ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

Amritsar Police recovers 1,210 lost mobile phones worth Rs 3.07 crore and returns them to their rightful owners

ਚੰਡੀਗੜ੍ਹ/ਅੰਮ੍ਰਿਤਸਰ, 22 ਨਵੰਬਰ: ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਅਸਲ ਮਾਲਕਾਂ ਤੱਕ ਵਾਪਸ ਪਹੁੰਚਾਉਣ ਦੀਆਂ ਆਪਣੀਆਂ ਲਗਾਤਾਰ ਕੋਸ਼ਿਸ਼ਾਂ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸੈਂਟਰਲ ਇਕੁਇਪਮੈਂਟ ਆਈਡੈਂਟਿਟੀ ਰਜਿਸਟਰ (ਸੀਈਆਈਆਰ) ਪੋਰਟਲ ਦੀ ਮਦਦ ਨਾਲ ਹੁਣ ਤੱਕ ਕੁੱਲ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪ ਦਿੱਤੇ ਹਨ। ਬਰਾਮਦ ਕੀਤੇ ਗਏ ਇਨ੍ਹਾਂ ਮੋਬਾਈਲ ਫ਼ੋਨਾਂ ਦੀ ਕੁੱਲ ਅਨੁਮਾਨਿਤ ਬਾਜ਼ਾਰੀ ਕੀਮਤ ਲਗਪਗ 3.07 ਕਰੋੜ ਰੁਪਏ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਕਿਹਾ, “ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਦਾ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ ਸੀ.ਈ.ਆਈ.ਆਰ. ਪੋਰਟਲ ਦੀ ਸੁਚੱਜੀ ਵਰਤੋਂ ਰਾਹੀਂ ਗੁੰਮ ਹੋਏ ਮੋਬਾਈਲ ਫ਼ੋਨਾਂ ਨੂੰ ਲੱਭ ਕੇ ਉਨ੍ਹਾਂ ਦੇ ਅਸਲ ਮਾਲਕਾਂ ਦਾ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।”

ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜ ਵਿਸ਼ੇਸ਼ ਸੈਮੀਨਾਰ/ਕਾਨਫਰੰਸਾਂ ਕਰਵਾਈਆਂ ਜਾ ਚੁੱਕੀਆਂ ਹਨ, ਜਿਸ ਦੌਰਾਨ ਸਾਰੇ ਬਰਾਮਦ ਕੀਤੇ ਗਏ 1,210 ਮੋਬਾਈਲ ਫ਼ੋਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪੇ ਗਏ।

ਪੁਲੀਸ ਕਮਿਸ਼ਨਰ (ਅੰਮ੍ਰਿਤਸਰ) ਨੇ ਦੱਸਿਆ, “ਬਰਾਮਦ ਕੀਤੇ ਗਏ ਫ਼ੋਨਾਂ ਵਿੱਚ ਲਗਪਗ 30 ਐਪਲ ਆਈਫ਼ੋਨ ਅਤੇ 1,180 ਐਂਡਰਾਇਡ ਫ਼ੋਨ ਸ਼ਾਮਲ ਹਨ, ਜਿਨ੍ਹਾਂ ਦੀ ਕੁੱਲ ਅਨੁਮਾਨਿਤ ਬਾਜ਼ਾਰੀ ਕੀਮਤ ਲਗਭਗ 3,07,00,000 ਰੁਪਏ ਹੈ। ਸਮਰਪਿਤ ਪੁਲੀਸ ਟੀਮਾਂ ਨੇ ਆਧੁਨਿਕ ਤਕਨੀਕੀ ਸਾਧਨਾਂ ਦੀ ਵਰਤੋਂ ਕਰਦਿਆਂ ਅਤੇ ਵੱਖ-ਵੱਖ ਸੂਬਿਆਂ ਦੀਆਂ ਪੁਲੀਸ ਇਕਾਈਆਂ ਨਾਲ ਤਾਲਮੇਲ ਰਾਹੀਂ ਨਾ ਸਿਰਫ਼ ਸਥਾਨਕ ਇਲਾਕਿਆਂ ਵਿੱਚੋਂ, ਸਗੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਵੀ ਇਨ੍ਹਾਂ ਮੋਬਾਈਲ ਫ਼ੋਨਾਂ ਦਾ ਸਫ਼ਲਤਾਪੂਰਵਕ ਪਤਾ ਲਗਾਇਆ ਹੈ, ਜਿਨ੍ਹਾਂ ਵਿੱਚ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ, ਬਰੇਲੀ, ਹਰਿਆਣਾ ਅਤੇ ਤਾਮਿਲਨਾਡੂ ਸਮੇਤ ਹੋਰ ਥਾਵਾਂ ਸ਼ਾਮਲ ਹਨ।”

ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਅੰਮ੍ਰਿਤਸਰ ਪੁਲੀਸ ਦੇ ਮਜ਼ਬੂਤ ਅੰਤਰ-ਰਾਜੀ ਤਾਲਮੇਲ, ਤਕਨੀਕੀ ਮੁਹਾਰਤ ਅਤੇ ਸਰਗਰਮ ਯਤਨਾਂ ਨੂੰ ਦਰਸਾਉਂਦੀ ਹੈ।

ਇਸ ਸਫ਼ਲ ਮੁਹਿੰਮ ਵਿੱਚ ਐਲ.ਆਰ./ਏ.ਐਸ.ਆਈ. ਮਨਜਿੰਦਰ ਕੌਰ, ਬੈਲਟ ਨੰਬਰ 496/ਸੀ.ਪੀ.-ਏ.ਐਸ.ਆਰ. ਅਤੇ ਉਨ੍ਹਾਂ ਦੀ ਸਮਰਪਿਤ ਟੀਮ ਨੇ ਅਹਿਮ ਭੂਮਿਕਾ ਨਿਭਾਈ ਹੈ। ਮਨਜਿੰਦਰ ਕੌਰ ਨੇ ਮਾਰਚ 2025 ਵਿੱਚ ਸਾਈਬਰ ਕ੍ਰਾਈਮ ਥਾਣੇ ਵਿੱਚ ਆਪਣੀ ਡਿਊਟੀ ਸੰਭਾਲੀ ਸੀ। ਉਦੋਂ ਤੋਂ ਹੀ ਉਹ ਅਤੇ ਉਨ੍ਹਾਂ ਦੀ ਟੀਮ ਆਧੁਨਿਕ ਤਕਨਾਲੋਜੀ ਰਾਹੀਂ ਗੁੰਮ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਅਸਲ ਮਾਲਕਾਂ ਤੱਕ ਵਾਪਸ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ।

ਹੋਰ ਖ਼ਬਰਾਂ :-  ਪੰਜਾਬ ਸਰਕਾਰ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਬਸੰਤ ਗਰਗ

ਪੁਲੀਸ ਕਮਿਸ਼ਨਰ (ਅੰਮ੍ਰਿਤਸਰ) ਨੇ ਦੱਸਿਆ ਕਿ ਸੀ.ਈ.ਆਈ.ਆਰ. ਪੋਰਟਲ ਭਾਰਤ ਸਰਕਾਰ ਦੇ ਦੂਰਸੰਚਾਰ ਵਿਭਾਗ ਦੀ ਇੱਕ ਮਹੱਤਵਪੂਰਨ ਪਹਿਲਕਦਮੀ ਹੈ, ਜੋ ਗੁੰਮ ਜਾਂ ਚੋਰੀ ਹੋਏ ਮੋਬਾਈਲ ਫ਼ੋਨਾਂ ਨੂੰ ਉਨ੍ਹਾਂ ਦੇ ਵਿਲੱਖਣ ਆਈ.ਐਮ.ਈ.ਆਈ. ਨੰਬਰਾਂ ਰਾਹੀਂ ਬਲਾਕ ਅਤੇ ਟਰੇਸ ਕਰਨ ਦੀ ਸਹੂਲਤ ਦਿੰਦੀ ਹੈ। ਉਨ੍ਹਾਂ ਕਿਹਾ, “ਇਸ ਪੋਰਟਲ ਦੀ ਪ੍ਰਭਾਵਸ਼ਾਲੀ ਵਰਤੋਂ ਮੋਬਾਈਲ ਫੋਨ ਵਰਗੇ ਉਪਕਰਨਾਂ ਦੀ ਦੁਰਵਰਤੋਂ ਨੂੰ ਰੋਕਣ ਅਤੇ ਇਨ੍ਹਾਂ ਨੂੰ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਵਾਪਸ ਸੌਂਪਣ ਵਿੱਚ ਵਧੇਰੇ ਮਦਦਗਾਰ ਸਿੱਧ ਹੋ ਰਹੀ ਹੈ।”

