ਹਰਜੋਤ ਸਿੰਘ ਬੈਂਸ ਨੇ ਆਪਣੇ ਗ੍ਰਹਿ ਸੇਵਾ ਸਦਨ ਵਿਖੇ ਪ੍ਰਭਾਤ ਫੇਰੀ ਦਾ ਕੀਤਾ ਨਿੱਘਾ ਸਵਾਗਤ

Harjot Singh Bains warmly welcomed Prabhat Pher at his home service house.
ਨੰਗਲ 24 ਨਵੰਬਰ: ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਨੰਗਲ ਵਿਖੇ ਸੰਗਤਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਇਸੇ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਆਪਣੇ ਗ੍ਰਹਿ ਸੇਵਾ ਸਦਨ ਨੰਗਲ ਵਿਖੇ ਪ੍ਰਭਾਤ ਫੇਰੀ ਨੂੰ ਬੁਲਾ ਕੇ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਪ੍ਰਭਾਤ ਫੇਰੀ ਦੌਰਾਨ ਸੰਗਤਾਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਅਤੇ ਸ਼ਬਦ ਗਾਇਨ ਕੀਤਾ ਗਿਆ, ਜਿਸ ਨਾਲ ਸਮੁੱਚਾ ਮਾਹੌਲ ਗੁਰਮਤਿ ਰੰਗ ਵਿੱਚ ਰੰਗਿਆ ਗਿਆ।
 
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਡੇ ਸਾਰਿਆਂ ਲਈ ਬੇਹੱਦ ਪਵਿੱਤਰ ਅਤੇ ਖੁਸ਼ੀਆਂ ਭਰਿਆ ਅਵਸਰ ਹੈ। ਗੁਰੂ ਸਾਹਿਬ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਮਹਾਨ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਮਨੁੱਖ ਨੂੰ ਸੱਚਾਈ, ਇਮਾਨਦਾਰੀ, ਬਰਾਬਰਤਾ, ਆਪਸੀ ਭਾਈਚਾਰੇ ਅਤੇ ਨਿਮਰਤਾ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿੱਚੋਂ ਊਚ-ਨੀਚ, ਜਾਤ-ਪਾਤ ਅਤੇ ਭੇਦਭਾਵ ਵਰਗੀਆਂ ਬੁਰਾਈਆਂ ਨੂੰ ਖ਼ਤਮ ਕਰਨ ਲਈ ਆਪਣਾ ਸਮੁੱਚਾ ਜੀਵਨ ਸਮਰਪਿਤ ਕੀਤਾ।
 
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸੰਦੇਸ਼ ਕਿਸੇ ਇੱਕ ਧਰਮ ਜਾਂ ਵਰਗ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਸਾਂਝੀਵਾਲਤਾ ਅਤੇ ਪਿਆਰ ਦਾ ਸੰਦੇਸ਼ ਹੈ। ਅੱਜ ਦੇ ਸਮੇਂ ਵਿੱਚ ਵੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉਤਨੀਆਂ ਹੀ ਸਾਰਥਕ ਹਨ, ਜਿੰਨੀਆਂ ਸਦੀਆਂ ਪਹਿਲਾਂ ਸਨ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਆਪਣੇ ਜੀਵਨ ਵਿੱਚ ਸੇਵਾ, ਸਿਮਰਨ ਅਤੇ ਪਰਉਪਕਾਰ ਦੀ ਭਾਵਨਾ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਸਿਰਫ਼ ਪੜ੍ਹਨ ਅਤੇ ਸੁਣਨ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਇਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਇਆ ਜਾਵੇ।
 
ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਭਾਤ ਫੇਰੀਆਂ, ਨਗਰ ਕੀਰਤਨਾਂ ਅਤੇ ਗੁਰਮਤਿ ਸਮਾਗਮਾਂ ਵਿੱਚ ਸੰਗਤਾਂ ਦੀ ਸ਼ਮੂਲੀਅਤ ਸਾਡੀ ਅਮੀਰ ਧਾਰਮਿਕ ਵਿਰਾਸਤ ਅਤੇ ਗੁਰੂ ਸਾਹਿਬ ਪ੍ਰਤੀ ਅਟੁੱਟ ਸ਼ਰਧਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ।
 
ਕੈਬਨਿਟ ਮੰਤਰੀ ਤੇ ਪ੍ਰਭਾਤ ਫੇਰੀ ਵਿੱਚ ਸ਼ਾਮਲ ਸਮੂਹ ਸੰਗਤਾਂ ਦਾ ਆਪਣੇ ਗ੍ਰਹਿ ਵਿਖੇ ਪਹੁੰਚਣ ‘ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ। ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਸਮੁੱਚੀ ਲੋਕਾਈ ਉੱਤੇ ਮਿਹਰ ਬਣੀ ਰਹੇ, ਹਰ ਘਰ ਵਿੱਚ ਖੁਸ਼ਹਾਲੀ ਅਤੇ ਸ਼ਾਂਤੀ ਹੋਵੇ ਅਤੇ ਸਮਾਜ ਵਿੱਚ ਪਿਆਰ, ਸਦਭਾਵਨਾ ਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋਣ। 
ਹੋਰ ਖ਼ਬਰਾਂ :-  ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੂਨਕ ਪੁਲਿਸ ਵੱਲੋਂ ਪੰਜ ਕੇਸ ਦਰਜ; ਹੈਰੋਇਨ ਬਰਾਮਦ

Leave a Reply

Your email address will not be published. Required fields are marked *