‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ ਪੰਜਾਬ ਵਿੱਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਦੇ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਲਈ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਜੂਨ ਨੂੰ ਜ਼ਰੂਰ ਵੋਟ ਪਾਉਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਮੇਂ ਰਿਕਾਰਡ ਤੋੜ ਗਰਮੀ ਪੈ ਰਹੀ ਹੈ, ਪਰ ਤੁਹਾਡੀ ਵੋਟ ਵੀ ਬਹੁਤ ਹੀ ਜ਼ਰੂਰੀ ਹੈ।
ਰੋਡ ਸ਼ੋਅ ਵਿੱਚ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੁਝ ਅਖ਼ਬਾਰਾਂ, ਜਿਨ੍ਹਾਂ ਦੇ ਮਾਲਕ ਸਾਡੇ ਸ਼ਹੀਦਾਂ ਦੇ ਕਫਨਾਂ ਦਾ ਪੈਸਾ ਖਾ ਗਏ ਅਤੇ ਹੁਣ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਵੱਲੋਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਕਿ ਅਸੀਂ ਰਾਸ਼ਨ ਕਾਰਡ ਰੱਦ ਕਰ ਦੇਵਾਂਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕੋਰਾ ਝੂਠ ਅਤੇ ਬੇਬੁਨਿਆਦ ਅਫ਼ਵਾਹ ਹੈ। ਉਹ ਚੋਣਾਂ ਤੋਂ ਠੀਕ ਪਹਿਲਾਂ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੇ ਹਨ। ਲੋਕਾਂ ਨੂੰ ਅਜਿਹੀਆਂ ਅਫ਼ਵਾਹ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਅਜਿਹੀਆਂ ਖ਼ਬਰਾਂ ‘ਤੇ ਧਿਆਨ ਨਹੀਂ ਦੇਣਾ ਚਾਹੀਦਾ।
ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਰਾਸ਼ਨ ਕਾਰਡ ਰੱਦ ਨਹੀਂ ਕੀਤਾ ਜਾਵੇਗਾ, ਸਗੋਂ ਜਿਨ੍ਹਾਂ ਲੋਕਾਂ ਕੋਲ ਅਜੇ ਤੱਕ ਰਾਸ਼ਨ ਕਾਰਡ ਨਹੀਂ ਹਨ, ਉਨ੍ਹਾਂ ਨੂੰ ਵੀ ਰਾਸ਼ਨ ਕਾਰਡ ਜਾਰੀ ਕੀਤੇ ਜਾਣਗੇ। ਮਾਨ ਨੇ ਕਿਹਾ ਕਿ ਉਹ ਆਮ ਲੋਕਾਂ ਲਈ ਕੋਈ ਵੀ ਸਹੂਲਤ ਬੰਦ ਕਰਨ ਬਾਰੇ ਸੋਚ ਵੀ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਦੇ ਵੀ ਕੋਈ ਭੁੱਖਾ ਨਹੀਂ ਸੌਵੇਂਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਹਿਲਾਂ ਵਾਂਗ ਹੀ ਕਣਕ ਅਤੇ ਆਟਾ ਵੰਡੇਗੀ ਅਤੇ ਲੋਕਾਂ ਨੂੰ ਉੱਚ ਗੁਣਵੱਤਾ ਵਾਲੀ ਕਣਕ ਹੀ ਮਿਲੇਗੀ।
ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਉਨ੍ਹਾਂ ‘ਤੇ ਜਾਂ ਅਰਵਿੰਦ ਕੇਜਰੀਵਾਲ ‘ਤੇ ਇਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਕਰਨ ਦਾ ਦੋਸ਼ ਨਹੀਂ ਲਗਾ ਸਕਦਾ। ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਲੋਕਾਂ ਨੂੰ ਮੁਫ਼ਤ ਬਿਜਲੀ ਦੇ ਰਹੇ ਹਨ, ਸਕੂਲ ਅਤੇ ਹਸਪਤਾਲ ਬਣਾ ਰਹੇ ਹਨ। ਉਨ੍ਹਾਂ ਨੇ ਪੰਜਾਬ ਲਈ ਇੱਕ ਥਰਮਲ ਪਾਵਰ ਪਲਾਂਟ ਵੀ ਖ਼ਰੀਦਿਆ ਹੈ। ਸਿਰਫ਼ ਪੰਜਾਬ ਵਿਰੋਧੀ ਅਤੇ ਭ੍ਰਿਸ਼ਟ ਤਾਕਤਾਂ ਹੀ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਇਨ੍ਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਉਹ (ਦੂਸਰੀਆਂ ਪਾਰਟੀਆਂ) ਵੀ ਵੋਟਾਂ ਲਈ ਪੈਸੇ ਵੰਡਣਗੀਆਂ, “ਪੈਸੇ ਲੈਣ ਤੋਂ ਇਨਕਾਰ ਨਾ ਕਰਿਓ”। ਪਰ ਪੈਸੇ ਲੈ ਕੇ ਆਪਣੀ ਮਰਜ਼ੀ ਅਨੁਸਾਰ ਅਤੇ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਹੀ ਵੋਟ ਪਾਓ। ਮਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਵਾਅਦਾ ਕੀਤਾ ਕਿ ਪਹਿਲੀ ਜੂਨ ਤੋਂ ਬਾਅਦ ਸਭ ਕੁਝ ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ।
ਭਗਵੰਤ ਮਾਨ ਨੇ ਪਟਿਆਲਾ ਦੇ ਕੈਪਟਨ ਪਰਿਵਾਰ ‘ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ ਮੁਗ਼ਲ ਸਾਮਰਾਜ ਦੌਰਾਨ ਉਨ੍ਹਾਂ ਦਾ ਪਰਿਵਾਰ ਮੁਗ਼ਲਾਂ ਦੇ ਨਾਲ ਸੀ, ਅੰਗਰੇਜ਼ਾਂ ਦੇ ਰਾਜ ਦੌਰਾਨ ਉਹ ਅੰਗਰੇਜ਼ਾਂ ਨਾਲ ਰਲ ਗਏ ਸਨ, ਅਕਾਲੀ ਸਰਕਾਰ ਦੇ ਸਮੇਂ ਉਹ ਅਕਾਲੀ ਸਨ ਅਤੇ ਕਾਂਗਰਸ ਦੇ ਰਾਜ ਦੌਰਾਨ ਉਹ ਕਾਂਗਰਸ ‘ਚ ਸਨ। ਹੁਣ ਭਾਜਪਾ ਦੀ ਸਰਕਾਰ ਹੈ, ਇਸ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋ ਗਿਆ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਲੋਕਾਂ ਦਾ ਸਾਥ ਨਹੀਂ ਦਿੱਤਾ ਅਤੇ ਨਾ ਹੀ ਕਦੇ ਆਮ ਲੋਕਾਂ ਲਈ ਕੁਝ ਕੀਤਾ ਹੈ।
ਭਗਵੰਤ ਮਾਨ ਨੇ ‘ਆਪ’ ਦੇ ਰੋਡ ਸ਼ੋਅ ‘ਚ ਵੱਡੀ ਗਿਣਤੀ ‘ਚ ਸ਼ਾਮਿਲ ਹੋਣ ‘ਤੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਸਮਰਥਨ ਉਨ੍ਹਾਂ ਨੂੰ ਥੱਕਣ ਨਹੀਂ ਦਿੰਦਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰ ਡਾ. ਬਲਬੀਰ ਸਿੰਘ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਸੰਸਦ ਵਿੱਚ ਭੇਜਣ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਮੋਦੀ ਦੀ ਰੈਲੀ ਵਿੱਚ ਭੀੜ ਦਿਖਾਉਣ ਲਈ 400 ਰੁਪਏ ਪ੍ਰਤੀ ਵਿਅਕਤੀ ਦਿਹਾੜੀ ‘ਤੇ ਲੋਕ ਲੈ ਕੇ ਆਏ ਸਨ ਅਤੇ ਬਾਅਦ ਵਿੱਚ ਉਨ੍ਹਾਂ ਲੋਕਾਂ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਭਗਵੰਤ ਮਾਨ ਨੇ ਆਪਣੀ ਮਸ਼ਹੂਰ ਕਿੱਕਲੀ-2 ਵੀ ਸੁਣਾਈ।