇਡ ਗਤੀਵਿਧੀਆਂ ਨੂੰ ਵੀ ਵੱਡੇ ਪੱਧਰ ‘ਤੇ ਹੁਲਾਰਾ ਦੇਵੇਗਾ ਤਾਂ ਜੋ ਉਹ ਆਪਣੀ ਰੋਜ਼ੀ-ਰੋਟੀ ਕਮਾ ਸਕਣ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਨੌਕਰੀਆਂ ਪ੍ਰਾਪਤ ਕਰਨ ਲਈ ਪਲੇਟਫਾਰਮ ਪ੍ਰਦਾਨ ਕਰਨ ਵਾਸਤੇ 29 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਇੱਕ ਮੈਗਾ ਰੁਜ਼ਗਾਰ ਮੇਲਾ ਲਗਾਉਣ ਦਾ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਸਹਾਇਕ ਕਮਿਸ਼ਨਰ ਅਮਨਦੀਪ ਕੌਰ ਲੋਕਾਂ ਨੂੰ ਮਿਲਣ ਅਤੇ ਨਸ਼ੇ ਦੇ ਖ਼ਾਤਮੇ ਲਈ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਪਿੰਡਾਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ, ‘ਪ੍ਰਸ਼ਾਸਨ ਨੇ ਜਨਤਕ ਹਿੱਤ ਵਿੱਚ ਸਾਰੇ ਨਸ਼ਾ ਪ੍ਰਭਾਵਿਤ ਖੇਤਰਾਂ ਨੂੰ ਕਵਰ ਕਰਨ ਲਈ ਇੱਕ ਵਿਸਥਾਰਤ ਯੋਜਨਾ ਬਣਾਈ ਹੈ, ਜਿੱਥੇ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ।’
ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਅਮਨਦੀਪ ਕੌਰ ਨੇ ਇਸ ਮੁਹਿੰਮ ਤਹਿਤ ਅੱਜ ਨੇੜਲੇ ਪਿੰਡ ਭੁੰਗਰਨੀ ਦੇ ਵਸਨੀਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀ ਖੇਡਾਂ ਅਤੇ ਰੁਜ਼ਗਾਰ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨਸ਼ਿਆਂ ਦੀ ਲਤ ਲਾ ਚੁੱਕੇ ਨੌਜਵਾਨਾਂ ਨੂੰ ਹੁਸ਼ਿਆਰਪੁਰ ਵਿਖੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਉਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ 29 ਅਕਤੂਬਰ ਨੂੰ ਭੁੰਗਰਨੀ ਪਿੰਡ ਵਿੱਚ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ।ਪਿੰਡ ਵਿੱਚ ਨਸ਼ਾ ਰੋਕਥਾਮ ਦੇ ਉਪਰਾਲਿਆਂ ਨੂੰ ਅੰਤਿਮ ਰੂਪ ਦੇਣ, ਪ੍ਰਭਾਵਿਤ ਨੌਜਵਾਨਾਂ ਦਾ ਪੁਨਰਵਾਸ ਕਰਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਲਈ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਗ੍ਰਾਮ ਪੰਚਾਇਤ ਨਾਲ ਇੱਕ ਵਿਸਥਾਰਤ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਮੇਲੇ ਵਿੱਚ ਵੱਖ-ਵੱਖ ਉਦਯੋਗਿਕ ਘਰਾਣੇ ਅਤੇ ਕੰਪਨੀਆਂ ਹਿੱਸਾ ਲੈਣਗੀਆਂ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਪਿੰਡ ਵਿੱਚ ਖੇਡ ਗਤੀਵਿਧੀਆਂ ਕਰਵਾਏਗਾ ਅਤੇ ਸਥਾਨਕ ਨੌਜਵਾਨਾਂ ਨੂੰ ਦਿਨ ਵਿੱਚ ਦੋ ਵਾਰ ਸਿਖਲਾਈ ਦੇਣ ਲਈ ਇੱਕ ਖੇਡ ਕੋਚ ਤਾਇਨਾਤ ਕਰੇਗਾ। ਨੌਜਵਾਨਾਂ ਨੂੰ ਖੇਡਾਂ ਅਪਣਾਉਣ ਅਤੇ ਸਿਹਤਮੰਦ ਗਤੀਵਿਧੀਆਂ ਵਿੱਚ ਰੁੱਝੇ ਰਹਿਣ ਲਈ ਉਤਸ਼ਾਹਿਤ ਕਰਨ ਵਾਸਤੇ ਮਿਆਰੀ ਖੇਡ ਸਿਖਲਾਈ ਅਤੇ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਥਾਨਕ ਨਸ਼ਾ ਛੁਡਾਊ ਜਾਂ ਪੁਨਰਵਾਸ ਕੇਂਦਰਾਂ ਵਿੱਚ ਉਨ੍ਹਾਂ ਦੇ ਇਲਾਜ ਦੀ ਸਹੂਲਤ ਲਈ ਹਫ਼ਤਾਵਾਰੀ ਸਕ੍ਰੀਨਿੰਗ ਕੈਂਪ ਲਗਾਏਗਾ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਇਲਾਜ ਲਈ ਦੋ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਵੀ ਕਰਵਾਇਆ ਗਿਆ।
ਪੁਲਿਸ ਵਿਭਾਗ ਪਿੰਡਾਂ ਦੇ ਦਾਖ਼ਲੇ ਅਤੇ ਨਿਕਾਸ ਨੁਕਤਿਆਂ ਸਮੇਤ ਵੱਖ-ਵੱਖ ਥਾਵਾਂ ‘ਤੇ ਨਿਯਮਤ ਪੁਲਿਸ ਨਾਕੇ ਲਗਾ ਕੇ ਨਿਗਰਾਨੀ ਅਤੇ ਸਖ਼ਤੀ ਨੂੰ ਵੀ ਮਜ਼ਬੂਤ ਕਰੇਗਾ। ਸਹਾਇਕ ਕਮਿਸ਼ਨਰ ਨੇ ਕਿਹਾ ਕਿ ਇਹ ਤਾਲਮੇਲ ਵਾਲੀ ਪਹਿਲਕਦਮੀ ਭੁੰਗਰਨੀ ਪਿੰਡ ਵਿੱਚ 60 ਦਿਨਾਂ ਦੀ ਕਾਰਜ ਯੋਜਨਾ ਤਹਿਤ ਸਥਾਈ ਤਬਦੀਲੀ ਲਿਆਉਣ ‘ਤੇ ਧਿਆਨ ਕੇਂਦ੍ਰਤ ਕਰਦਿਆਂ ਰੁਜ਼ਗਾਰ, ਖੇਡਾਂ, ਸਿਹਤ ਸੰਭਾਲ, ਪੁਨਰਵਾਸ ਅਤੇ ਸਖ਼ਤ ਪੁਲਿਸਿੰਗ ਨੂੰ ਸ਼ਾਮਲ ਕਰਨ ਵਾਲੀ ਬਹੁ-ਪੱਖੀ ਪਹੁੰਚ ਰਾਹੀਂ ਨਸ਼ੇ ਦੀ ਅਲ਼ਾਮਤ ਨੂੰ ਦੂਰ ਕਰੇਗੀ।