ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਮਰਗੜ੍ਹ, ਬਲਾਹੜ ਵਿੰਝੂ, ਦਾਨ ਸਿੰਘ ਵਾਲਾ, ਲਹਿਰਾ ਮੁਹੱਬਤ, ਮੰਡੀ ਕਲਾਂ, ਦਿਉਣ ਤੇ ਚਾਉਕੇ ਦਾ ਦੌਰਾ ਕਰਕੇ ਉੱਥੋਂ ਦੀਆਂ ਪੰਚਾਇਤਾਂ ਦੀਆਂ ਸਾਂਝੀਆਂ ਸਮੱਸਿਆਵਾਂ ਤੋਂ ਇਲਾਵਾ ਖੇਤੀਬਾੜੀ ਨਾਲ ਸਬੰਧਤ ਮੁਸ਼ਕਿਲਾਂ ਨੂੰ ਸੁਣਿਆ।
ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਿਹਾ ਕਿ ਸਾਂਝੇ ਤੌਰ ਤੇ ਇੱਕਠੇ ਹੋ ਕੇ ਹੀ ਪਿੰਡ ਪੱਧਰ ਤੇ ਸੁਧਾਰ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਦੇ ਕੁਝ ਸਾਂਝੇ ਵਿਕਾਸ ਕਾਰਜ ਆਪਸੀ ਭਾਈਚਾਰੇ ਨਾਲ ਹੀ ਕੀਤੇ ਜਾ ਸਕਦੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡਾਂ ਚ ਪੀਣ ਵਾਲੇ ਪਾਣੀ, ਛੱਪੜਾ, ਖਾਲਾਂ, ਆਵਾਰਾ ਪਸ਼ੂਆਂ, ਸੜਕਾਂ, ਸੀਵਰੇਜ਼, ਪਹੀਆਂ ਦੀ ਨਿਸ਼ਾਨਦੇਹੀ ਆਦਿ ਸਮੱਸਿਆਵਾਂ ਨੂੰ ਸੁਣਿਆ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਤੋਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਚ ਆਲੇ-ਦੁਆਲੇ ਦੇ 1-2 ਪਿੰਡਾਂ ਨੂੰ ਸਾਂਝੇ ਤੌਰ ਤੇ ਵੱਖਰੇ ਪਰਾਲੀ ਪ੍ਰਬੰਧਨ ਸਬੰਧੀ ਡੰਪ ਬਣਾਉਣ ਚ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਸਹਿਯੋਗ ਦੇਵੇਗਾ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਵਾਸੀਆਂ ਨੂੰ ਦਿਨ ਪ੍ਰਤੀ ਦਿਨ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਦੀ ਵੀ ਅਪੀਲ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਖੇਤੀਬਾੜੀ ਦੀ ਨਵੀਂ ਤਕਨੀਕ ਤੇ ਫ਼ਸਲਾਂ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਚੰਗੀ ਤਰ੍ਹਾਂ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਇਹ ਵੀ ਖਾਸ ਅਪੀਲ ਕੀਤੀ ਕਿ ਉਹ ਆਪਣੀਆਂ ਫ਼ਸਲਾਂ ਦੇ ਵੱਧ ਉਤਪਾਦਨ ਲਈ ਖੇਤੀਬਾੜੀ ਵਿਭਾਗ ਤੇ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਆਧੁਨਿਕ ਤਕਨੀਕਾਂ ਰਾਹੀਂ ਖੇਤੀ ਕਰਨ ਨੂੰ ਪਹਿਲ ਦੇਣ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਵਾਲੇ ਪਿੰਡ ਦਿਉਣ ਦੇ ਕਿਸਾਨ ਜਗਤਾਰ ਸਿੰਘ ਅਤੇ ਪਿੰਡ ਚਾਉਕੇ ਦੇ ਕਿਸਾਨ ਪ੍ਰੇਮ ਸਿੰਘ ਦੇ ਖੇਤਾਂ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ, ਸਹਾਇਕ ਖੇਤੀਬਾੜੀ ਇੰਜੀਨੀਅਰ ਸ਼੍ਰੀ ਗੁਰਜੀਤ ਵਿਰਕ ਬਲਾਕ ਅਫ਼ਸਰ ਡਾ. ਬਲਜਿੰਦਰ ਸਿੰਘ, ਏਡੀਓ ਡਾ. ਸਰਬਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਪਿੰਡਾਂ ਸਰਪੰਚ ਅਤੇ ਮੋਹਤਬਾਰ ਵਿਅਕਤੀ ਆਦਿ ਹਾਜ਼ਰ ਸਨ।