ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਯੂਥ ਕਲੱਬਾਂ ਨੂੰ 23 ਲੱਖ ਰੁਪਏ ਦੀਆਂ ਖੇਡ ਕਿੱਟਾਂ ਤੇ ਜਿੰਮ ਦੇ ਸਾਮਾਨ ਦੀ ਵੰਡ

OSD Sukhvir Singh distributes sports kits and gym equipment worth Rs. 23 lakh to youth clubs of Dhuri constituency

ਧੂਰੀ, 29 ਨਵੰਬਰ:  ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਵਿਧਾਨ ਸਭਾ ਹਲਕਾ ਧੂਰੀ ਵਿਖੇ ਲਗਭਗ 23 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਦੇ ਯੂਥ ਕਲੱਬਾਂ ਨੂੰ ਖੇਡ ਕਿੱਟਾਂ ਅਤੇ ਜਿੰਮ ਦਾ ਸਾਮਾਨ ਵੰਡਿਆ ਗਿਆ।

ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਦੱਸਿਆ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਯੂਥ ਕਲੱਬਾਂ ਦੀ ਮੰਗ ਅਤੇ ਲੋੜ ਅਨੁਸਾਰ ਪਿੰਡਾਂ ਦੇ ਸਰਪੰਚਾਂ, ਬਲਾਕ ਪ੍ਰਧਾਨਾਂ, ਸਕੱਤਰਾਂ ਅਤੇ ਯੂਥ ਵਿੰਗ ਦੇ ਅਹੁਦੇਦਾਰਾਂ ਨੂੰ 76 ਕ੍ਰਿਕਟ ਕਿੱਟਾਂ, 76 ਵਾਲੀਬਾਲ ਕਿੱਟਾਂ ਅਤੇ ਜਿੰਮ ਲਈ ਵੇਟ ਲਿਫਟਿੰਗ ਦੇ ਸੈੱਟ ਸੌਪੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਸਹੂਲਤਾਂ ਨਾਲ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਰਹਿਣ ਦੇ ਬਿਹਤਰ ਮੌਕੇ ਮਿਲਣਗੇ।

ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸੂਬੇ ਦੀ ਅਸਲ ਪੂੰਜੀ ਹੁੰਦੇ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਲਈ ਖੇਡਾਂ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਹਨ। ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਮਿਹਨਤ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਓ.ਐਸ.ਡੀ. ਸੁਖਵੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕੋਲ ਖੇਡ ਵਿਭਾਗ ਦੀ ਜ਼ਿੰਮੇਵਾਰੀ ਹੋਣ ਸਦਕਾ ਧੂਰੀ ਹਲਕੇ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਇਸ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਆਧੁਨਿਕ ਖੇਡ ਸਹੂਲਤਾਂ ਵਿਕਸਿਤ ਕੀਤੀਆਂ ਜਾ ਰਹੀਆਂ ਹਨ।

ਹੋਰ ਖ਼ਬਰਾਂ :-  1999 ਤੋਂ ਬਾਅਦ ਪਹਿਲੀ ਵਾਰ ਵਾਟਰ ਟ੍ਰੀਟਮੈਂਟ ਪਲਾਂਟ ਅੰਦਰ ਪਈ ਨਵੀਂ ਪਾਈਪਲਾਈਨ

ਉਨ੍ਹਾਂ ਦੱਸਿਆ ਕਿ ਪਿੰਡ ਮੀਮਸਾ ਵਿਖੇ ਲਗਭਗ 1 ਕਰੋੜ ਰੁਪਏ ਦੀ ਲਾਗਤ ਨਾਲ ਹਾਕੀ ਦਾ ਐਸਟਰੋਟਰਫ ਗਰਾਊਂਡ ਬਣਾਇਆ ਜਾ ਰਿਹਾ ਹੈ, ਜਦਕਿ ਪਿੰਡ ਭਸੌੜ ਵਿਖੇ ਲਗਭਗ 9 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਿੰਥੈਟਿਕ ਟਰੈਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿੰਡ ਕਹੇਰੂ-ਜਹਾਂਗੀਰ ਵਿਖੇ ਪਿਛਲੇ ਦਿਨੀਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਹਾਕੀ ਸਟੇਡੀਅਮ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਸਹੂਲਤਾਂ ਦੀ ਲੰਮੇ ਸਮੇਂ ਤੱਕ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਸਬੰਧਤ ਪੰਚਾਇਤਾਂ ਵੱਲੋਂ ਇਨ੍ਹਾਂ ਦੀ ਦੇਖਭਾਲ ਕਰਨ ਦੀ ਜ਼ਿੰਮੇਵਾਰੀ ਲੈਣਾ ਵੀ ਸ਼ਲਾਘਾਯੋਗ ਕਦਮ ਹੈ।

ਓ.ਐਸ.ਡੀ. ਨੇ ਪਿੰਡਾਂ ਦੀਆਂ ਪੰਚਾਇਤਾਂ, ਯੂਥ ਕਲੱਬਾਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕਰਕੇ ਤਿਆਰ ਕਰਵਾਈਆਂ ਜਾ ਰਹੀਆਂ ਖੇਡ ਸਹੂਲਤਾਂ ਦੀ ਸਾਂਭ-ਸੰਭਾਲ ਨੂੰ ਵੀ ਆਪਣੀ ਸਾਂਝੀ ਜ਼ਿੰਮੇਵਾਰੀ ਸਮਝਿਆ ਜਾਵੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵੀ ਇਨ੍ਹਾਂ ਦਾ ਲਾਭ ਉਠਾ ਸਕਣ। ਉਨ੍ਹਾਂ ਯੂਥ ਕਲੱਬਾਂ ਨੂੰ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਦਾ ਸੱਦਾ ਦਿੱਤਾ।

ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਗਗਨ ਜਵੰਧਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਪਿੰਡਾਂ ਦੇ ਸਰਪੰਚ, ਯੂਥ ਕਲੱਬਾਂ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Leave a Reply

Your email address will not be published. Required fields are marked *