ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 97.56 ਫੀਸਦੀ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 369 ਜਲ ਸਪਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਸਨ ਅਤੇ ਇਨ੍ਹਾਂ ਵਿਚੋਂ 360 ਸਕੀਮਾਂ ਦੀ ਮੁਰੰਮਤ ਕਰ ਦਿੱਤੀਆਂ ਗਈਆਂ ਹਨ। ਸਿਰਫ 9 ਸਕੀਮਾਂ ਬਾਕੀ ਹਨ ਜਿਹੜੀਆਂ ਜਲਦ ਚਾਲੂ ਕਰ ਦਿੱਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜੁਲਾਈ ਦੇ ਦੂਜੇ ਹਫਤੇ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਸਨ ਅਤੇ ਨਿਰਦੇਸ਼ ਦਿੱਤੇ ਸਨ ਕਿ ਪ੍ਰਭਾਵਿਤ ਲੋਕਾਂ ਤੱਕ ਹਰ ਹਾਲ ਵਿਚ ਸਾਫ ਪੀਣਯੋਗ ਪਾਣੀ ਪੁੱਜਦਾ ਕੀਤਾ ਜਾਵੇ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀ ਵਿਭਾਗ ਦੇ ੳੇੁੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਸੀ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ।
ਕਾਬਿਲੇਗੌਰ ਹੈ ਕਿ ਜਿਹੜੀਆਂ ਜਲ ਸਪਲਾਈ ਸਕੀਮਾਂ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਸਨ ਉਨ੍ਹਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਬਦਲਵੇਂ ਪ੍ਰਬੰਧਾਂ ਰਾਹੀਂ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਸੀ ਅਤੇ ਜਿਨ੍ਹਾਂ ਇਲਾਕਿਆਂ ਵਿਚ ਪਾਈਪਾਂ ਰਾਹੀਂ ਪਾਣੀ ਨਹੀਂ ਪੁੱਜ ਸਕਦਾ ਸੀ ਉੱਥੇ ਲੋੜੀਂਦੀ ਮਾਤਰਾ ਵਿਚ ਪਾਣੀ ਦੇ ਟੈਂਕਰ ਭੇਜੇ ਗਏ ਸਨ।
ਜਿੰਪਾ ਨੇ ਦੱਸਿਆ ਕਿ ਰਾਜਪੁਰਾ ਡਵੀਜ਼ਨ ਦੀਆਂ 2 ਸਕੀਮਾਂ ਅਤੇ ਜਲੰਧਰ ਡਵੀਜ਼ਨ ਨੰਬਰ 3 ਦੀਆਂ 7 ਸਕੀਮਾਂ ਸਮੇਤ ਕੁੱਲ 9 ਸਕੀਮਾਂ ‘ਤੇ ਮੁਰੰਮਤ ਦਾ ਕੰਮ ਜਾਰੀ ਹੈ ਅਤੇ ਜਲਦ ਹੀ ਇਹ ਸਕੀਮਾਂ ਵੀ ਕਾਰਜਸ਼ੀਲ ਹੋ ਜਾਣਗੀਆਂ। ਦੋਵਾਂ ਸਰਕਲਾਂ ਦੇ ਅਧਿਕਾਰੀ ਤੇ ਕਰਮਚਾਰੀ ਇਨ੍ਹਾਂ ਦੀ ਮੁਰੰਮਤ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ।