ਜਲੰਧਰ, 24 ਅਕਤੂਬਰ : ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਤਹਿਤ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਇਹ ਕੈਂਪ ਲਗਾਏ ਗਏ ਸਨ, ਤਾਂ ਜੋ ਯੋਗ ਵੋਟਰਾਂ ਨੂੰ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿ ਕੇ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਮੌਜੂਦਾ ਵੇਰਵਿਆਂ ਦੀ ਜਾਂਚ ਕਰਨ, ਆਪਣਾ ਨਾਮ ਦਰਜ ਕਰਵਾਉਣ, ਵੇਰਵਿਆਂ ਵਿੱਚ ਲੋੜੀਂਦੀ ਸੋਧ ਕਰਵਾਉਣ ਅਤੇ ਚੋਣਾਂ ਨਾਲ ਸਬੰਧਤ ਹੋਰ ਸੇਵਾਵਾਂ ਸਬੰਧੀ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਦੇ ਨਾਲ ਹੀ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਅਤੇ ਆਪਣੇ ਵੇਰਵਿਆਂ ਦੀ ਪੁਸ਼ਟੀ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਸ਼੍ਰੀ ਵਾਲੀਆ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਸਾਰੇ ਯੋਗ ਨਾਗਰਿਕਾਂ ਨੂੰ ਆਪਣੇ ਚੋਣ ਵੇਰਵਿਆਂ ਦੀ ਪੜਤਾਲ ਕਰਨ ਅਤੇ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਜਾਂ ਦਰਜ ਵੇਰਵਿਆਂ ਵਿੱਚ ਸੁਧਾਰ ਕਰਨ ਨਾਲ ਸਬੰਧਤ ਲੋੜੀਂਦੀ ਪ੍ਰਕਿਰਿਆ ਪੂਰੀ ਕਰਨ ਦਾ ਮੌਕਾ ਮਿਲ ਸਕੇ।
ਡਿਪਟੀ ਕਮਿਸ਼ਨਰ ਨੇ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਦਰਜ ਆਪਣੇ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਸੋਧ ਜਾਂ ਨਵੀਂ ਰਜਿਸਟ੍ਰੇਸ਼ਨ ਲਈ ਨਿਰਧਾਰਤ ਪ੍ਰਕਿਰਿਆ ਅਪਣਾਉਣ ਦੀ ਅਪੀਲ ਕੀਤੀ, ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟਰ ਵਜੋਂ ਰਜਿਸਟ੍ਰੇਸ਼ਨ ਤੋਂ ਵਾਂਝਾ ਨਾ ਰਹੇ।
ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਨਾਗਰਿਕ ਟੋਲ-ਫ੍ਰੀ ਵੋਟਰ ਹੈਲਪਲਾਈਨ 1950 ’ਤੇ ਸੰਪਰਕ ਕਰ ਸਕਦੇ ਹਨ।