ਫ਼ਰੀਦਕੋਟ, 11 ਨਵੰਬਰ
ਜ਼ਿਲ੍ਹੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਪੇਸ਼ ਕੀਤੇ ਗਏ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕਰਦਿਆਂ ਉਨ੍ਹਾਂ ਦੇ ਵਿਹਾਰਕ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਵਪਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਵਪਾਰੀਆਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਨਾਲ ਹੀ ਸਮੱਸਿਆਵਾਂ ਦਾ ਪ੍ਰਭਾਵਸ਼ਾਲੀ ਹੱਲ ਕੀਤਾ ਜਾ ਸਕਦਾ ਹੈ। ਇਸ ਲਈ ਵਪਾਰੀ ਵਰਗ ਵੱਲੋਂ ਉਠਾਏ ਗਏ ਮਸਲਿਆਂ ਨੂੰ ਤਰਜੀਹ ਦੇ ਆਧਾਰ ਤੇ ਵਿਚਾਰਿਆ ਜਾਵੇ।
ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਨਾਲ ਸਬੰਧਤ ਮਾਮਲਿਆਂ ਵਿੱਚ ਬੇਲੋੜੀ ਦੇਰੀ ਨਾ ਕੀਤੀ ਜਾਵੇ ਅਤੇ ਹਰੇਕ ਸ਼ਿਕਾਇਤ ਦੀ ਗੰਭੀਰਤਾ ਨਾਲ ਪੜਤਾਲ ਕਰਕੇ ਉਸ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਮਾਮਲੇ ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਹੱਲ ਹੋ ਸਕਦੇ ਹਨ, ਉਨ੍ਹਾਂ ਸਬੰਧੀ ਸਾਂਝੇ ਤੌਰ ’ਤੇ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਹਿਰ ਦੀ ਸਫ਼ਾਈ ਵਿਵਸਥਾ, ਸਟਰੀਟ ਲਾਈਟਾਂ, ਪਾਰਕਿੰਗ ਅਤੇ ਹੋਰ ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਬਿਹਤਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਇਸੇ ਤਰ੍ਹਾਂ ਪਾਵਰਕਾਮ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਆਪਣੇ ਵਿਭਾਗ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਨਾਲ ਨਿਰੰਤਰ ਸੰਪਰਕ ਬਣਾਈ ਰੱਖੇਗਾ ਅਤੇ ਉਨ੍ਹਾਂ ਵੱਲੋਂ ਸੁਝਾਏ ਗਏ ਚੰਗੇ ਵਿਚਾਰਾਂ ਨੂੰ ਵੀ ਬਣਦੀ ਤਵੱਜੋ ਦਿੱਤੀ ਜਾਵੇਗੀ, ਤਾਂ ਜੋ ਸ਼ਹਿਰ ਵਿੱਚ ਵਪਾਰਕ ਮਾਹੌਲ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।
ਇਸ ਮੌਕੇ ਚੇਅਰਮੈਨ ਵਪਾਰ ਮੰਡਲ ਸ੍ਰੀ ਨਰੇਸ਼ ਸਿੰਗਲਾ, ਈ.ਓ ਨਗਰ ਕੌਂਸਲ ਫਰੀਦਕੋਟ ਸ੍ਰੀ ਅੰਮ੍ਰਿਤ ਲਾਲ, ਉੱਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਪਵਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।