ਮਲੋਟ, (ਸ੍ਰੀ ਮੁਕਤਸਰ ਸਾਹਿਬ), 12 ਨਵੰਬਰ: ਆਗਾਮੀ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੇਜ਼ਬਾਨੀ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਸੀਨਿਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਬੈਠਕ ਆਈ.ਜੀ. ਫ਼ਰੀਦਕੋਟ ਰੇਂਜ ਨਿਲਾਂਬਰੀ ਜਗਦਲੇ ਦੀ ਪ੍ਰਧਾਨਗੀ ਹੇਠ ਮਲੋਟ ਵਿਖੇ ਹੋਈ। ਮੀਟਿੰਗ ਦੌਰਾਨ ਤਿੰਨੋਂ ਰਾਜਾਂ ਦੇ ਅਧਿਕਾਰੀਆਂ ਨੇ ਚੋਣਾਂ ਦੇ ਮੱਦੇਨਜ਼ਰ ਅਗਾਉਂ ਕੀਤੇ ਜਾਣ ਵਾਲੇ ਸੁਚੱਜੇ ਪ੍ਰਬੰਧਾਂ ਸਬੰਧੀ ਆਪਸੀ ਸੁਝਾਅ ਸਾਂਝੇ ਕੀਤੇ।
ਇਸ ਮੌਕੇ ਆਈ.ਜੀ. ਫ਼ਰੀਦਕੋਟ ਰੇਂਜ ਨਿਲਾਂਬਰੀ ਜਗਦਲੇ ਨੇ ਸ਼ਾਮਲ ਹੋਏ ਅਧਿਕਾਰੀਆਂ ਨੂੰ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਗੁਆਂਢੀ ਰਾਜ ਹਰਿਆਣਾ ਅਤੇ ਰਾਜਸਥਾਨ ਨਾਲ ਪੂਰਾ ਸਹਿਯੋਗ ਕੀਤਾ ਜਾਵੇਗਾ ਅਤੇ ਉਮੀਦ ਹੈ ਕਿ ਗੁਆਂਢੀ ਰਾਜ ਵੀ ਇਨ੍ਹਾਂ ਚੋਣਾਂ ਦੌਰਾਨ ਪੂਰਨ ਆਪਸੀ ਸਹਿਯੋਗ ਦੇਣਗੇ।
ਉਨ੍ਹਾਂ ਸਹਾਇਕ ਕਮਿਸ਼ਨਰ (ਆਬਕਾਰੀ) ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਨਾਜਾਇਜ਼ ਤੌਰ ’ਤੇ ਸ਼ਰਾਬ ਦੀ ਸਪਲਾਈ ਸਬੰਧੀ ਅਕਸਰ ਹੀ ਸੂਚਨਾਵਾਂ ਮਿਲਦੀਆਂ ਹਨ। ਇਸ ਸਬੰਧੀ ਉਨ੍ਹਾਂ ਦੇ ਵਿਭਾਗ ਵੱਲੋਂ ਪੂਰੀ ਚੌਕਸੀ ਰੱਖਦੇ ਹੋਏ ਅੰਤਰਰਾਜੀ ਰਾਜਾਂ ਅਤੇ ਜ਼ਿਲ੍ਹਿਆਂ ਵਿੱਚ ਸ਼ਰਾਬ ਜਾਂ ਹੋਰ ਨਸ਼ਿਆਂ ਦੀ ਵਰਤੋਂ ਨੂੰ ਚੋਣਾਂ ਵਿੱਚ ਸਖ਼ਤੀ ਨਾਲ ਰੋਕਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ।
ਇਸ ਦੌਰਾਨ ਉਨ੍ਹਾਂ ਗੁਆਂਢੀ ਰਾਜਾਂ (ਹਰਿਆਣਾ ਅਤੇ ਰਾਜਸਥਾਨ) ਦੇ ਮੌਜੂਦ ਅਧਿਕਾਰੀਆਂ ਨੂੰ ਚੋਣਾਂ ਸਮੇਂ ਗਲਤ ਜਾਣਕਾਰੀ ਅਤੇ ਅਫ਼ਵਾਹਾਂ ਦੇ ਫੈਲ੍ਹਣ ਤੋਂ ਰੋਕਣ ਲਈ ਸੋਸ਼ਲ ਮੀਡੀਆ ਟੀਮਾਂ ਦਾ ਗਠਨ ਕਰਨਾ ਵੀ ਯਕੀਨੀ ਬਣਾਇਆ ਜਾਵੇ।
ਡੀ.ਆਈ.ਡੀ. ਬਠਿੰਡਾ ਰੇਂਜ ਸ੍ਰੀ ਹਰਜੀਤ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਅਕਸਰ ਅਪਰਾਧੀ ਗਲਤ ਕਾਰਵਾਈ ਕਰਨ ਤੋਂ ਬਾਅਦ ਇਕ ਰਾਜ ਤੋਂ ਦੂਜੇ ਰਾਜ ਵਿੱਚ ਛੁਪ ਜਾਂਦੇ ਹਨ। ਇਸ ਤੋਂ ਬਿਨ੍ਹਾਂ ਸਰਹੱਦ ਤੋਂ ਪਾਰ ਵੀ ਧਨ ਬਲ ਜਾਂ ਨਸ਼ਿਆਂ ਰਾਹੀਂ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਵੀ ਮਾੜੇ ਅਨਸਰਾਂ ਵੱਲੋਂ ਕੀਤੀ ਜਾਂਦੀ ਹੈ, ਇਸ ਸਬੰਧੀ ਅੰਤਰਰਾਜੀ ਤੇ ਅੰਤਰ ਜ਼ਿਲ੍ਹਾ ਨਾਕਿਆਂ ’ਤੇ ਪੂਰੀ ਚੌਕਸੀ ਵਰਤੀ ਜਾਵੇ।
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਮੂਹ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹੱਦ ਹਰਿਆਣਾ ਅਤੇ ਰਾਜਸਥਾਨ ਦੋਹਾਂ ਨਾਲ ਲੱਗਦੀ ਹੈ। ਹਰਿਆਣਾ ਨਾਲ ਜ਼ਿਲ੍ਹੇ ਦੀ 15.3 ਕਿਲੋਮੀਟਰ ਅਤੇ ਰਾਜਸਥਾਨ ਨਾਲ 7.5 ਕਿਲੋਮੀਟਰ ਦੀ ਹੱਦ ਲੱਗਦੀ ਹੈ। ਉਨ੍ਹਾਂ ਅੱਜ ਦੀ ਮੀਟਿੰਗ ਵਿੱਚ ਤਿੰਨਾਂ ਰਾਜਾਂ ਵੱਲੋਂ ਆਪਸੀ ਤਾਲਮੇਲ ਲਈ ਸੂਚਨਾਵਾਂ ਦਾ ਅਦਾਨ ਪ੍ਰਦਾਨ ਕਰਨ ਤੋਂ ਇਲਾਵਾ ਹਰਿਆਣਾ ਅਤੇ ਰਾਜਸਥਾਨ ਤੋਂ ਵੀ ਭਰਪੂਰ ਸਹਿਯੋਗ ਮਿਲਣ ਦੀ ਆਸ ਵੀ ਪ੍ਰਗਟਾਈ ਅਤੇ ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਮਾੜੇ ਅਨਸਰਾਂ ਨੂੰ ਅਸਾਨੀ ਨਾਲ ਦਬੋਚਿਆ ਜਾ ਸਕਦਾ ਹੈ।
ਐਸ.ਐਸ.ਪੀ. ਸ੍ਰੀ ਅਭਿੰਮੰਨਿਊ ਰਾਣਾ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੀ ਸਰਹੱਦਾਂ ’ਤੇ 19 ਇੰਟਰਸਟੇਟ ਨਾਕੇ ਅਤੇ ਅੰਤਰ ਜ਼ਿਲ੍ਹਾ ਨਾਕੇ ਲਗਾਏ ਜਾਂਦੇ ਹਨ ਅਤੇ ਇਹ ਨਾਕੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹਨ ਅਤੇ ਪੁਲਿਸ ਵੱਲੋਂ ਪੂਰੀ ਚੌਕਸੀ ਨਾਲ ਕੰਮ ਕਰਦੇ ਹਨ। ਇਸ ਮੌਕੇ ਉਨ੍ਹਾਂ ਨੇ ਤਿੰਨਾਂ ਰਾਜਾਂ ਵਿੱਚ ਮਾੜੇ ਅਨਸਰਾਂ ਦੀਆਂ ਸੂਚਨਾਵਾਂ ਦਾ ਅਦਾਨ ਪ੍ਰਦਾਨ ਵੀ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ, ਐਸ.ਐਸ.ਪੀ. ਬਠਿੰਡਾ ਸ਼੍ਰੀ ਸੁਹੇਲ ਕਾਸਿਮ ਮੀਰ, ਵਧੀਕ ਡਿਪਟੀ ਕਮਸ਼ਨਰ (ਜ) ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨ ਦੀਪ ਸਿੰਘ, ਐਸ.ਡੀ.ਐੱਮ. ਗਿੱਦੜਬਾਹਾ ਸ੍ਰੀ ਪੁਨੀਤ ਸ਼ਰਮਾ, ਐਸ.ਡੀ.ਐਮ. ਮਲੋਟ ਸ੍ਰੀਮਤੀ ਬਲਜੀਤ ਕੌਰ ਤੋਂ ਇਲਾਵਾ ਹਰਿਆਣਾ ਦੇ ਸਿਰਸਾ, ਡੱਬਵਾਲੀ ਅਤੇ ਰਾਜਸਥਾਨ ਦੇ ਸੰਘਰੀਆ ਤੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਆਦਿ ਹਾਜ਼ਰ ਸਨ।