ਚੰਡੀਗੜ੍ਹ/ਵਾਰਾਣਸੀ, 29 ਨਵੰਬਰ: ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਰਵਜੋਤ ਸਿੰਘ, ਹਰਭਜਨ ਸਿੰਘ ਈ.ਟੀ.ਓ., ਸੈਰ ਸਪਾਟਾ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਭਗਵੰਤ ਮਾਨ ਸਰਕਾਰ ਦਾ ਇੱਕ ਉੱਚ-ਪੱਧਰੀ ਵਫ਼ਦ ਸਾਥੀ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਧਾਰਮਿਕ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਸਮੇਤ ਵਾਰਾਣਸੀ ਪਹੁੰਚਿਆ। ਸਾਲ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 30 ਨਵੰਬਰ ਨੂੰ ਸੀਰ ਗੋਵਰਧਨਪੁਰ, ਵਾਰਾਣਸੀ ਤੋਂ ਲਗਪਗ 1,232 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਵਾਲੀ ਹੁਣ ਤੱਕ ਦੀ ਸਭ ਤੋਂ ਲੰਬੀ ਇਤਿਹਾਸਕ ਸ਼ੋਭਾ ਯਾਤਰਾ ਨੂੰ ਰਵਾਨਾ ਕੀਤਾ ਜਾਵੇਗਾ। ਇਹ ਚਾਰ ਰੋਜ਼ਾ ਧਾਰਮਿਕ ਯਾਤਰਾ ਵੱਖ-ਵੱਖ ਸੂਬਿਆਂ ਵਿੱਚੋਂ ਹੁੰਦੀ ਹੋਈ 3 ਦਸੰਬਰ, 2026 ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗੀ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਪੂਰੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਸੂਬੇ ਦੀਆਂ ਵੱਖ-ਵੱਖ ਦਿਸ਼ਾਵਾਂ ਤੋਂ ਚਾਰ ਪ੍ਰਮੁੱਖ ਸ਼ੋਭਾ ਯਾਤਰਾਵਾਂ ਆਰੰਭ ਹੋਣਗੀਆਂ ਅਤੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਣਗੀਆਂ। ਇਨ੍ਹਾਂ ਵਿੱਚੋਂ ਇੱਕ ਸ਼ੋਭਾ ਯਾਤਰਾ 30 ਨਵੰਬਰ ਨੂੰ ਪਵਿੱਤਰ ਧਰਤੀ ਸੀਰ ਗੋਵਰਧਨਪੁਰ, ਵਾਰਾਣਸੀ ਤੋਂ ਸ਼ੁਰੂ ਹੋਵੇਗੀ, ਜਿਸ ਲਈ ਕੈਬਨਿਟ ਮੰਤਰੀ, ਸੰਸਦ ਮੈਂਬਰ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਪਵਿੱਤਰ ਨਗਰੀ ਵਿਖੇ ਪਹੁੰਚੇ ਹਨ।”
ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਸ਼ੋਭਾ ਯਾਤਰਾਵਾਂ ਦਾ ਅਨਿੱਖੜਵਾਂ ਅੰਗ ਬਣਨ ਦੀ ਅਪੀਲ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਪੂਰੇ ਉਤਸ਼ਾਹ ਨਾਲ ਸ਼ਾਮਲ ਹੋਣ ਅਤੇ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਅਥਾਹ ਖ਼ੁਸ਼ੀ, ਜੋਸ਼ ਅਤੇ ਧਾਰਮਿਕ ਸ਼ਰਧਾ ਨਾਲ ਮਨਾਉਣ। ਸੰਤ ਸਮਾਜ ਇਸ ਇਤਿਹਾਸਕ ਉਪਰਾਲੇ ਨੂੰ ਪੂਰਾ ਸਹਿਯੋਗ ਅਤੇ ਅਗਵਾਈ ਦੇ ਰਿਹਾ ਹੈ, ਜਦਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ, ਸਤਿਕਾਰ ਅਤੇ ਸਮੂਹਿਕ ਸ਼ਮੂਲੀਅਤ ਨਾਲ ਮਨਾਇਆ ਜਾਵੇ।”
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ, “ਦੁਨੀਆ ਭਰ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣਾ ਸਮੁੱਚੇ ਭਾਈਚਾਰੇ ਲਈ ਬਹੁਤ ਹੀ ਸੁਭਾਗਾ ਪਲ ਹੈ। ਅਸੀਂ ਇਨ੍ਹਾਂ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਅਤੇ ਗੁਰੂ ਮਹਾਰਾਜ ਨਾਲ ਸਬੰਧਤ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਲਈ ਵਾਰਾਣਸੀ ਪਹੁੰਚੇ ਹਾਂ।”
ਧੰਨਵਾਦ ਪ੍ਰਗਟ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ, “ਮੈਂ ਇੰਨੇ ਵੱਡੇ ਪੱਧਰ ‘ਤੇ ਸਮਾਗਮ ਕਰਵਾਉਣ ਦੇ ਉਪਰਾਲਿਆਂ ਲਈ ਸੰਗਤ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਾ ਹਾਂ। ਇਸ ਇਤਿਹਾਸਕ ਮੌਕੇ ਨੂੰ ਸਮਰਪਿਤ ਪੂਰੇ ਪੰਜਾਬ ਵਿੱਚ ਵਿਸ਼ੇਸ਼ ਧਾਰਮਿਕ ਯਾਤਰਾਵਾਂ ਵੀ ਸਜਾਈਆਂ ਜਾਣਗੀਆਂ। ਮੈਂ ਸਮੂਹ ਸੰਗਤ ਨੂੰ ਦਿਲੋਂ ਵਧਾਈ ਦਿੰਦਾ ਹਾਂ ਅਤੇ ਸਾਰਿਆਂ ਦੀ ਤੰਦਰੁਸਤੀ, ਖ਼ੁਸ਼ਹਾਲੀ ਅਤੇ ਨਿਰੰਤਰ ਤਰੱਕੀ ਲਈ ਅਰਦਾਸ ਕਰਦਾ ਹਾਂ।”
ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ, “ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਗੁਰੂ ਮਹਾਰਾਜ ਦਾ ਅਸ਼ੀਰਵਾਦ ਪ੍ਰਾਪਤ ਕਰਨ। ਗੁਰੂ ਜੀ ਸਾਰਿਆਂ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਸਾਰਿਆਂ ‘ਤੇ ਆਪਣੀ ਮਿਹਰ ਬਣਾਈ ਰੱਖਣ।”
