ਰੂਪਨਗਰ, 18 ਨਵੰਬਰ: ਹਲਕਾ ਰੂਪਨਗਰ ਦੇ ਵਿਧਾਇਕ ਸ੍ਰੀ ਦਿਨੇਸ਼ ਚੱਢਾ ਨੇ ਪੰਜਾਬ ਦੇ ਸਮੂਹ ਵਸਨੀਕਾਂ ਨੂੰ ਜਨਗਣਨਾ ਦੇ ਕਾਰਜ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜਨਗਣਨਾ ਦੇਸ਼ ਦੇ ਵਿਕਾਸ ਅਤੇ ਭਵਿੱਖ ਦੀ ਯੋਜਨਾਬੰਦੀ ਲਈ ਬਹੁਤ ਮਹੱਤਵਪੂਰਨ ਪ੍ਰਕਿਰਿਆ ਹੈ।
ਉਨ੍ਹਾਂ ਦੱਸਿਆ ਕਿ ਜਨਗਣਨਾ ਦੇ ਪਹਿਲੇ ਪੜਾਅ ਦੌਰਾਨ ਘਰਾਂ ਦੀ ਗਿਣਤੀ ਕੀਤੀ ਗਈ ਸੀ, ਜਦਕਿ ਦੂਜੇ ਪੜਾਅ ਤਹਿਤ ਲੋਕਾਂ ਦੀ ਗਿਣਤੀ ਅਤੇ ਆਬਾਦੀ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਸਬੰਧੀ 16 ਨਵੰਬਰ ਤੋਂ 30 ਨਵੰਬਰ 2026 ਤੱਕ ਸਵੈ-ਜਨਗਣਨਾ ਦੀ ਸਹੂਲਤ ਦਿੱਤੀ ਗਈ ਹੈ। ਲੋਕ ਸਬੰਧਤ ਸਰਕਾਰੀ ਵੈੱਬਸਾਈਟ se.census.gov.in ‘ਤੇ ਜਾ ਕੇ ਆਪਣੀ ਜਾਣਕਾਰੀ ਖੁਦ ਦਰਜ ਕਰ ਸਕਦੇ ਹਨ। ਜਾਣਕਾਰੀ ਭਰਨ ਉਪਰੰਤ ਉਨ੍ਹਾਂ ਨੂੰ 11 ਅੰਕਾਂ ਦਾ ਇੱਕ ਵਿਸ਼ੇਸ਼ ਸਵੈ-ਜਨਗਣਨਾ ਕੋਡ ਪ੍ਰਾਪਤ ਹੋਵੇਗਾ, ਜਿਸ ਨੂੰ ਘਰ ਆਉਣ ਵਾਲੇ ਜਨਗਣਨਾ ਕਰਮਚਾਰੀ ਨਾਲ ਸਾਂਝਾ ਕੀਤਾ ਜਾ ਸਕਦਾ ਹੈ।
ਵਿਧਾਇਕ ਨੇ ਦੱਸਿਆ ਕਿ ਜਿਹੜੇ ਲੋਕ ਆਨਲਾਈਨ ਸਵੈ-ਜਨਗਣਨਾ ਨਹੀਂ ਕਰਨਾ ਚਾਹੁੰਦੇ, ਉਨ੍ਹਾਂ ਦੀ ਸਹੂਲਤ ਲਈ ਜਨਗਣਨਾ ਕਰਮਚਾਰੀ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਘਰ-ਘਰ ਜਾ ਕੇ ਲੋੜੀਂਦੀ ਜਾਣਕਾਰੀ ਇਕੱਠੀ ਕਰਨਗੇ।
ਸ੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਜਨਗਣਨਾ ਰਾਹੀਂ ਪ੍ਰਾਪਤ ਹੋਣ ਵਾਲੇ ਸਹੀ ਅੰਕੜੇ ਸਰਕਾਰ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਬਣਾਉਣ, ਸਰੋਤਾਂ ਦੀ ਸਹੀ ਵੰਡ ਕਰਨ ਅਤੇ ਬਜਟ ਦੀ ਬਿਹਤਰ ਯੋਜਨਾਬੰਦੀ ਕਰਨ ਵਿੱਚ ਮਦਦ ਕਰਦੇ ਹਨ। ਦੇਸ਼ ਦੀ ਆਰਥਿਕ ਅਤੇ ਸਮਾਜਿਕ ਤਰੱਕੀ ਲਈ ਆਬਾਦੀ ਨਾਲ ਸਬੰਧਤ ਸਹੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ ਨੂੰ ਆਪਣੀ ਸਮਾਜਿਕ ਅਤੇ ਰਾਸ਼ਟਰੀ ਜ਼ਿੰਮੇਵਾਰੀ ਸਮਝਦਿਆਂ ਇਸ ਵਿੱਚ ਪੂਰਾ ਸਹਿਯੋਗ ਦੇਣ ਤਾਂ ਜੋ ਦੇਸ਼ ਦੇ ਵਿਕਾਸ ਅਤੇ ਇਸ ਨੂੰ ਵਿਕਸਿਤ ਰਾਸ਼ਟਰ ਬਣਾਉਣ ਲਈ ਸਹੀ ਅੰਕੜੇ ਪ੍ਰਾਪਤ ਹੋ ਸਕਣ।