ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕੀਤੇ ਸੁਹਿਰਦ ਨਤੀਜੇ ਸਾਹਮਣੇ ਆ ਰਹੇ ਹਨ ਜਿਸਦੇ ਤਹਿਤ ਖਰੀਦ ਏਜੰਸੀਆਂ ਵੱਲੋਂ 24 ਘੰਟਿਆਂ ਵਿੱਚ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚੋਂ ਰਿਕਾਰਡ 44700 ਮੀਟਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਹੈ।
ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਸਾਰੇ ਖਰੀਦ ਸਟਾਕ ਨੂੰ ਚੁੱਕਣ ਤਾਂ ਜੋ ਦਾਣਾ ਮੰਡੀਆਂ ਵਿੱਚ ਆਉਣ ਵਾਲੀ ਤਾਜ਼ਾ ਫਸਲ ਲਈ ਵਧੇਰੇ ਥਾਂ ਉਪਲਬਧ ਹੋ ਸਕੇ। ਜ਼ਿਲ੍ਹੇ ਵਿੱਚ ਕੁੱਲ ਫਸਲ ਦੀ ਆਮਦ 676901.4 ਮੀਟ੍ਰਿਕ ਟਨ ਤੱਕ ਪਹੁੰਚ ਗਈ ਹੈ, ਜਿਸ ਵਿੱਚ ਖਰੀਦ ਏਜੰਸੀਆਂ ਵੱਲੋਂ 618013.45 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕਿਸਾਨਾਂ ਨੂੰ 1267.2 ਕਰੋੜ ਰੁਪਏ ਦੀਆਂ ਅਦਾਇਗੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਕਿ ਸਮੁੱਚੇ ਕਾਰਜ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਦੀ ਸਹੂਲਤ ਨੂੰ ਯਕੀਨੀ ਬਣਾਉਂਦੇ ਹੋਏ ਜ਼ਿਲ੍ਹੇ ਵਿੱਚ ਖਰੀਦ ਕਾਰਜਾਂ ਦੀ ਨਿਰੰਤਰ ਨਿਗਰਾਨੀ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ, ਪਖਾਨੇ ਦੀ ਸਹੂਲਤ, ਸੈਨੀਟਾਈਜ਼ਰ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਖਰੀਦ ਸੀਜ਼ਨ ਦੇ ਪੂਰਾ ਹੋਣ ਤੱਕ ਲਿਫਟਿੰਗ ਦੀ ਗਤੀ ਨੂੰ ਬਰਕਰਾਰ ਰੱਖਣ ਅਤੇ ਪੂਰੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਹਿਯੋਗ ਕਰਨ ਲਈ ਕਿਹਾ।