15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ ਤਫਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਦੇ ਪਿੰਡ ਸਰਹਾਲੀ ਕਲਾਂ ਦੀ ਵਸਨੀਕ ਵੀਰੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਉਸਦੇ ਜਵਾਈ ਖ਼ਿਲਾਫ਼ ਥਾਣਾ ਸਦਰ ਵਿੱਚ ਦਰਜ ਇੱਕ ਪੁਲਿਸ ਕੇਸ ਵਿੱਚ ਉਸਦਾ ਪੱਖ ਲੈਣ ਬਦਲੇ 65,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਵਜੋਂ 24,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਰਿਸ਼ਵਤ ਵਜੋਂ ਲਈ ਪਹਿਲੀ ਕਿਸ਼ਤ ਦੇ 24,000 ਰੁਪਏ ਵੀ ਬਰਾਮਦ ਕਰ ਲਏ ਗਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੁਲਿਸ ਮੁਲਾਜ਼ਮ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
ਹੋਰ ਖ਼ਬਰਾਂ :-  ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

Leave a Reply

Your email address will not be published. Required fields are marked *