ਖੰਨਾ, 24 ਨਵੰਬਰ : ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਦੇ ਪਿੰਡ ਮਟਵਾਣੀ ਵਿਖੇ ਹੋਣ ਜਾ ਰਹੀ ‘ਖੁਸ਼ਹਾਲ ਪੰਜਾਬ ਮਹਾਰੈਲੀ’ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ਇਸੇ ਸਬੰਧ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਮਟਵਾਣੀ ਪਹੁੰਚ ਕੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਸੌਂਦ ਨੇ ਕਿਹਾ ਕਿ 26 ਨਵੰਬਰ ਦੀ ਇਹ ਮਹਾਰੈਲੀ ਪੰਜਾਬ ਦੀ ਖੁਸ਼ਹਾਲੀ, ਵਿਕਾਸ, ਤਰੱਕੀ ਅਤੇ ਸੁਨਹਿਰੇ ਭਵਿੱਖ ਦੇ ਸੰਕਲਪ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਸਮੁੱਚੇ ਪੰਜਾਬ ਵਾਸੀਆਂ ਨੂੰ ਇਸ ਇਤਿਹਾਸਕ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਮੰਤਰੀ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਲੋਕ ਹਿੱਤ, ਇਮਾਨਦਾਰ ਰਾਜਨੀਤੀ ਅਤੇ ਆਮ ਲੋਕਾਂ ਦੀ ਭਲਾਈ ਨੂੰ ਪਹਿਲ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀਆਂ ਉਮੀਦਾਂ ‘ਤੇ ਖਰਾ ਉਤਰਨ ਅਤੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਹੋਣ ਵਾਲੀ ਇਹ ਮਹਾਰੈਲੀ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਭਰੇਗੀ। ਇਸ ਰੈਲੀ ਰਾਹੀਂ ਪੰਜਾਬ ਦੇ ਲੋਕਾਂ ਤੱਕ ਸਰਕਾਰ ਦੇ ਲੋਕ ਭਲਾਈ ਕਾਰਜਾਂ, ਵਿਕਾਸ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਦਾ ਸੁਨੇਹਾ ਪਹੁੰਚਾਇਆ ਜਾਵੇਗਾ।
ਮੰਤਰੀ ਸੌਂਦ ਨੇ ਕਿਹਾ ਕਿ ਰੈਲੀ ਲਈ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 26 ਨਵੰਬਰ ਨੂੰ ਮਟਵਾਣੀ ਪਹੁੰਚ ਕੇ ਇਸ ਮਹਾਰੈਲੀ ਦਾ ਹਿੱਸਾ ਬਣਨ ਅਤੇ ਖੁਸ਼ਹਾਲ ਪੰਜਾਬ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ।