ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮੌੜ ਵਿਖੇ ਕੀਤੀ ਲੋਕ ਮਿਲਣੀ

Speaker Punjab Vidhan Sabha S. Kultar Singh Sandhwan held a public meeting at village Maur

ਕੋਟਕਪੂਰਾ 10 ਨਵੰਬਰ –   ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਮੌੜ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ ਅਤੇ ਅੱਜ ਲੋਕਾਂ ਦਾ ਮਿਲ ਰਿਹਾ ਪਿਆਰ ਤੇ ਵਿਸ਼ਵਾਸ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ।

ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ ਦੀ ਸਹੂਲਤ, ਸਿਹਤ ਸਹੂਲਤਾਂ ਅਤੇ ਲੋੜਵੰਦਾਂ ਦੇ ਗੋਡੇ ਬਿਲਕੁਲ ਮੁਫਤ ਵਿੱਚ ਬਦਲਣ ਵਰਗੇ ਇਲਾਜ ਦੀਆਂ ਸਹੂਲਤਾਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਗਰੀਬ ਪਰਿਵਾਰ ਮਹਿੰਗੇ ਇਲਾਜ ਬਾਰੇ ਸੋਚ ਵੀ ਨਹੀਂ ਸਕਦੇ ਸਨ, ਪਰ ਹੁਣ ਸਿਹਤ ਸਹੂਲਤਾਂ ਰਾਹੀਂ ਲੋਕਾਂ ਨੂੰ ਇਲਾਜ ਕਰਵਾਉਣ ਦਾ ਮੌਕਾ ਮਿਲ ਰਿਹਾ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਦਾ ਇਹ ਇਕੱਠ ਉਨ੍ਹਾਂ ਵੱਲੋਂ ਪਿਛਲੇ ਲਗਭਗ ਪੰਜ ਸਾਲਾਂ ਦੌਰਾਨ ਕੀਤੀ ਸੇਵਾ ਦਾ ਪਿਆਰ ਅਤੇ ਅਸ਼ੀਰਵਾਦ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਦਿਆਂ ਉਹ ਅੱਗੇ ਵੀ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਦੇ ਰਹਿਣਗੇ।

ਹੋਰ ਖ਼ਬਰਾਂ :-  ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤਰਜੀਹੀ ਹੱਲ ਲਈ ਵਚਨਬੱਧ: ਅਨਿਲ ਠਾਕੁਰ

ਇਸ ਮੌਕੇ ਉਨ੍ਹਾਂ ਨੇ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੇ ਦੋਸ਼ਾਂ ਤੇ ਵੀ ਆਪਣਾ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਪੰਜਾਬੀਆਂ ਨੂੰ ਹਰ ਵਾਰ ਪਰਾਲੀ ਸਾੜਨ ਦੇ ਮਾਮਲੇ ਵਿੱਚ ਨਿਸ਼ਾਨਾ ਬਣਾਉਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਦੀ ਸਮੱਸਿਆ ਨੂੰ ਸਿਆਸੀ ਰੰਗਤ ਦੇਣ ਦੀ ਬਜਾਏ ਸਾਰੇ ਸੂਬਿਆਂ ਅਤੇ ਕੇਂਦਰ ਸਰਕਾਰ ਨੂੰ ਮਿਲ ਕੇ ਇਸ ਦਾ ਹੱਲ ਲੱਭਣਾ ਚਾਹੀਦਾ ਹੈ। ਉਨ੍ਹਾਂ ਦਿੱਲੀ ਅਤੇ ਹਰਿਆਣਾ ਵਿੱਚ ਵੀ ਪ੍ਰਦੂਸ਼ਣ ਦੀ ਸਮੱਸਿਆ ਵੱਲ ਧਿਆਨ ਦਿਵਾਉਂਦਿਆਂ ਕਿਹਾ ਕਿ ਇਸ ਮੁੱਦੇ ਤੇ ਪੰਜਾਬ ਨੂੰ ਇਕੱਲਿਆਂ ਜ਼ਿੰਮੇਵਾਰ ਠਹਿਰਾਉਣਾ ਵਾਜਬ ਨਹੀਂ ਹੈ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਦੇਸ਼ ਦੀ ਰੱਖਿਆ ਅਤੇ ਤਰੱਕੀ ਤੱਕ ਹਰ ਖੇਤਰ ਵਿੱਚ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਪੰਜਾਬੀ ਮਿਹਨਤ, ਹਿੰਮਤ ਅਤੇ ਦੇਸ਼ ਸੇਵਾ ਲਈ ਜਾਣੇ ਜਾਂਦੇ ਹਨ। ਇਸ ਲਈ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਸੂਬੇ ਦੇ ਕਿਸਾਨਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ।

ਇਸ ਮੌਕੇ ਸ. ਕੁਲਦੀਪ ਸਿੰਘ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। 

Leave a Reply

Your email address will not be published. Required fields are marked *