ਆਮ ਲੋਕਾਂ ਨੂੰ ਅਪੀਲ ਕਰਦਿਆਂ ਪੁਲੀਸ ਕਮਿਸ਼ਨਰ (ਅੰਮ੍ਰਿਤਸਰ) ਨੇ ਨਾਗਰਿਕਾਂ ਨੂੰ ਕਿਹਾ ਕਿ ਉਹ ਆਪਣੇ ਮੋਬਾਈਲ ਫ਼ੋਨ ਗੁੰਮ ਜਾਂ ਚੋਰੀ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਪੁਲੀਸ ਥਾਣੇ ਜਾਂ ਸਾਂਝ ਕੇਂਦਰ ਵਿੱਚ ਰਿਪੋਰਟ ਦਰਜ ਕਰਵਾਉਣ ਅਤੇ ਭਾਰਤ ਸਰਕਾਰ ਦੇ ਸੀ.ਈ.ਆਈ.ਆਰ. ਪੋਰਟਲ ‘ਤੇ ਵੀ ਸ਼ਿਕਾਇਤ ਦਰਜ ਕਰਨ। ਉਨ੍ਹਾਂ ਅੱਗੇ ਕਿਹਾ, “ਇਸ ਨਾਲ ਅਧਿਕਾਰੀਆਂ ਨੂੰ ਗੁੰਮ ਹੋਏ ਫ਼ੋਨਾਂ ਨੂੰ ਬਲਾਕ ਕਰਨ ਅਤੇ ਲੱਭਣ ਵਿੱਚ ਮਦਦ ਮਿਲਦੀ ਹੈ।”

ਪੁਲੀਸ ਕਮਿਸ਼ਨਰ ਨੇ ਕਿਹਾ ਕਿ ਇਹ ਪ੍ਰਾਪਤੀ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਦੀ ਨਾਗਰਿਕ-ਪੱਖੀ ਪੁਲੀਸਿੰਗ, ਤਕਨਾਲੋਜੀ ਦੀ ਸੁਚੱਜੀ ਵਰਤੋਂ, ਅੰਤਰ-ਰਾਜੀ ਤਾਲਮੇਲ ਅਤੇ ਲੋਕ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ, “ਗੁੰਮ ਹੋਏ ਮੋਬਾਈਲ ਫ਼ੋਨਾਂ ਦੀ ਬਰਾਮਦਗੀ ਅਤੇ ਵਾਪਸੀ ਨਾਲ ਨਾਗਰਿਕਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਪੁਲੀਸ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ।”

ਪੁਲੀਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਅੰਮ੍ਰਿਤਸਰ ਪੁਲੀਸ ਦਾ ਮੁੱਖ ਉਦੇਸ਼ ਲੋਕਾਂ ਦੀ ਸੇਵਾ ਕਰਨਾ, ਉਨ੍ਹਾਂ ਦੀ ਗੁੰਮ ਹੋਈ ਚੀਜ਼ ਵਾਪਸ ਦਿਵਾਉਣ ਵਿੱਚ ਮਦਦ ਕਰਨਾ, ਉਨ੍ਹਾਂ ਦੇ ਚਿਹਰਿਆਂ ‘ਤੇ ਮੁਸਕਾਨ ਵਾਪਸ ਲਿਆਉਣਾ ਅਤੇ ਪੁਲੀਸ ਪ੍ਰਤੀ ਜਨਤਾ ਦੇ ਵਿਸ਼ਵਾਸ ਨੂੰ ਹੋਰ ਪੱਕਾ ਕਰਨਾ ਹੈ। ਉਨ੍ਹਾਂ ਕਿਹਾ, “ਸਾਡਾ ਮਿਸ਼ਨ ਲੋਕਾਂ ਨੂੰ ਉਨ੍ਹਾਂ ਦੇ ਗੁੰਮ ਹੋਏ ਮੋਬਾਈਲ ਫ਼ੋਨ ਲੱਭਣ ਵਿੱਚ ਮਦਦ ਕਰਨਾ, ਉਨ੍ਹਾਂ ਦੇ ਚਿਹਰਿਆਂ ‘ਤੇ ਮੁਸਕਾਨ ਵਾਪਸ ਲਿਆਉਣਾ ਅਤੇ ਲੋਕਾਂ ਦਾ ਵਿਸ਼ਵਾਸ ਜਿੱਤਣਾ ਹੈ।”

——-

 

Leave a Reply

Your email address will not be published. Required fields are marked *