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਪੂਰੇ ਪੰਜਾਬ ਵਿੱਚ ਅਥਾਹ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦਾ ਇੱਕ ਉੱਚ-ਪੱਧਰੀ ਵਫ਼ਦ ਸ੍ਰੀ ਗੋਵਰਧਨਪੁਰ, ਵਾਰਾਣਸੀ ਪਹੁੰਚ ਚੁੱਕਾ ਹੈ, ਜਿੱਥੋਂ ਇਹ ਵਿਸ਼ੇਸ਼ ਧਾਰਮਿਕ ਯਾਤਰਾ ਆਰੰਭ ਹੋਵੇਗੀ।”
ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸਾਡੇ ਸਾਰਿਆਂ ਲਈ ਇੱਕ ਇਤਿਹਾਸਕ ਅਤੇ ਅਧਿਆਤਮਿਕ ਤੌਰ ‘ਤੇ ਮਹੱਤਵਪੂਰਨ ਮੌਕਾ ਹੈ। ਮੈਂ ਹਰ ਪੰਜਾਬੀ ਨੂੰ ਅਪੀਲ ਕਰਦਾ ਹਾਂ ਕਿ ਉਹ ਇਨ੍ਹਾਂ ਸਮਾਗਮਾਂ ਵਿੱਚ ਪੂਰੇ ਉਤਸ਼ਾਹ, ਸ਼ਰਧਾ ਅਤੇ ਸਤਿਕਾਰ ਨਾਲ ਸ਼ਾਮਲ ਹੋਣ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਨ।”
ਉਨ੍ਹਾਂ ਅੱਗੇ ਕਿਹਾ, “ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਸੰਦੇਸ਼ ਦਾ ਪ੍ਰਚਾਰ ਕਰਦਿਆਂ ਸਮੂਹਿਕ ਸ਼ਮੂਲੀਅਤ, ਧਾਰਮਿਕ ਸ਼ਰਧਾ ਅਤੇ ਏਕਤਾ ਦੀ ਭਾਵਨਾ ਨਾਲ ਇਸ ਇਤਿਹਾਸਕ ਦਿਹਾੜੇ ਨੂੰ ਮਨਾਉਣ ਲਈ ਵਚਨਬੱਧ ਹੈ।”
*ਕਈ ਸੂਬਿਆਂ ਵਿੱਚੋਂ ਗੁਜ਼ਰੇਗੀ ਇਤਿਹਾਸਕ 1,232 ਕਿਲੋਮੀਟਰ ਲੰਬੀ ਸ਼ੋਭਾ ਯਾਤਰਾ*
ਹੁਣ ਤੱਕ ਦੀ ਸਭ ਤੋਂ ਲੰਬੀ ਇਤਿਹਾਸਕ ਸ਼ੋਭਾ ਯਾਤਰਾ ਚਾਰ ਦਿਨਾਂ ਵਿੱਚ ਲਗਪਗ 1,232 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ, ਜੋ ਕਈ ਸੂਬਿਆਂ ਅਤੇ ਪ੍ਰਮੁੱਖ ਅਧਿਆਤਮਿਕ ਤੇ ਸ਼ਹਿਰੀ ਕੇਂਦਰਾਂ ਵਿੱਚੋਂ ਲੰਘੇਗੀ। ਇਸ ਯਾਤਰਾ ਦੌਰਾਨ ਕਾਨਪੁਰ, ਗ੍ਰੇਟਰ ਨੋਇਡਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ ਰਾਤ ਦੇ ਠਹਿਰਾਅ ਨਿਰਧਾਰਤ ਕੀਤੇ ਗਏ ਹਨ।
*ਇਤਿਹਾਸਕ ਸ਼ੋਭਾ ਯਾਤਰਾ ਦੇ ਚਾਰ ਪੜਾਅ ਹੇਠ ਲਿਖੇ ਰੂਟ ਅਨੁਸਾਰ ਹੋਣਗੇ:*
*ਪਹਿਲਾ ਪੜਾਅ:* ਸੀਰ ਗੋਵਰਧਨਪੁਰ, ਵਾਰਾਣਸੀ ਤੋਂ ਕਾਨਪੁਰ
