ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਜਾਗਰੂਕ ਕਰਨ ਸਬੰਧੀ ਜ਼ਿਲ੍ਹਾ ਪੱਧਰੀ ਕੋਆਰਡੀਨੇਟਰ ਅਤੇ ਮੋਨੇਟਰਿੰਗ ਕਮੇਟੀ ਦੀ ਮੀਟਿੰਗ ਹੋਈ

ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ ਹਾੜੀ 2024 ਦੌਰਾਨ ਕਣਕ ਦੇ ਨਾੜ ਦੀ ਸਾਂਭ-ਸੰਭਾਲ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਜਾਗਰੂਕ ਕਰਨ ਸਬੰਧੀ ਜ਼ਿਲ੍ਹਾ ਪੱਧਰੀ ਕੋਆਰਡੀਨੇਟਰ ਅਤੇ ਮੋਨੇਟਰਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਨੇ ਵੱਖ-ਵੱਖ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਭਰ ਦੇ ਪਿੰਡਾਂ/ਬਲਾਕਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕਰਦਿਆਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਉੱਪ ਮੰਡਲ ਮੈਜਿਸਟ੍ਰੇਟਸ ਨੂੰ ਹਦਾਇਤ ਕੀਤੀ ਕਿ ਕਣਕ ਦੇ ਨਾੜ/ਝੋਨੇ ਦੀ ਪਰਾਲੀ ਨੂੰ ਨਾ ਸਾੜਣ ਸਬੰਧੀ ਪ੍ਰਗਤੀ ਰਿਪੋਰਟ ਲੈਣ ਲਈ ਹਫ਼ਤਾਵਾਰ ਮੀਟਿੰਗਾਂ ਕੀਤੀਆਂ ਜਾਣ ਅਤੇ ਉਨ੍ਹਾਂ ਦੀ ਕਾਰਵਾਈ ਰਿਪੋਰਟ ਨਿਮਨ ਹਸਤਾਖਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਸਮੂਹ ਤਹਿਸੀਲਦਾਰ/ਨਾਇਬ ਤਹਿਸੀਲਦਾਰਾਂ ਨੂੰ ਕਿਹਾ ਕਿ ਉਹ ਆਪਣੇ ਨਾਲ ਸਬੰਧਤ ਦਫ਼ਤਰਾਂ ਵਿੱਚ ਕਣਕ ਦੇ ਨਾੜ/ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਸਬੰਧੀ ਸਲੋਗਨ/ਹੋਰਡਿੰਗਜ਼ ਲਗਾਉਣ ਤਾਂ ਜੋ ਸਬੰਧਤ ਦਫ਼ਤਰਾਂ ਵਿੱਚ ਆਉਣ ਵਾਲੇ ਕਿਸਾਨ ਇਸ ਬਾਰੇ ਜਾਗਰੂਕ ਹੋ ਸਕਣ।

 ਸ਼੍ਰੀ ਲਤੀਫ਼ ਅਹਿਮਦ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਹੋਣ ਵਾਲੇ ਸਰਕਾਰੀ ਸਮਾਗਮ/ਮੇਲੇ ਆਦਿ (ਜਿੱਥੇ ਕਿਸਾਨਾਂ ਦੁਆਰਾ ਭਾਗ ਲਿਆ ਜਾਂਦਾ ਹੈ) ਵਿਖੇ ਕਣਕ ਦੇ ਨਾੜ/ਝੋਨੇ ਦੀ ਪਰਾਲੀ ਨੂੰ ਨਾ ਸਾੜਣ ਸਬੰਧੀ ਸਲੋਗਨ/ਹੋਰਡਿੰਗਜ਼ ਲਗਾਏ ਜਾਣ ਤਾਂ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਸਕੇ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸੀਨੀਅਰ ਸਕੈਡੰਰੀ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕੈਂਪ/ਰੈਲੀਆਂ ਜਾਂ ਸੈਮੀਨਾਰ ਕਰਵਾਏ ਜਾਣ ਤਾਂ ਜੋ ਉਹ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਕਣਕ ਦੇ ਨਾੜ/ਝੋਨੇ ਦੀ ਪਰਾਲੀ ਨੂੰ ਨਾ ਸਾੜਣ ਸਬੰਧੀ ਜਾਗਰੂਕ ਕਰ ਸਕਣ।

ਹੋਰ ਖ਼ਬਰਾਂ :-  ਦਿਵਿਆਂਗਜਨਾਂ ਨੂੰ ਸਪੁਰਦ ਕੀਤੇ ਜਾਣਗੇ ਬਣਾਉਟੀ ਉਪਕਰਨ - ਡਿਪਟੀ ਕਮਿਸ਼ਨਰ ਲੁਧਿਆਣਾ

ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ਼ ਅਹਿਮਦ ਨੇ ਸਮੂਹ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਰੋਜ਼ਾਨਾ ਦੋ ਵਾਰ (ਸਵੇਰੇ ਅਤੇ ਸ਼ਾਮ) ਗੁਰਦੁਆਰੇ ਅਤੇ ਮੰਦਰਾਂ ਰਾਹੀਂ ਕਣਕ ਦੇ ਨਾੜ/ਝੋਨੇ ਦੀ ਪਰਾਲੀ ਨੂੰ ਨਾ ਸਾੜਣ ਸਬੰਧੀ ਅਨਾਉਸਮੈਂਟਸ ਕਰਵਾ ਕੇ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਨੋਡਲ ਅਫ਼ਸਰਾਂ ਦੁਆਰਾ ਜੇ ਫਾਰਮ ਹੋਲਡਰ ਕਿਸਾਨਾਂ ਦੀ ਸੂਚੀ ਅਨੁਸਾਰ ਕਿਸਾਨ ਨੂੰ ਫੋਨ ਕਾਲ ਦੁਆਰਾ ਕਣਕ ਦੇ ਨਾੜ/ਝੋਨੇ ਦੀ ਪਰਾਲੀ ਨੂੰ ਨਾ ਸਾੜਣ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਕਣਕ ਦੀ ਵਾਢੀ ਸਮੇਂ ਆਪਣੇ ਅਧੀਨ ਕੰਮ ਕਰ ਰਹੇ ਨੋਡਲ ਅਫ਼ਸਰਾਂ ਨੂੰ ਅਲਾਟ ਕੀਤੇ ਗਏ ਪਿੰਡਾਂ ਦਾ ਦੌਰਾ ਕਰਨ ਲਈ ਪਾਬੰਦ ਕੀਤਾ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਲਵਜੀਤ ਕਲਸੀ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਇਨਾਯਤ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਸ਼੍ਰੀ ਕੰਵਰਜੀਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ਼੍ਰੀ ਹਰਜਿੰਦਰ ਸਿੰਘ ਜੱਸਲ, ਉਪ ਮੰਡਲ ਮੈਜਿਸਟ੍ਰੇਟ ਮੌੜ ਸ਼੍ਰੀ ਨਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਕਰਨਜੀਤ ਸਿੰਘ, ਵਾਤਾਵਰਣ ਇੰਜੀਨਿਅਰ ਸ਼੍ਰੀ ਰਮਨਦੀਪ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਕਲੱਸਟਰ ਅਫ਼ਸਰਾਂ ਨੇ ਭਾਗ ਲਿਆ।

Leave a Reply

Your email address will not be published. Required fields are marked *