ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਿੱਢੀ ਗਈ ਮੁਹਿੰਮ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਕੈਂਪ ਆਮ ਲੋਕਾਂ ਲਈ ਬਹੁਤ ਹੀ ਸਹਾਈ ਸਿੱਧ ਹੋਣਗੇ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਮੰਦਿਰ ਕਲੋਨੀ ਨੇੜੇ ਐਨਐਫਐਲ ਵਿਖੇ ਲਗਾਏ ਗਏ ਕੈਂਪ ਦੀ ਸ਼ੁਰੂਆਤ ਦੌਰਾਨ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਦੌਰਾਨ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਉਨ੍ਹਾਂ ਦੇ ਦਰਾਂ ਤੇ ਮੁਹੱਈਆ ਕਰਵਾਉਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਨਾਲ ਜਿੱਥੇ ਆਮ ਲੋਕਾਂ ਦੇ ਸਮੇਂ ਤੇ ਪੈਸੇ ਦੀ ਬੱਚਤ ਹੋਵੇਗੀ ਉੱਥੇ ਹੀ ਉਨ੍ਹਾਂ ਨੂੰ ਦਫ਼ਤਰੀ ਚੱਕਰਾਂ ਤੋਂ ਵੀ ਰਾਹਤ ਮਿਲੇਗੀ। ਇਸ ਮੌਕੇ ਉਨ੍ਹਾਂ ਬਠਿੰਡਾ ਸਹਿਰ ਅੰਦਰ ਚੱਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕੈਂਪ ਦੌਰਾਨ ਲੋੜਵੰਦ ਲਾਭਪਾਤਰੀਆਂ ਨੂੰ ਸਰਟੀਫਿਕੇਟ ਅਤੇ ਮਾਲੀ ਮੱਦਦ ਦੇ ਚੈੱਕ ਵੀ ਵੰਡੇ ਗਏ।
ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਚ 302 ਪਿੰਡਾਂ ਵਿੱਚ ਇਹ ਸਪੈਸ਼ਲ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਤੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕਰਨਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਲਗਾਏ ਜਾਣ ਵਾਲੇ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ 4 ਸਬ-ਡਵੀਜ਼ਨਾਂ ਬਠਿੰਡਾ, ਮੌੜ, ਤਲਵੰਡੀ ਸਾਬੋ ਅਤੇ ਰਾਮਪੁਰਾ ਫੂਲ ਵਿਖੇ ਵੱਖ-ਵੱਖ ਸਥਾਨਾਂ ਤੇ ਲਗਾਏ ਗਏ 16 ਕੈਂਪਾਂ ਦੌਰਾਨ ਲੋੜਵੰਦ ਲਾਭਪਾਤਰੀਆਂ ਵਲੋਂ ਲਾਹਾ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਲੋੜਵੰਦ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੈਂਪ ਚ ਆਉਣ ਸਮੇਂ ਆਪਣੇ ਨਾਲ 2 ਪਾਸਪੋਰਟ ਸਾਈਜ਼ ਫੋਟੋਆਂ ਤੋਂ ਇਲਾਵਾ ਆਧਾਰ ਕਾਰਡ/ਪੈਨ ਕਾਰਡ/ਰਾਸ਼ਨ ਕਾਰਡ/ਵੋਟ ਕਾਰਡ/ਜਨਮ ਸਰਟੀਫ਼ਿਕੇਟ/ਡਰਾਈਵਿੰਗ ਲਾਇਸੰਸ ਆਦਿ ਦੀ ਕੋਈ ਇੱਕ ਫੋਟੋ ਕਾਪੀ ਬਤੌਰ ਸ਼ਨਾਖਤ ਲਈ ਜ਼ਰੂਰ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਦੇਣੀਆਂ ਸ਼ੁਰੂ ਕੀਤੀਆਂ ਗਈਆਂ 44 ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸਰਕਾਰ ਵਲੋਂ ਜਾਰੀ ਕੀਤੇ ਗਏ ਟੋਲ ਫ਼ਰੀ ਨੰਬਰ 1076 ’ਤੇ ਕਾਲ ਕਰਕੇ ਇਨ੍ਹਾਂ ਸਕੀਮਾਂ ਦਾ ਲਾਹਾ ਲਿਆ ਜਾ ਸਕਦਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਵਲੋਂ ਆਪੋਂ-ਆਪਣੇ ਵਿਭਾਗ ਦੁਆਰਾ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦੇ ਮੱਦੇਨਜ਼ਰ ਲਗਾਈਆਂ ਗਈਆਂ ਸਟਾਲਾਂ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ ਗਿਆ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਮੈਡਮ ਇਨਾਯਤ, ਨਗਰ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਸੰਦੀਪ ਗੁਪਤਾ, ਐਮਸੀ ਸ੍ਰੀ ਸੁਖਦੀਪ ਸਿੰਘ ਢਿੱਲੋ, ਆਪ ਆਗੂ ਸ. ਗੁਰਜੰਟ ਸਿਵੀਆ, ਸ. ਬੱਲੀ ਬਲਜੀਤ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਮ ਲੋਕ ਆਦਿ ਹਾਜ਼ਰ ਸਨ।