ਸ਼੍ਰੀ ਅਨੰਦਪੁਰ ਸਾਹਿਬ 15 ਨਵੰਬਰ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਪਿੰਡ ਬੱਢਲ ਲੋਅਰ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਆਪਣੀ ਆਸਥਾ ਅਨੁਸਾਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਯਾਤਰਾ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਇਸ ਵਿੱਚ ਸ਼ਰਧਾਲੂਆਂ ਦੇ ਆਉਣ-ਜਾਣ, ਰਹਿਣ-ਸਹਿਣ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਖਰਚਾ ਸਰਕਾਰ ਵੱਲੋਂ ਉਠਾਇਆ ਜਾਂਦਾ ਹੈ, ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਆਰਥਿਕ ਤੰਗੀ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝਾ ਨਾ ਰਹਿਣਾ ਪਵੇ। ਉਨ੍ਹਾਂ ਕਿਹਾ ਕਿ ਖਾਸ ਤੌਰ ‘ਤੇ ਬਜ਼ੁਰਗਾਂ ਲਈ ਇਹ ਯੋਜਨਾ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ, ਜਿਨ੍ਹਾਂ ਦੀ ਲੰਬੇ ਸਮੇਂ ਤੋਂ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਯੋਜਨਾ ਸਮਾਜ ਦੇ ਬਜ਼ੁਰਗ ਵਰਗ ਨੂੰ ਮਾਣ-ਸਤਿਕਾਰ ਦੇਣ ਅਤੇ ਉਨ੍ਹਾਂ ਦੀਆਂ ਧਾਰਮਿਕ ਇੱਛਾਵਾਂ ਪੂਰੀਆਂ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮਿਲਣ ਅਤੇ ਉਹ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੀ ਸ਼ਰਧਾ ਅਨੁਸਾਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਣ।
ਇਸ ਮੌਕੇ ਪਿੰਡ ਵਾਸੀਆਂ ਅਤੇ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। ਬੱਸ ਰਵਾਨਾ ਹੋਣ ਸਮੇਂ ਸ਼ਰਧਾਲੂਆਂ ਵਿੱਚ ਕਾਫ਼ੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਉਨ੍ਹਾਂ ਨੂੰ ਪਰਿਵਾਰਕ ਅਤੇ ਆਰਥਿਕ ਜ਼ਿੰਮੇਵਾਰੀਆਂ ਦੇ ਬਾਵਜੂਦ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਰੋਹਿਤ ਕਾਲੀਆ,ਆਪ ਆਗੂ ਗੁਰਮੀਤ ਸਿੰਘ ਕਲੋਤਾ ,ਪੰਡਿਤ ਬਾਲ ਕ੍ਰਿਸ਼ਨ ਪਾਠਕ ,ਗਗਨ ਨੱਡਾ ,ਬਬਲੂ ਪੰਡਿਤ ,ਜਸਮੇਰ ਸਿੰਘ ਰਾਣਾ ,ਚੇਤ ਰਾਮ ,ਨਿਸ਼ਾਂਤ ਕਾਲੀਆ ,ਦੀਪਕ ਨੱਡਾ ,ਅੰਕੁਸ਼ ਪਾਠਕ ,ਤਿਲਕ ਰਾਜ ਪਾਠਕ,ਧਰਮਿੰਦਰ ਕਾਲੀਆ ਹਾਜ਼ਰ ਸਨ ।