ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਅਧੀਨ ਪੈਸਕੋ ਰਾਹੀਂ ਕੰਮ ਕਰਦੇ 59 ਮੁਲਾਜ਼ਮ ਹੁਣ ਪੀ.ਐਸ.ਪੀ.ਸੀ.ਐੱਲ. ਅਧੀਨ ਕੰਟਰੈਕਟ ‘ਤੇ ਹੋਏ – ਹਰਜੋਤ ਬੈਂਸ

59 employees working through PESCO under Anandpur Sahib Hydel Project are now on contract under PSPCL – Harjot Bains

ਸ੍ਰੀ ਅਨੰਦਪੁਰ ਸਾਹਿਬ 04 ਨਵੰਬਰ: ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਅਧੀਨ ਪੈਸਕੋ ਰਾਹੀਂ ਆਊਟਸੋਰਸ ਆਧਾਰ ‘ਤੇ ਕੰਮ ਕਰ ਰਹੇ 59 ਮੁਲਾਜ਼ਮਾਂ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਿੱਧੇ ਅਧੀਨ ਕੰਟਰੈਕਟ ‘ਤੇ ਲਿਆਉਣ ਦੀ ਪ੍ਰਕਿਰਿਆ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਯੁਕਤੀ ਪੱਤਰ ਸੌਂਪੇ। ਆਪਣੇ ਜੱਦੀ ਪਿੰਡ ਗੰਭੀਰਪੁਰ ਸਥਿਤ ਰਿਹਾਇਸ਼ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਮੁਲਾਜ਼ਮਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਮੁਲਾਜ਼ਮਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਉਨ੍ਹਾਂ ਲਈ ਇਹ ਮੌਕਾ ਲੰਮੇ ਸਮੇਂ ਤੋਂ ਚੱਲ ਰਹੀ ਉਡੀਕ ਅਤੇ ਆਪਣੇ ਰੁਜ਼ਗਾਰ ਦੇ ਭਵਿੱਖ ਨੂੰ ਲੈ ਕੇ ਭਰੋਸੇ ਦੀ ਨਵੀਂ ਸ਼ੁਰੂਆਤ ਵਜੋਂ ਸਾਹਮਣੇ ਆਇਆ।

          ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁਲਾਜ਼ਮ ਕਿਸੇ ਵੀ ਸਰਕਾਰੀ ਅਦਾਰੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਤੇ ਸਮਰਪਣ ਨਾਲ ਹੀ ਵਿਭਾਗ ਆਪਣੀਆਂ ਸੇਵਾਵਾਂ ਸੁਚਾਰੂ ਢੰਗ ਨਾਲ ਲੋਕਾਂ ਤੱਕ ਪਹੁੰਚਾਉਂਦਾ ਹੈ। ਉਨ੍ਹਾਂ ਕਿਹਾ ਕਿ ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਅਧੀਨ ਲੰਮੇ ਸਮੇਂ ਤੋਂ ਪੈਸਕੋ ਰਾਹੀਂ ਸੇਵਾਵਾਂ ਨਿਭਾਅ ਰਹੇ ਇਨ੍ਹਾਂ 59 ਮੁਲਾਜ਼ਮਾਂ ਨੂੰ ਸਿੱਧੇ ਪੀ.ਐਸ.ਪੀ.ਸੀ.ਐੱਲ. ਦੇ ਅਧੀਨ ਕੰਟਰੈਕਟ ‘ਤੇ ਲਿਆਉਣਾ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਵੱਲ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਭਵਿੱਖ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।

        ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ, ਉਨ੍ਹਾਂ ਦੇ ਹੱਕਾਂ ਦੀ ਰਾਖੀ ਅਤੇ ਰੁਜ਼ਗਾਰ ਸਬੰਧੀ ਸਥਿਰਤਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਸਰਕਾਰ ਦਾ ਉਦੇਸ਼ ਸਿਰਫ਼ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੀ ਨਹੀਂ, ਸਗੋਂ ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਨੂੰ ਬਣਦਾ ਮਾਣ-ਸਤਿਕਾਰ ਅਤੇ ਬਿਹਤਰ ਕੰਮਕਾਜੀ ਮਾਹੌਲ ਮੁਹੱਈਆ ਕਰਵਾਉਣਾ ਵੀ ਹੈ। ਉਨ੍ਹਾਂ ਕਿਹਾ ਕਿ 59 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਨਾਲ ਮੁਲਾਜ਼ਮਾਂ ਦਾ ਮਨੋਬਲ ਵਧੇਗਾ ਅਤੇ ਉਹ ਹੋਰ ਵੀ ਉਤਸ਼ਾਹ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਮੁਲਾਜ਼ਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਵਿਭਾਗ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਂਦੇ ਰਹਿਣਗੇ।

ਹੋਰ ਖ਼ਬਰਾਂ :-  ਖੇਤੀਬਾੜੀ ਹਾਦਸਿਆਂ ਦੇ ਪੀੜਤਾਂ ਨੂੰ 4 ਲੱਖ 20 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੰਡੇ

           ਕੈਬਨਿਟ ਮੰਤਰੀ ਨੇ ਕਿਹਾ ਕਿ ਦੀਵਾਲੀ ਰੌਸ਼ਨੀ, ਖੁਸ਼ੀਆਂ ਅਤੇ ਆਪਸੀ ਸਾਂਝ ਦਾ ਤਿਉਹਾਰ ਹੈ। ਇਸ ਸ਼ੁਭ ਮੌਕੇ ‘ਤੇ 59 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਣਾ ਉਨ੍ਹਾਂ ਲਈ ਵੀ ਬੇਹੱਦ ਖੁਸ਼ੀ ਅਤੇ ਸੰਤੁਸ਼ਟੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪਰਿਵਾਰ ਲਈ ਰੁਜ਼ਗਾਰ ਦੀ ਸਥਿਰਤਾ ਬਹੁਤ ਮਹੱਤਵ ਰੱਖਦੀ ਹੈ ਅਤੇ ਜਦੋਂ ਪਰਿਵਾਰ ਦੇ ਮੈਂਬਰ ਦੇ ਭਵਿੱਖ ਨੂੰ ਲੈ ਕੇ ਭਰੋਸਾ ਵੱਧਦਾ ਹੈ ਤਾਂ ਇਸ ਦਾ ਸਕਾਰਾਤਮਕ ਪ੍ਰਭਾਵ ਪੂਰੇ ਪਰਿਵਾਰ ‘ਤੇ ਪੈਂਦਾ ਹੈ। ਉਨ੍ਹਾਂ ਸਾਰੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੀ ਤਰੱਕੀ, ਖੁਸ਼ਹਾਲੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

        ਇਸ ਮੌਕੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੈਸਕੋ ਰਾਹੀਂ ਆਊਟਸੋਰਸ ਆਧਾਰ ‘ਤੇ ਕੰਮ ਕਰਨ ਦੀ ਬਜਾਏ ਸਿੱਧੇ ਪੀ.ਐਸ.ਪੀ.ਸੀ.ਐੱਲ. ਦੇ ਅਧੀਨ ਕੰਟਰੈਕਟ ‘ਤੇ ਲਿਆਉਣਾ ਉਨ੍ਹਾਂ ਲਈ ਵੱਡੀ ਰਾਹਤ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਉਨ੍ਹਾਂ ਦੇ ਲੰਮੇ ਸਮੇਂ ਦੇ ਇੰਤਜ਼ਾਰ ਨੂੰ ਨਵੀਂ ਦਿਸ਼ਾ ਦੇਣ ਵਾਲਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਹਿਲਾਂ ਵਾਂਗ ਹੀ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ। ਇਸ ਮੌਕੇ ਇੰਜੀਨੀਅਰ ਨਵੀਨ ਮਲਹੋਤਰਾ, ਅਧਿਕਾਰੀ ਸਮੇਤ ਹੋਰ ਪਤਵੰਤੇ ਅਤੇ ਮੁਲਾਜ਼ਮ ਹਾਜ਼ਰ ਸਨ। 

Leave a Reply

Your email address will not be published. Required fields are marked *