ਸ੍ਰੀ ਅਨੰਦਪੁਰ ਸਾਹਿਬ 18 ਨਵੰਬਰ : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਭਾਰਤ ਦੀ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਦੀ ਪ੍ਰਕਿਰਿਆ ਸਫ਼ਲਤਾਪੂਰਵਕ ਮੁਕੰਮਲ ਕਰ ਲਈ ਹੈ। ਇਸ ਮੌਕੇ ਉਨ੍ਹਾਂ ਪੰਜਾਬ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਮਹੱਤਵਪੂਰਨ ਕੌਮੀ ਮੁਹਿੰਮ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਘਰਾਂ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਨਿਰਧਾਰਤ ਸਮੇਂ ਅੰਦਰ ਦਰਜ ਕਰਵਾਉਣ। ਉਨ੍ਹਾਂ ਦੱਸਿਆ ਕਿ ਜਨਗਣਨਾ 2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਚੱਲ ਰਹੀ ਹੈ। ਇਸ ਲਈ ਸਾਰੇ ਪਰਿਵਾਰਾਂ ਨੂੰ ਚਾਹੀਦਾ ਹੈ ਕਿ ਉਹ ਇਸ ਸਮੇਂ ਦੌਰਾਨ ਆਨਲਾਈਨ ਸਹੂਲਤ ਦੀ ਵਰਤੋਂ ਕਰਕੇ ਆਪਣੀ ਸਵੈ-ਗਣਨਾ ਜ਼ਰੂਰ ਮੁਕੰਮਲ ਕਰਨ।
ਇਸ ਮੌਕੇ ਸ੍ਰ.ਬੈਂਸ ਨੇ ਕਿਹਾ ਕਿ ਜਨਗਣਨਾ ਦੇਸ਼ ਦੀ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਵਿਆਪਕ ਕੌਮੀ ਪ੍ਰਕਿਰਿਆ ਹੈ, ਜਿਸ ਦੀ ਸਫ਼ਲਤਾ ਲੋਕਾਂ ਦੀ ਸਰਗਰਮ ਭਾਗੀਦਾਰੀ ‘ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਜਨਗਣਨਾ ਰਾਹੀਂ ਇਕੱਠੇ ਕੀਤੇ ਜਾਣ ਵਾਲੇ ਅੰਕੜੇ ਦੇਸ਼ ਅਤੇ ਸੂਬੇ ਦੀ ਮੌਜੂਦਾ ਆਬਾਦੀ, ਪਰਿਵਾਰਾਂ ਅਤੇ ਸਮਾਜਿਕ ਹਾਲਾਤਾਂ ਬਾਰੇ ਸਹੀ ਜਾਣਕਾਰੀ ਪ੍ਰਦਾਨ ਕਰਦੇ ਹਨ। ਇਨ੍ਹਾਂ ਅੰਕੜਿਆਂ ਦੇ ਆਧਾਰ ‘ਤੇ ਹੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕਰਨ, ਲੋਕ ਭਲਾਈ ਦੀਆਂ ਸਕੀਮਾਂ ਤਿਆਰ ਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਹਿਮ ਫ਼ੈਸਲੇ ਲਏ ਜਾਂਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਹੀ ਜਾਣਕਾਰੀ ਦੇਣਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ, ਤਾਂ ਜੋ ਭਵਿੱਖ ਦੀਆਂ ਯੋਜਨਾਵਾਂ ਸਹੀ ਅੰਕੜਿਆਂ ਦੇ ਆਧਾਰ ‘ਤੇ ਬਣਾਈਆਂ ਜਾ ਸਕਣ।
ਸਿੱਖਿਆ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਪਰਿਵਾਰ ਨਾਲ ਸਬੰਧਤ ਸਾਰੀ ਜਾਣਕਾਰੀ ਪੂਰੀ ਸਾਵਧਾਨੀ ਅਤੇ ਸਹੀ ਢੰਗ ਨਾਲ ਦਰਜ ਕਰਨ। ਉਨ੍ਹਾਂ ਕਿਹਾ ਕਿ ਹਰੇਕ ਘਰ ਦੀ ਭਾਗੀਦਾਰੀ ਨਾਲ ਹੀ ਜਨਗਣਨਾ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਅਤੇ ਸਫ਼ਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਖ਼ਾਸ ਤੌਰ ‘ਤੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਦੇ ਬਜ਼ੁਰਗਾਂ ਅਤੇ ਹੋਰ ਮੈਂਬਰਾਂ ਨੂੰ ਸਵੈ-ਗਣਨਾ ਕਰਨ ਵਿੱਚ ਸਹਿਯੋਗ ਦੇਣ, ਤਾਂ ਜੋ ਕੋਈ ਵੀ ਪਰਿਵਾਰ ਇਸ ਮਹੱਤਵਪੂਰਨ ਕੌਮੀ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਨਿਰਧਾਰਤ ਸਮਾਂ ਸੀਮਾ 30 ਨਵੰਬਰ ਤੋਂ ਪਹਿਲਾਂ ਇਸ ਕਾਰਜ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਜਨਗਣਨਾ ਸਿਰਫ਼ ਅੰਕੜੇ ਇਕੱਠੇ ਕਰਨ ਦੀ ਪ੍ਰਕਿਰਿਆ ਨਹੀਂ, ਸਗੋਂ ਦੇਸ਼ ਦੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਦਾ ਆਧਾਰ ਵੀ ਹੈ। ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ਦੇ ਲੋਕ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਆਪਣੀ ਪੂਰੀ ਜ਼ਿੰਮੇਵਾਰੀ ਨਿਭਾਉਣਗੇ। ਸਵੈ-ਗਣਨਾ ਕਰਨ ਲਈ ਲੋਕ ਭਾਰਤ ਸਰਕਾਰ ਦੇ ਅਧਿਕਾਰਤ ਪੋਰਟਲ https://se.census.gov.in
‘ਤੇ ਜਾ ਕੇ ਆਪਣੀ ਜਾਣਕਾਰੀ ਆਨਲਾਈਨ ਦਰਜ ਕਰਵਾ ਸਕਦੇ ਹਨ।