ਇਹ ਯਾਤਰਾ ਸੀਰ ਗੋਵਰਧਨਪੁਰ, ਵਾਰਾਣਸੀ ਤੋਂ ਆਰੰਭ ਹੋ ਕੇ ਪਹਿਲੇ ਦਿਨ ਲਗਪਗ 350 ਕਿਲੋਮੀਟਰ ਦਾ ਸਫ਼ਰ ਤੈਅ ਕਰਦੀ ਹੋਈ ਕਾਨਪੁਰ ਪਹੁੰਚੇਗੀ।
*ਦੂਜਾ ਪੜਾਅ: ਕਾਨਪੁਰ ਤੋਂ ਗ੍ਰੇਟਰ ਨੋਇਡਾ*
ਦੂਜਾ ਪੜਾਅ ਕਾਨਪੁਰ ਤੋਂ ਸ਼ੁਰੂ ਹੋ ਕੇ ਆਗਰਾ ਰਸਤੇ ਲਗਪਗ 500 ਕਿਲੋਮੀਟਰ ਦਾ ਸਫ਼ਰ ਤੈਅ ਕਰਦਾ ਹੋਇਆ ਗ੍ਰੇਟਰ ਨੋਇਡਾ ਪਹੁੰਚੇਗਾ।
*ਤੀਜਾ ਪੜਾਅ: ਗ੍ਰੇਟਰ ਨੋਇਡਾ ਤੋਂ ਐਸ.ਏ.ਐਸ. ਨਗਰ (ਮੋਹਾਲੀ)*
ਤੀਜੇ ਪੜਾਅ ਤਹਿਤ ਗ੍ਰੇਟਰ ਨੋਇਡਾ ਤੋਂ ਹਰਿਆਣਾ ਦੇ ਸੋਨੀਪਤ, ਪਾਣੀਪਤ, ਕਰਨਾਲ, ਕੁਰੂਕਸ਼ੇਤਰ ਅਤੇ ਅੰਬਾਲਾ ਰਸਤੇ ਲਗਪਗ 281 ਕਿਲੋਮੀਟਰ ਦਾ ਸਫ਼ਰ ਤੈਅ ਕਰ ਕੇ ਯਾਤਰਾ ਐਸ.ਏ.ਐਸ. ਨਗਰ (ਮੋਹਾਲੀ) ਪਹੁੰਚੇਗੀ।
*ਚੌਥਾ ਪੜਾਅ: ਐਸ.ਏ.ਐਸ. ਨਗਰ (ਮੋਹਾਲੀ) ਤੋਂ ਸ੍ਰੀ ਖੁਰਾਲਗੜ੍ਹ ਸਾਹਿਬ*
ਆਖ਼ਰੀ ਪੜਾਅ ਵਿੱਚ ਯਾਤਰਾ ਖਰੜ, ਰੂਪਨਗਰ (ਰੋਪੜ), ਸ੍ਰੀ ਆਨੰਦਪੁਰ ਸਾਹਿਬ ਅਤੇ ਝੱਜ ਚੌਕ ਰਾਹੀਂ ਲਗਪਗ 101 ਕਿਲੋਮੀਟਰ ਦਾ ਸਫ਼ਰ ਤੈਅ ਕਰਦੀ ਹੋਈ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇਗੀ।
ਯਾਤਰਾ ਦੇ ਸੁਚਾਰੂ ਸੰਚਾਲਨ ਅਤੇ ਸੰਗਤ ਦੇ ਸਵਾਗਤ ਲਈ ਰੂਟ ਦੌਰਾਨ ਪੈਂਦੇ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਟ੍ਰੈਫਿਕ ਪ੍ਰਬੰਧਨ, ਸਾਫ਼-ਸਫ਼ਾਈ, ਡਾਕਟਰੀ ਸਹਾਇਤਾ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਪੰਜਾਬ ਸਰਕਾਰ ਅਤੇ ਧਾਰਮਿਕ ਆਗੂਆਂ ਨੇ ਦੇਸ਼ ਭਰ ਦੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਇਤਿਹਾਸਕ ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਅਧਿਆਤਮਿਕ ਅਤੇ ਸਮਾਜਿਕ ਵਿਰਾਸਤ ਨੂੰ ਸਮੂਹਿਕ ਸ਼ਰਧਾਂਜਲੀ ਭੇਟ ਕਰਨ। ਇਸ ਵਿਸ਼ਾਲ ਧਾਰਮਿਕ ਯਾਤਰਾ ਦਾ ਉਦੇਸ਼ ਗੁਰੂ ਜੀ ਮਹਾਰਾਜ ਦੇ ਬਰਾਬਰੀ, ਦਇਆ, ਵਿਸ਼ਵ-ਵਿਆਪੀ ਭਾਈਚਾਰੇ ਅਤੇ ਮਨੁੱਖੀ ਸਵੈ-ਮਾਣ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣਾ ਹੈ।