ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Additional District Election Officer holds meeting with representatives of political parties regarding rationalization of polling stations
ਜਲੰਧਰ, 22 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਵੱਲੋਂ ਅੱਜ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਨੂੰ ਮੁੱਖ ਰੱਖਦਿਆਂ ਪੋਲਿੰਗ ਬੂਥਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਜ਼ਿਲ੍ਹੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। 
 
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ ਅਤੇ ਇਸ ਦੌਰਾਨ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਅਤੇ 9 ਵਿਧਾਨ ਸਭਾ ਹਲਕਿਆਂ ਵਿੱਚ ਪਹਿਲਾਂ ਵਾਂਗ 1997 ਪੋਲਿੰਗ ਸਟੇਸ਼ਨ ਹੀ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ ਫਿਲੌਰ ਵਿੱਚ 244, ਨਕੋਦਰ ਵਿੱਚ 255, ਸ਼ਾਹਕੋਟ ਵਿੱਚ 252, ਕਰਤਾਰਪੁਰ ਵਿੱਚ 225, ਜਲੰਧਰ ਪੱਛਮੀ ਵਿੱਚ 192, ਜਲੰਧਰ ਕੇਂਦਰੀ ਵਿੱਚ 191, ਜਲੰਧਰ ਉੱਤਰੀ ਵਿੱਚ 204, ਜਲੰਧਰ ਛਾਉਣੀ ਵਿੱਚ 218 ਅਤੇ ਵਿਧਾਨ ਸਭਾ ਚੋਣ ਹਲਕਾ ਆਦਮਪੁਰ ਵਿੱਚ 216 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ।
 
ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਸਬੰਧੀ ਜਾਰੀ ਸ਼ਡਿਊਲ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 12 ਨਵੰਬਰ 2026 ਨੂੰ ਹੋਵੇਗੀ, ਜਿਸ ’ਤੇ 11 ਦਸੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 28 ਦਸੰਬਰ 2026 ਤੱਕ ਕੀਤਾ ਜਾਵੇਗਾ ਅਤੇ 4 ਜਨਵਰੀ 2027 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਇਸ ਮੌਕੇ ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਵੀ ਮੌਜੂਦ ਸਨ।
 
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਅੰਤਿਮ ਵੋਟਰ ਸੂਚੀ ਅਨੁਸਾਰ ਜ਼ਿਲ੍ਹੇ ਵਿੱਚ 778194 ਪੁਰਸ਼, 747203 ਮਹਿਲਾ ਅਤੇ 53 ਥਰਡ ਜੈਂਡਰ ਵੋਟਰਾਂ ਸਮੇਤ ਕੁੱਲ 1525450 ਵੋਟਰ ਹਨ। 
 
ਉਨ੍ਹਾਂ ਦੱਸਿਆ ਕਿ ਯੋਗ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ 25 ਅਕਤੂਬਰ ਨੂੰ ਲਗਾਇਆ ਜਾਣ ਵਾਲਾ ਵਿਸ਼ੇਸ਼ ਕੈਂਪ ਹੁਣ 24 ਅਕਤੂਬਰ (ਸ਼ਨੀਵਾਰ) ਨੂੰ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਅੰਤਿਮ ਵੋਟਰ ਸੂਚੀ ਸਮੇਤ ਹਾਜ਼ਰ ਰਹਿਣਗੇ ਅਤੇ ਲੋਕਾਂ ਨੂੰ ਆਪਣੇ ਨਾਂ ਦੀ ਜਾਂਚ ਕਰਨ ਵਿੱਚ ਸਹਾਇਤਾ ਕਰਨਗੇ। ਨਾਲ ਹੀ, ਵੋਟਰ ਸੂਚੀ ਵਿੱਚ ਨਾਂ ਦਰਜ ਕਰਵਾਉਣ ਤੋਂ ਰਹਿ ਗਏ ਯੋਗ ਵਿਅਕਤੀਆਂ ਅਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਨੂੰ ਨਾਂ ਦਰਜ ਕਰਵਾਉਣ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, 6ਏ ਅਤੇ 8 ਭਰਨ ਅਤੇ ਜਮ੍ਹਾ ਕਰਵਾਉਣ ਵਿੱਚ ਵੀ ਸਹਿਯੋਗ ਕੀਤਾ ਜਾਵੇਗਾ।
 
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦੱਸਿਆ ਨੇ ਜ਼ਿਲ੍ਹਾ ਚੋਣ ਦਫ਼ਤਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਦਫ਼ਤਰਾਂ ਵਿੱਚ ਹੈਲਪ ਡੈਸਕ ਵੀ ਸਥਾਪਤ ਕੀਤੇ ਗਏ ਹਨ, ਜਿਸ ਰਾਹੀਂ ਵੋਟਰ ਆਪਣਾ ਨਾਮ ਅੰਤਿਮ ਵੋਟਰ ਸੂਚੀ ਵਿੱਚ ਚੈੱਕ/ਵੈਰੀਫਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਹੈਲਪਲਾਈਨ ਨੰਬਰ 1950 ’ਤੇ ਕਾਲ ਕਰਕੇ ਕੋਈ ਵੀ ਵੋਟਰ ਆਪਣੀ ਵੋਟ ਜਾਂ ਵੋਟਰ ਸੂਚੀ ਸਬੰਧੀ ਕੋਈ ਵੀ ਸੁਵਿਧਾ ਪ੍ਰਾਪਤ ਕਰ ਸਕਦਾ ਹੈ। 
 
ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਸਹਿਯੋਗ ਦੇਣ ਅਤੇ ਆਮ ਲੋਕਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਂ ਅੰਤਿਮ ਵੋਟਰ ਸੂਚੀ ਵਿੱਚ ਜ਼ਰੂਰ ਚੈੱਕ ਕਰਨ ਅਤੇ ਜੇਕਰ ਨਾਂ ਦਰਜ ਨਹੀਂ ਹੈ ਤਾਂ ਨਿਰਧਾਰਤ ਪ੍ਰਕਿਰਿਆ ਅਨੁਸਾਰ ਰਜਿਸਟ੍ਰੇਸ਼ਨ ਕਰਵਾਉਣ। 
 
ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਅਤੇ ਚੋਣ ਸਟਾਫ਼ ਮੌਜੂਦ ਸੀ। 
ਹੋਰ ਖ਼ਬਰਾਂ :-  ਰਾਹੁਲ ਗਾਂਧੀ 'ਤੇ ਦਰਜ ਹੋਏ ਕੇਸ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ

Leave a Reply

Your email address will not be published. Required fields are marked *